MP Amritpal Singh ਦੇ ਪਿਤਾ ਨੇ ਕੀਤੀ ਪ੍ਰੈੱਸ ਕਾਨਫਰੰਸ, ਕਿਹਾ- ਅੰਮ੍ਰਿਤਪਾਲ ਸਿੰਘ ਨੂੰ ਫਸਾਉਣ ਦੀ ਕੀਤੀ ਜਾ ਰਹੀ ਹੈ ਸਾਜ਼ਿਸ਼
Amritpal Singh Father Press Conference : ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਐੱਮਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਉਸਦੇ ਸਮਰਥਕਾਂ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਐਮਪੀ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਰਾਜ ਦੀ ਏਜੰਸੀ ਅੰਮ੍ਰਿਤਪਾਲ ਸਿੰਘ ਨੂੰ ਸਿੱਖ ਨੌਜਵਾਨ ਗੁਰਪ੍ਰੀਤ ਸਿੰਘ ਦੇ ਕਤਲ ਦੀ ਸਾਜ਼ਿਸ਼ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਅੰਮ੍ਰਿਤਪਾਲ ਦੀ ਰਿਹਾਈ ਵਿੱਚ ਰੁਕਾਵਟ ਪਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਾਈਕੋਰਟ 'ਚ ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਸੁਣਵਾਈ ਦੌਰਾਨ ਉਸ ਦੀ ਰਿਹਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਜਾਨ ਲਈ ਖਤਰਾ ਕਰਾਰ ਦਿੱਤਾ ਸੀ ਅਤੇ ਬੀਤੇ ਦਿਨੀਂ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਡੀਜੀਪੀ ਨੇ ਇਸ ਬਾਰੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਗੁਰਪ੍ਰੀਤ ਸਿੰਘ ਦੇ ਕਤਲ ਵਿੱਚ ਸ਼ਾਮਲ ਹੈ, ਜਿਸ ਦਾ ਉਹਨਾਂ ਕੋਲ ਕੋਈ ਸਬੂਤ ਨਹੀਂ ਹੈ, ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ।
ਤਰਸੇਮ ਸਿੰਘ ਨੇ ਕਿਹਾ ਕਿ ਉਹ ਡੀਜੀਪੀ ਵੱਲੋਂ ਲਗਾਏ ਗਏ ਇਲਜ਼ਾਮਾਂ ਦਾ ਸਪੱਸ਼ਟੀਕਰਨ ਦੇਣ ਲਈ ਆਏ ਹਾਂ। ਉਹਨਾਂ ਨੇ ਕਿਹਾ ਕਿ ਜੋ ਲੋਕ ਆਪਣੇ ਹੱਕਾਂ ਦੀ ਗੱਲ ਕਰਦੇ ਹਨ ਉਹਨਾਂ ਨੂੰ ਝੂਠੇ ਕੇਸਾਂ ਵਿੱਚ ਫਸਾ ਪਰੇਸ਼ਾਨ ਕੀਤਾ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਤੋਂ ਇਸ ਸਬੰਧੀ ਜਾਂਚ ਦੀ ਮੰਗ ਕਰਦੇ ਹਾਂ।
ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ 'ਚ ਸਿੱਖ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਹ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਤੁਹਾਨੂੰ ਲੋਕਾਂ ਨੇ ਆਪਣੀ ਸੁਰੱਖਿਆ ਲਈ ਚੁਣਿਆ ਸੀ, ਪਰ ਇਸ ਲਈ ਨਹੀਂ ਕਿ ਗੁਰਪ੍ਰੀਤ ਦਾ ਕਤਲ ਕੀਤਾ ਜਾਵੇ। ਇਹ ਸਰਕਾਰ ਦੀ ਨਾਕਾਮੀ ਹੈ ਕਿ ਡੀਜੀਪੀ ਆਪਣੀ ਜ਼ਿੰਮੇਵਾਰੀ ਤੋਂ ਭੱਜਦੇ ਨਜ਼ਰ ਆ ਰਹੇ ਹਨ। ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਖ਼ਰਾਬ ਹਨ, ਖੁੱਲ੍ਹੇਆਮ ਫਿਰੌਤੀ ਮੰਗੀ ਜਾ ਰਹੀ ਹੈ, ਕਤਲ ਕੀਤੇ ਜਾ ਰਹੇ ਹਨ, ਮੂਸੇਵਾਲਾ ਕਤਲ ਦੇ ਨਾਲ-ਨਾਲ ਕਈ ਅਜਿਹੇ ਕਤਲ ਹੋਏ ਹਨ ਜਿਨ੍ਹਾਂ ਦੇ ਮੁਲਜ਼ਮ ਅਜੇ ਤੱਕ ਫਰਾਰ ਹਨ, ਪੁਲਿਸ ਦੀ ਕਾਰਗੁਜ਼ਾਰੀ ਚੰਗੀ ਨਹੀਂ ਹੈ।
- PTC NEWS