ਬੰਦੀ ਸਿੰਘਾਂ ਦੀ ਰਿਹਾਈ : ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਦਸਤਖ਼ਤ ਮੁਹਿੰਮ 'ਚ ਲਿਆ ਹਿੱਸਾ
ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ 'ਚ ਵੱਡੀ ਗਿਣਤੀ ਵਿਚ ਸਿੱਖ ਭਾਈਚਾਰੇ ਨੇ ਹਿੱਸਾ ਲਿਆ। ਸ਼੍ਰੋਮਣੀ ਕਮੇਟੀ ਵੱਲੋਂ ਵਿੱਢੀ ਦਸਤਖ਼ਤੀ ਮੁਹਿੰਮ 'ਚ ਲੈਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਫਾਰਮ ਉਪਰ ਦਸਤਖ਼ਤ ਕਰਕੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪੁਰਜ਼ੋਰ ਅਪੀਲ ਕੀਤੀ।
ਇਸ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਦਸਤਖ਼ਤ ਮੁਹਿੰਮ ਵਿਚ ਹਿੱਸਾ ਲਿਆ। ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਬਾਦਲ ਦੇ ਗੁਰੂਘਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਫ਼ਾਰਮ 'ਤੇ ਦਸਤਖ਼ਤ ਕਰਕੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਪੰਥ ਦੇ ਜਜ਼ਬਾਤਾਂ ਦੀ ਕਦਰ ਕਰਦਿਆਂ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ 'ਚੋਂ ਰਿਹਾਅ ਕਰਨ ਲਈ ਅਪੀਲ ਕੀਤੀ। ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰ ਤੇ ਅਹੁਦੇਦਾਰ ਸਾਹਿਬਾਨਾਂ ਨੂੰ ਇਸ ਮੁਹਿੰਮ ਨੂੰ ਘਰ-ਘਰ ਪਹੁੰਚਾ ਕੇ ਆਉਂਦੀ ਵਿਸਾਖੀ ਤੱਕ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਵੀ ਜ਼ਿੰਮੇਵਾਰੀਆਂ ਸੌਂਪੀਆਂ।
ਇਹ ਵੀ ਪੜ੍ਹੋ : ਸਕੂਲ ਬੱਸ ਨੂੰ ਟਿੱਪਰ ਨੇ ਮਾਰੀ ਟੱਕਰ, 13 ਸਾਲਾ ਵਿਦਿਆਰਥੀ ਦੀ ਮੌਤ
ਕਾਬਿਲੇਗੌਰ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਮੋਹਾਲੀ ਵਿਖੇ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਕੌਮੀ ਇਨਸਾਫ਼ ਮੋਰਚੇ ਵੱਲੋਂ ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਕੌਮੀ ਇਨਸਾਫ਼ ਮੋਰਚੇ ਦੇ ਹੱਕ ਵਿਚ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਨਿੱਤਰੀਆਂ ਹਨ।
- PTC NEWS