ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ : ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ।
ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ।
ਨਗਰ ਕੀਰਤਨ ਵਿਚ ਜਿਥੇ ਗਤਕਾ ਤੇ ਬੈਂਡ ਪਾਰਟੀਆਂ ਤੇ ਗਤਕਾ ਪਾਰਟੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ, ਉਥੇ ਹੀ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਸੰਗਤਾਂ ਵੱਲੋਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ। ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਜ਼ਲ੍ਹਿਆਂਵਾਲਾ ਬਾਗ, ਲੱਕੜ ਮੰਡੀ ਬਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਾਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਾਜ਼ਾਰ ਕੋਟ ਮਾਹਣਾ ਸਿੰਘ ਅਤੇ ਤਰਨਤਾਰਨ ਰੋਡ ਆਦਿ ਥਾਵਾਂ ਉਤੇ ਸੰਗਤ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਸਤਿਕਾਰ ਭੇਟ ਕੀਤਾ।
ਇਹ ਵੀ ਪੜ੍ਹੋ : ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ,ਚੰਡੀਗੜ੍ਹ ਤੇ ਮੋਹਾਲੀ ਦੀ ਟ੍ਰੈਫਿਕ ਪ੍ਰਭਾਵਿਤ
ਕਲ 27 ਜਨਵਰੀ ਨੂੰ ਬਾਬਾ ਦੀਪ ਸਿੰਘ ਜੀ ਜਨਮ ਦਿਹਾੜੇ ਮੌਕੇ ਗੁਰੂਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਰਮਤਿ ਦੀਵਾਨ ਸਜਾਏ ਜਾਣਗੇ ਤੇ ਸ਼ਾਮ ਵੇਲੇ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਦ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ।
- PTC NEWS