Farmers Protest Updates : ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਧਰਨਾ ਖ਼ਤਮ ਕਰਨ ਦਾ ਕੀਤਾ ਐਲਾਨ, ਜਾਣੋ ਸਰਕਾਰ ਨੇ ਕੀ ਦਿੱਤਾ ਭਰੋਸਾ
Farmers Protest Updates : ਪੰਜਾਬ 'ਚ ਝੋਨੇ ਦੀ ਗਲਤ ਖਰੀਦ ਦੇ ਵਿਰੋਧ 'ਚ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਚੰਡੀਗੜ੍ਹ 'ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਸੈਕਟਰ-35 ਕਿਸਾਨ ਭਵਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ ਹੋਏ ਸਨ। ਇਸ ਮਗਰੋਂ ਪੁਲਿਸ ਨੇ ਕਿਸਾਨ ਭਵਨ ਦੇ ਗੇਟ ਬੰਦ ਕਰ ਦਿੱਤੇ ਤੇ ਕਿਸਾਨਾਂ ਨੇ ਉਥੇ ਹੀ ਪੱਕਾ ਮੋਰਚਾ ਲਗਾ ਲਿਆ ਸੀ। ਅੱਜ ਯਾਨੀ ਸ਼ਨੀਵਾਰ ਨੂੰ ਕਿਸਾਨਾਂ ਨੇ ਉਪਰੋਕਤ ਸਾਰੇ ਵਿਵਾਦਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਕਿਸਾਨਾਂ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਧਰਨਾ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਦੌਰਾਨ ਉਹਨਾਂ ਨੇ ਸਾਡੇ ਤੋਂ 2 ਦਿਨ ਦਾ ਸਮਾਂ ਮੰਗਿਆ ਹੈ ਤੇ ਕਿਹਾ ਕਿ 2 ਦਿਨਾਂ ਦੇ ਅੰਦਰ-ਅੰਦਰ ਮੰਡੀਆਂ ’ਚ ਝੋਨੇ ਦੀ ਨਿਰਵਿਘਨ ਖਰੀਦ ਤੇ ਲਿਫਟਿੰਗ ਦਾ ਕੰਮ ਸ਼ੁਰੂ ਹੋ ਜਾਵੇਗਾ, ਜਿਸ ਕਾਰਨ ਅਸੀਂ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਨੇ ਕਿਹਾ ਕਿ ਸਾਡੇ ਤੋਂ ਮੁੱਖ ਮੰਤਰੀ ਮਾਨ ਨੇ 2 ਦਿਨ ਮੰਗੇ ਹਨ, ਪਰ ਅਸੀਂ ਸਰਕਾਰ ਨੂੰ 4 ਦਿਨ ਦੇ ਰਹੇ ਹਾਂ, ਜੇਕਰ ਫਿਰ ਵੀ ਇਹ ਕੰਮ ਸ਼ੁਰੂ ਨਾ ਹੋਇਆ ਤਾਂ ਅਸੀਂ 4 ਦਿਨ ਬਾਅਦ ਧਰਨਾ ਫਿਰ ਸ਼ੁਰੂ ਕਰ ਦੇਵਾਂਗੇ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਇਸ ਸਾਲ 18.05 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਜਿਸ ਲਈ ਸੂਬੇ ਭਰ ਵਿੱਚ 2651 ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਜਬਰੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਸ ਵਿੱਚੋਂ 16.35 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 3000 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : MP Amritpal Singh ਦੇ ਪਿਤਾ ਨੇ ਕੀਤੀ ਪ੍ਰੈੱਸ ਕਾਨਫਰੰਸ, ਕਿਹਾ- ਅੰਮ੍ਰਿਤਪਾਲ ਸਿੰਘ ਨੂੰ ਫਸਾਉਣ ਦੀ ਕੀਤੀ ਜਾ ਰਹੀ ਹੈ ਸਾਜ਼ਿਸ਼
- PTC NEWS