Punjab News : ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਭਲਕੇ 2 ਘੰਟੇ ਲਈ ਬੰਦ ਰਹਿਣਗੇ ਸਾਰੇ ਬੱਸ ਅੱਡੇ
Punjab News : ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ ਹੈ। ਪੰਜਾਬ ਵਿੱਚ ਭਲਕੇ ਯਾਨੀ 3 ਅਪ੍ਰੈਲ ਨੂੰ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਸਾਰੇ ਬੱਸ ਅੱਡੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। PRTC ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਦੇ ਅਸਥਾਈ ਕਰਮਚਾਰੀਆਂ ਨੇ ਆਪਣੇ ਆਪ ਨੂੰ ਸਥਾਈ ਕਰਨ ਸਬੰਧੀ ਵੱਡਾ ਐਲਾਨ ਕੀਤਾ ਹੈ। ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੀਆਂ ਵੱਖ-ਵੱਖ ਯੂਨੀਅਨਾਂ ਨੇ ਕਿਹਾ ਹੈ ਕਿ 3 ਅਪ੍ਰੈਲ ਨੂੰ ਸੂਬੇ ਭਰ ਦੇ ਸਾਰੇ ਬੱਸ ਅੱਡੇ 2 ਘੰਟੇ ਲਈ ਬੰਦ ਰਹਿਣਗੇ। ਜਿਸ ਨਾਲ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ।
ਇਸ ਦੇ ਇਲਾਵਾ ਯੂਨੀਅਨ ਨੇ ਐਲਾਨ ਕੀਤਾ ਹੈ ਕਿ 6, 7 ਅਤੇ 8 ਅਪ੍ਰੈਲ ਨੂੰ ਠੇਕਾ ਮੁਲਾਜ਼ਮਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਜਾਵੇਗੀ। ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਬਜਟ ਪੇਸ਼ ਕਰ ਦਿੱਤਾ ਹੈ ਪਰ ਉਨ੍ਹਾਂ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਥਾਈ ਬਣਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਪੀਆਰਟੀਸੀ ਵਿੱਚ ਕੁੱਲ 90 ਫੀਸਦੀ ਸਟਾਫ਼ ਠੇਕੇ 'ਤੇ ਰੱਖੇ ਮੁਲਾਜ਼ਮ ਹਨ,ਜਿਸ ਕਾਰਨ ਜੇਕਰ ਠੇਕਾ ਮੁਲਾਜ਼ਮ ਹੜਤਾਲ 'ਤੇ ਚਲੇ ਜਾਂਦੇ ਹਨ ਤਾਂ ਵੱਡੀ ਗਿਣਤੀ ਵਿੱਚ ਬੱਸ ਸੇਵਾਵਾਂ ਪ੍ਰਭਾਵਿਤ ਹੋਣਗੀਆਂ। ਭਾਵੇਂ ਰੈਗੂਲਰ ਸਟਾਫ਼ ਹੀ ਬੱਸਾਂ ਚਲਾਏਗਾ, ਪਰ ਇਨ੍ਹਾਂ ਦੀ ਗਿਣਤੀ ਠੇਕੇ ਦੇ ਮੁਲਾਜ਼ਮਾਂ ਨਾਲੋਂ ਬਹੁਤ ਘੱਟ ਹੋਣ ਕਾਰਨ ਬੱਸ ਸੇਵਾਵਾਂ ਦਾ ਕੁਝ ਫੀਸਦ ਹੀ ਚੱਲ ਸਕੇਗਾ। ਇਸ ਦੌਰਾਨ 577 ਰੂਟਾਂ 'ਤੇ ਬੱਸ ਸੇਵਾਵਾਂ ਪ੍ਰਭਾਵਿਤ ਹੋਣਗੀਆਂ। ਮੁਲਾਜ਼ਮਾਂ ਦੇ ਹੜਤਾਲ ’ਤੇ ਜਾਣ ਕਾਰਨ ਇਨ੍ਹਾਂ ਰਸਤਿਆਂ ’ਤੇ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।
- PTC NEWS