ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਬਹਿਬਲ ਕਲਾਂ ਤੇ ਕੋਟਕਪੁਰਾ ਦੀਆਂ ਘਟਨਾਵਾਂ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੋਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੰਗਤ ਨੂੰ ਰਾਹਗੀਰਾਂ ਦੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਬਹਿਬਲ ਕਲਾਂ ਵਿੱਚ ਸੜਕ ਤੋਂ ਜਾਮ ਹਟਾਉਣ ਦੀ ਅਪੀਲ ਕੀਤੀ।ਲੋਕਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਹਿਬਲ ਕਲਾਂ ਤੇ ਕੋਟਕਪੁਰਾ ਗੋਲੀਕਾਂਡ ਅਤੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਹਰੇਕ ਮਨੁੱਖ ਦੀ ਮਾਨਸਿਕਤਾ ਉਤੇ ਡੂੰਘੇ ਜ਼ਖ਼ਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਘਟਨਾਵਾਂ ਦਾ ਇਨਸਾਫ਼ ਮਿਲੇਗਾ ਅਤੇ ਇਨ੍ਹਾਂ ਘਿਨਾਉਣੇ ਜੁਰਮਾਂ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਉਤੇ ਬਖ਼ਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਨਸਾਫ਼ ਦਿਵਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ ਅਤੇ ਇਨ੍ਹਾਂ ਜੁਰਮਾਂ ਵਿੱਚ ਜਿਹੜੇ ਵੀ ਲੋਕ ਸ਼ਾਮਲ ਹਨ, ਉਹ ਜਲਦੀ ਹੀ ਸਲਾਖ਼ਾਂ ਪਿੱਛੇ ਹੋਣਗੇ।ਮੁੱਖ ਮੰਤਰੀ ਨੇ ਕਿਹਾ ਕਿ ਬਹਿਬਲ ਕਲਾਂ ਵਿੱਚ ਨੈਸ਼ਨਲ ਹਾਈਵੇਅ ਉਤੇ ਜਾਮ ਕਾਰਨ ਆਮ ਲੋਕਾਂ ਨੂੰ ਮੁਸ਼ਕਿਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਪ੍ਰੇਸ਼ਾਨੀ ਤੋਂ ਬਚਾਇਆ ਜਾਣਾ ਚਾਹੀਦਾ ਹੈ ਅਤੇ ਇਸ ਲਈ ਉਹ ਸੰਗਤ ਨੂੰ ਵਡੇਰੇ ਲੋਕ ਹਿੱਤ ਵਿੱਚ ਸੜਕ ਤੋਂ ਧਰਨਾ ਹਟਾਉਣ ਦੀ ਅਪੀਲ ਕਰਦੇ ਹਨ।