Golf Range Mohali : ਮੁਹਾਲੀ ਨਗਰ ਨਿਗਮ ਦੀ ਵੱਡੀ ਕਾਰਵਾਈ, ਫੇਜ 11 ਸਥਿਤ ਗੋਲਫ਼ ਰੇਂਜ ਕੀਤਾ ਸੀਲ
Mohali Golf Club Seal : ਮੁਹਾਲੀ ਨਗਰ ਨਿਗਮ (Mohali Municipal Corporation) ਵੱਲੋਂ ਪ੍ਰਾਪਰਟੀ ਟੈਕਸ ਨਾ ਭਰਨ ਕਾਰਨ ਗੌਲਫ਼ ਰੇਂਜ, ਸੈਕਟਰ – 65, ਫੇਜ਼-11 ਸੀਲ ਕਰ ਦਿੱਤਾ ਗਿਆ ਹੈ। ਨਗਰ ਨਿਗਮ ਦੇ ਕਮਿਸ਼ਨਰ, ਪਰਮਿੰਦਰ ਪਾਲ ਸਿੰਘ ਅਨੁਸਾਰ ਨਗਰ ਨਿਗਮ ਵੱਲੋਂ ਕਮਰਸ਼ੀਅਲ ਅਤੇ ਇੰਡਸਟਰੀਅਲ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਜਦਕਿ ਕਈ ਪ੍ਰਾਪਰਟੀ ਧਾਰਕਾਂ ਵਲੋਂ ਨਗਰ ਨਿਗਮ ਦੇ ਨੋਟਿਸ ਦੇ ਬਾਵਜੂਦ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ। ਅਜਿਹੇ ਪ੍ਰਾਪਰਟੀ ਧਾਰਕਾਂ ਖਿਲਾਫ ਨਗਰ ਨਿਗਮ ਵੱਲੋਂ ਸਖਤ ਕਾਰਵਾਈ ਕਰਦੇ ਹੋਏ ਮੁਹਾਲੀ ਦੇ ਗੌਲਫ ਰੇਂਜ, ਸੈਕਟਰ – 65, ਫੇਜ਼-11 ਨੂੰ ਸੀਲ ਕੀਤਾ ਗਿਆ।
ਵਧੇਰੇ ਜਾਣਕਾਰੀ ਦਿੰਦਿਆਂ ਨਗਰ ਨਿਗਮ, ਮੁਹਾਲੀ ਦੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਦੀ ਹਦੂਦ ਅੰਦਰ ਕਈ ਅਜਿਹੇ ਹੋਟਲ, ਸ਼ੋਅਰੂਮ ਅਤੇ ਹੋਰ ਕਮਰਸ਼ੀਅਲ ਪ੍ਰਾਪਰਟੀ ਧਾਰਕ ਹਨ, ਜਿਨ੍ਹਾਂ ਨੂੰ ਨਗਰ ਨਿਗਮ ਵਲੋਂ ਦੋ ਨੋਟਿਸ ਭੇਜੇ ਜਾਣ ਦੇ ਬਾਵਜੂਦ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਾਪਰਟੀ ਧਾਰਕਾਂ ਦੀਆਂ ਪ੍ਰਾਪਰਟੀਆਂ ਆਉਣ ਵਾਲੇ ਦਿਨਾਂ ਵਿੱਚ ਸੀਲ ਕਰ ਦਿੱਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਇਸ ਸਾਲ ਨਗਰ ਨਿਗਮ ਵਲੋਂ ਲਗਭਗ 50 ਕਰੋੜ ਰੁਪਏ ਪ੍ਰਾਪਰਟੀ ਟੈਕਸ ਇਕੱਠਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ, ਜਿਸ 'ਚੋਂ ਹੁਣ ਤੱਕ ਲਗਭਗ 42 ਕਰੋੜ ਰੁਪਏ ਦੀ ਰਾਸ਼ੀ ਇਕੱਤਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ, ਉਹ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਜਲਦ ਤੋਂ ਜਲਦ ਨਗਰ ਨਿਗਮ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ 'ਚ ਪ੍ਰਾਪਰਟੀ ਟੈਕਸ ਵਿਆਜ ਅਤੇ ਜੁਰਮਾਨੇ ਸਮੇਤ ਵਸੂਲਿਆ ਜਾਵੇਗਾ।
ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਨਗਰ ਨਿਗਮ ਦੇ ਨੋਟਿਸ ਮਿਲਣ ਦੇ ਬਾਵਜੂਦ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਉਂਦਾ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 1 ਮਾਰਚ ਤੋਂ ਲੈ ਕੇ 31 ਮਾਰਚ ਤੱਕ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਦਾ ਦਫ਼ਤਰ ਹਰ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਬਾਅਦ ਦੁਪਹਿਰ 2 ਵਜੇ ਤੱਕ ਖੁੱਲ੍ਹਾ ਰੱਖਿਆ ਜਾ ਰਿਹਾ ਹੈ, ਤਾਂ ਜੋ ਲੋਕ ਆਪਣਾ ਪ੍ਰਾਪਰਟੀ ਟੈਕਸ ਸਮੇਂ ਸਿਰ ਜਮ੍ਹਾਂ ਕਰਵਾ ਸਕਣ।
- PTC NEWS