ਨਿਤਿਨ ਗਡਕਰੀ ਦੀ CM ਭਗਵੰਤ ਮਾਨ ਨੂੰ ਚਿਤਾਵਨੀ, ਕਿਹਾ- ਕਾਨੂੰਨ ਵਿਵਸਥਾ ਸੁਧਾਰੋ, ਨਹੀਂ ਤਾਂ 8 ਹਾਈਵੇ ਪ੍ਰੋਜੈਕਟ ਬੰਦ ਕਰ ਦੇਵੇਗੀ NHAI
Nitin Gadkari warning to Punjab government : ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਪੱਤਰ ਲਿਖਿਆ ਹੈ। ਗਡਕਰੀ ਨੇ ਕਿਹਾ ਹੈ ਕਿ ਜੇਕਰ ਸੂਬੇ 'ਚ ਕਾਨੂੰਨ ਵਿਵਸਥਾ ਦੀ ਸਥਿਤੀ 'ਚ ਸੁਧਾਰ ਨਾ ਹੋਇਆ ਤਾਂ NHAI 8 ਹੋਰ ਹਾਈਵੇਅ ਪ੍ਰੋਜੈਕਟਾਂ ਨੂੰ ਬੰਦ ਕਰ ਦੇਵੇਗਾ। ਇਨ੍ਹਾਂ ਪ੍ਰਾਜੈਕਟਾਂ ਦੀ ਕੁੱਲ ਲਾਗਤ 14,288 ਕਰੋੜ ਰੁਪਏ ਹੈ। ਗਡਕਰੀ ਨੇ ਇਹ ਪੱਤਰ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ 'ਤੇ ਵਾਪਰ ਰਹੀਆਂ ਹਿੰਸਕ ਘਟਨਾਵਾਂ ਤੋਂ ਬਾਅਦ ਲਿਖਿਆ ਹੈ।
ਗਡਕਰੀ ਨੇ ਆਪਣੇ ਪੱਤਰ ਵਿੱਚ ਕਿਹਾ ਕਿ NHAI ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਸਮੇਤ ਪੰਜਾਬ ਵਿੱਚ ਕਈ ਗ੍ਰੀਨਫੀਲਡ ਅਤੇ ਬ੍ਰਾਊਨਫੀਲਡ NH ਕੋਰੀਡੋਰ ਵਿਕਸਤ ਕਰ ਰਿਹਾ ਹੈ। ਉਨ੍ਹਾਂ ਨੇ NHAI ਦੇ ਅਧਿਕਾਰੀਆਂ, ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਮੀਨ ਐਕਵਾਇਰ ਨਾਲ ਸਬੰਧਤ ਮੁੱਦੇ ਵੀ ਉਠਾਏ ਹਨ। ਗਡਕਰੀ ਨੇ ਮੁੱਖ ਮੰਤਰੀ ਮਾਨ ਨੂੰ ਲਿਖੇ ਆਪਣੇ ਪੱਤਰ ਨਾਲ ਹਮਲਿਆਂ ਦੀਆਂ ਤਸਵੀਰਾਂ ਵੀ ਨੱਥੀ ਕੀਤੀਆਂ ਹਨ।
ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਹੱਲ
ਕੇਂਦਰੀ ਮੰਤਰੀ ਗਡਕਰੀ ਨੇ ਇਸ ਮਾਮਲੇ ਵਿੱਚ ਸੀਐਮ ਮਾਨ ਤੋਂ ਨਿੱਜੀ ਦਖਲ ਦੀ ਮੰਗ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਮੈਂ ਬੇਨਤੀ ਕਰਦਾ ਹਾਂ ਕਿ ਸੂਬਾ ਸਰਕਾਰ ਤੁਰੰਤ ਸੁਧਾਰਾਤਮਕ ਕਦਮ ਚੁੱਕੇ, ਐਫਆਈਆਰ ਦਰਜ ਕਰੇ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। 15 ਜੁਲਾਈ ਨੂੰ ਹੋਈ ਐਨਐਚ ਪ੍ਰਾਜੈਕਟਾਂ ਦੀ ਸਮੀਖਿਆ ਮੀਟਿੰਗ ਦਾ ਹਵਾਲਾ ਦਿੰਦੇ ਹੋਏ ਗਡਕਰੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਜ਼ਮੀਨ ਐਕਵਾਇਰ ਅਤੇ ਕਾਨੂੰਨ ਵਿਵਸਥਾ ਨਾਲ ਸਬੰਧਤ ਬਕਾਇਆ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।
'ਹਾਈਵੇਅ ਪ੍ਰਾਜੈਕਟ ਨੂੰ ਰੱਦ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ'
ਗਡਕਰੀ ਨੇ ਕਿਹਾ ਕਿ ਹਾਲਾਂਕਿ, ਮੇਰੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਇਸ ਸਬੰਧ ਵਿੱਚ ਕੋਈ ਪ੍ਰਗਤੀ ਨਹੀਂ ਹੋਈ ਹੈ ਅਤੇ ਸਥਿਤੀ ਵਿਗੜ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜ਼ਮੀਨ ਐਕਵਾਇਰ ਅਤੇ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ਨਾਲ ਸਬੰਧਤ ਬਕਾਇਆ ਮੁੱਦਿਆਂ ਕਾਰਨ, ਬਹੁਤ ਸਾਰੇ ਠੇਕੇਦਾਰ ਰਿਆਇਤਦਾਰਾਂ ਨੇ ਠੇਕੇ ਬੰਦ ਕਰਨ ਦੀ ਬੇਨਤੀ ਕੀਤੀ ਹੈ ਅਤੇ ਐਨਐਚਏਆਈ ਵਿਰੁੱਧ ਦਾਅਵੇ ਕੀਤੇ ਹਨ। ਗਡਕਰੀ ਨੇ ਕਿਹਾ ਕਿ ਜੇਕਰ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵਿੱਚ ਸੁਧਾਰ ਨਹੀਂ ਹੁੰਦਾ ਹੈ, ਤਾਂ NHAI ਕੋਲ ਅੱਠ ਹੋਰ ਹਾਈਵੇਅ ਪ੍ਰੋਜੈਕਟਾਂ ਨੂੰ ਰੱਦ ਕਰਨ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰੇ ਗਰੀਨਫੀਲਡ ਕੋਰੀਡੋਰ ਹਨ ਅਤੇ ਜੇਕਰ ਇੱਕ ਵੀ ਪੈਕੇਜ ਰੱਦ ਹੋ ਜਾਂਦਾ ਹੈ ਤਾਂ ਸਾਰਾ ਕੋਰੀਡੋਰ ਬੇਕਾਰ ਹੋ ਜਾਵੇਗਾ। NHAI ਨੇ ਜ਼ਮੀਨ ਦੀ ਅਣਉਪਲਬਧਤਾ ਦਾ ਹਵਾਲਾ ਦਿੰਦੇ ਹੋਏ, 104 ਕਿਲੋਮੀਟਰ ਲੰਬੇ ਅਤੇ 3,263 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਹਾਈਵੇਅ ਪ੍ਰੋਜੈਕਟਾਂ ਨੂੰ ਪਹਿਲਾਂ ਹੀ ਰੱਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ : Gaza School Attack : ਗਾਜ਼ਾ 'ਚ ਸਕੂਲ 'ਤੇ ਇਜ਼ਰਾਈਲ ਦਾ ਹਮਲਾ, 100 ਤੋਂ ਵੱਧ ਲੋਕਾਂ ਦੀ ਮੌਤ
- PTC NEWS