MP Amritpal Singh ’ਤੇ ਮੁੜ ਲਗਾਏ NSA ਨੂੰ ਹਾਈਕੋਰਟ ’ਚ ਚੁਣੌਤੀ ਦੇਣ ਦੀ ਤਿਆਰੀ; ਪਿਤਾ ਤਰਸੇਮ ਸਿੰਘ ਨੇ ਆਖੀ ਇਹ ਵੱਡੀ ਗੱਲ੍ਹ
MP Amritpal Singh News : ਸਾਂਸਦ ਅੰਮ੍ਰਿਤਪਾਲ ਸਿੰਘ 'ਤੇ ਲੱਗੇ ਐਨ.ਐਸ.ਏ ਦੀ ਮਿਆਦ ਚ ਇੱਕ ਸਾਲ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਐਨਐਸਏ ਦੀ ਮਿਆਦ ਦੇ ਦਸਤਾਵੇਜ਼ਾਂ ਨੂੰ ਡਿਬਰੂਗੜ੍ਹ ਜੇਲ੍ਹ ’ਚ ਪਹੁੰਚਾ ਦਿੱਤਾ ਗਿਆ ਹੈ। ਉੱਥੇ ਹੀ ਇਸ ਵਾਧੇ ਨੂੰ ਲੈ ਕੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਸਾਂਸਦ ਅੰਮ੍ਰਿਤਪਾਸ ਸਿੰਘ ਦੇ ਪਿਤਾ ਨੇ ਐਨਐਸਏ ਨੂੰ ਵਧਾਉਣ ਨੂੰ ਮੰਦਭਾਗਾ ਆਖਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ’ਚ ਸਿੱਖਾਂ ਲਈ ਵੱਖਰਾ ਕਾਨੂੰਨ ਚੱਲ ਰਿਹਾ ਹੈ। ਐਨਐਸਏ ਵਾਧੇ ਨਾਲ ਜਿੱਥੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ, ਉੱਥੇ ਹੀ ਹਲਕਾ ਖਡੂਰ ਸਾਹਿਬ ਦੇ ਵੋਟਰਾਂ ਨਾਲ ਵੀ ਧੋਖਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਸ ਦਾਅਵੇ ਦੀ ਵੀ ਫੂਕ ਨਿਕਲ ਗਈ ਹੈ, ਜਿਸ ਚ ਕਿਹਾ ਗਿਆ ਸੀ ਕਿ ਜੇਕਰ ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਬਾਹਰ ਆਉਂਦਾ ਹੈ ਤਾਂ ਸੂਬੇ ਦਾ ਮਾਹੌਲ ਖਰਾਬ ਹੋ ਸਕਦਾ ਹੈ, ਪਰ ਅੰਮ੍ਰਿਤਪਾਲ ਸਿੰਘ ਦੇ ਜੇਲ ’ਚ ਰਹਿਣ ਦੇ ਬਾਵਜੂਦ ਵੀ ਬੰਬ ਧਮਾਕੇ, ਚੋਰੀਆਂ, ਲੁੱਟਾਂ ਖੋਹਾਂ ਅਤੇ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ।
ਤਰਸੇਮ ਸਿੰਘ ਨੇ ਕਿਹਾ ਕਿ ਅਦਾਲਤਾਂ ਜਾਂ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਨਸਾਫ ਦੀ ਮੰਗ ਹੁੰਦੀ ਹੈ ਪਰ ਅਜਿਹਾ ਨਹੀਂ ਹੋ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਉਨ੍ਹਾਂ ਧਿਰਾਂ ਦੀ ਵੀ ਆਲੋਚਨਾ ਕੀਤਾ ਹੈ ਕਿ ਜੋ ਨਹੀਂ ਚਾਹੁੰਦੀਆ ਕਿ ਅੰਮ੍ਰਿਤਪਾਲ ਬਾਹਰ ਆ ਜਾਵੇ ਤਾਂ ਜੋ ਉਨ੍ਹਾਂ ਦੀਆਂ ਦੁਕਾਨਦਾਰੀਆਂ ਬੰਦ ਨਾ ਹੋ ਜਾਣ। ਐਨ.ਐਸ.ਏ ਦੀ ਮਿਆਦ ਵਧਾਏ ਜਾਣ ਸਬੰਧੀ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
ਸੀਨੀਅਰ ਵਕੀਲ ਆਰਐਸ ਬੈਂਸ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਤੀਜੀ ਵਾਰ ਐਨਐਸਏ ਲਗਾਉਣਾ ਪੰਜਾਬ ਸਰਕਾਰ ਦੀ ਨਾਕਾਮੀ ਹੈ। ਸਰਕਾਰ ਨੂੰ ਅੰਮ੍ਰਿਤਪਾਲ ਖਿਲਾਫ ਦਰਜ ਸਾਰੀਆਂ ਐਫਆਈਆਰ ’ਚ ਟ੍ਰਾਇਲ ਚਲਾਉਣਾ ਚਾਹੀਦਾ ਹੈ। ਦੱਸ ਦਈਏ ਕਿ ਵੀਕੀਲ ਆਰਐਸ ਬੈਂਸ ਨੇ ਅੰਮ੍ਰਿਤਪਾਲ ’ਤੇ ਦੂਜੀ ਵਾਰ ਲੱਗੇ ਐਨਐਸਏ ਨੂੰ ਹਾਈਕੋਰਟ ’ਚ ਚੁਣੌਤੀ ਦਿੱਤੀ ਸੀ। ਕਿਹਾ ਜਾ ਰਿਹਾ ਹੈ ਕਿ ਹੁਣ ਵੀ ਉਨ੍ਹਾਂ ਵੱਲੋਂ ਹਾਈਕੋਰਟ ’ਚ ਚੁਣੌਤੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ।
- PTC NEWS