ਸ਼ਿਵ ਸੈਨਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੰਜਾਬ ਭਰ ਵਿੱਚ ਜਗ੍ਹਾ-ਜਗ੍ਹਾ ਸ਼ਿਵ ਸੈਨਾ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਦੇ ਸੁਰੱਖਿਆ ਪ੍ਰਬੰਧਾਂ ਉਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਜਾ ਰਹੇ ਹਨ। ਬਠਿੰਡਾ ਵਿਖੇ ਵੀ ਸ਼ਿਵ ਸੈਨਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼ਿਵ ਸੈਨਾ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ।
ਪ੍ਰਦਰਸ਼ਨ ਦੌਰਾਨ ਸ਼ਿਵ ਸੈਨਾ ਆਗੂਆਂ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਹਿੰਦੂ ਆਗੂ ਸੁਧੀਰ ਸੂਰੀ ਦਾ ਦਿਨ ਦਿਹਾੜੇ ਪੁਲਿਸ ਮੁਲਾਜ਼ਮਾਂ ਤੇ ਡੀਐਸਪੀ ਦੀ ਹਾਜ਼ਰੀ 'ਚ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੁਰੱਖਿਆ ਦੇ ਨਾਮ ਉਤੇ ਹਿੰਦੂ ਨੇਤਾਵਾਂ ਨਾਲ ਖਿਲਵਾੜ ਕਰ ਰਹੀ ਹੈ। ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਨੂੰ ਘਟਾਉਣ ਦੀਆਂ ਖ਼ਬਰਾਂ ਲੀਕ ਕਰ ਕੇ ਉਸ ਦਾ ਕਤਲ ਕਰਵਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅੱਤਵਾਦ ਆ ਚੁੱਕਾ ਹੈ ਤੇ ਲਗਾਤਾਰ ਹਿੰਦੂ ਨੇਤਾਵਾਂ ਉਤੇ ਹਮਲੇ ਹੋ ਰਹੇ ਹਨ।
ਇਹ ਵੀ ਪੜ੍ਹੋ : ਡੇਰਾ ਬਿਆਸ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਡੇਰਾ ਸਮਰਥਕਾਂ ਨਾਲ ਕੀਤੀ ਖ਼ਾਸ ਮੁਲਾਕਾਤ
ਦੇਰ ਰਾਤ ਫਾਜ਼ਿਲਕਾ ਦੀਆਂ ਕੁਝ ਸ਼ਿਵ ਸੈਨਾ ਜਥੇਬੰਦੀਆਂ ਨੇ ਪੰਜਾਬ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ। ਇਸ ਸਬੰਧੀ ਵਪਾਰ ਮੰਡਲ ਨਾਲ ਵੀ ਗੱਲਬਾਤ ਕੀਤੀ ਗਈ। ਇਸ ਮਗਰੋਂ ਵਪਾਰ ਮੰਡਲ ਨੇ 12 ਵਜੇ ਤਕ ਦੁਕਾਨਾਂ ਬੰਦ ਰੱਖ ਕੇ ਸਮਰਥਨ ਕਰਨ ਦੀ ਹਾਮੀ ਭਰੀ ਪਰ ਬਾਅਦ ਵਿਚ ਸ਼ਿਵ ਸੈਨਾ ਆਗੂਆਂ ਦੇ ਕਹਿਣ ਉਤੇ ਹੀ ਇਹ ਬੰਦ ਰੱਦ ਕਰ ਦਿੱਤਾ ਗਿਆ। ਦੂਜੇ ਪਾਸੇ ਇਸ ਘਟਨਾ ਤੋਂ ਬਾਅਦ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ।
- PTC NEWS