Punjab News : ਭਾਜਪਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
Punjab News : ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਸਾਬਕਾ ਆਈਏਐਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਭੇਜਿਆ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ ਦੀ ਕਾਪੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਕੌਮੀ ਜਨਰਲ ਸਕੱਤਰ ਬੀਐਲ ਸੰਤੋਸ਼, ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਨੂੰ ਵੀ ਭੇਜੀ ਹੈ। ਉਨ੍ਹਾਂ ਨੇ ਪਾਰਟੀ ਦਫਤਰ ਤੋਂ ਨਰਾਜ਼ਗੀ ਕਰਕੇ ਅਸਤੀਫਾ ਦਿੱਤਾ ਹੈ।
ਜਾਣਕਾਰੀ ਅਨੁਸਾਰ ਪੱਤਰ ਵਿੱਚ ਉਨ੍ਹਾਂ ਆਪਣੇ ਅਸਤੀਫੇ ਦਾ ਕਾਰਨ ਸੰਗਠਨ ਚੋਣਾਂ ਵਿੱਚ ਹੋਈ ਵਧੀਕੀ ਦੱਸਿਆ ਹੈ। ਜਗਮੋਹਨ ਸਿੰਘ ਰਾਜੂ ਨੇ ਆਰੋਪ ਲਾਇਆ ਕਿ ਚੋਣਾਂ ਵਿੱਚ ਪਾਰਟੀ ਸੰਵਿਧਾਨ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਵੱਲੋਂ ਇਸ ਸਬੰਧੀ ਆਰੋਪ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ’ਤੇ ਲਾਇਆ ਗਿਆ ਹੈ। ਉਨ੍ਹਾਂ ਆਪਣੇ ਪੱਤਰ ਦੇ ਨਾਲ ਪਾਰਟੀ ਸੰਵਿਧਾਨ ਦੇ ਕੁਝ ਵੇਰਵੇ ਵੀ ਦਿੱਤੇ ਹਨ।
ਉਨ੍ਹਾਂ ਨੇ 2024 ਵਿੱਚ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਦੇ ਸਮੇਂ ਹੋਈ ਵਧੀਕੀ ਦੇ ਵੀ ਵੇਰਵੇ ਦਿੱਤੇ ਹਨ। ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਉਸ ਵੇਲੇ ਵੀ ਆਪਣੇ ਕੁਝ ਚਹੇਤਿਆਂ ਨੂੰ ਟਿਕਟਾਂ ਦਿੱਤੀਆਂ ਗਈਆਂ ਸਨ, ਜਿਸ ਦਾ ਸਿੱਟਾ ਇਹ ਹੋਇਆ ਸੀ ਕਿ ਪਾਰਟੀ ਨੂੰ 85 ਵਿੱਚੋਂ ਸਿਰਫ 8 ਸੀਟਾਂ ਹੀ ਪ੍ਰਾਪਤ ਹੋਈਆਂ ਸਨ। ਅਸਤੀਫਾ ਦੇਣ ਦੇ ਫੈਸਲੇ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਲਿਖਿਆ ਕਿ ਉਹ ਪਾਰਟੀ ਵਿੱਚ ਆਮ ਵਰਕਰ ਵਜੋਂ ਕੰਮ ਕਰਦੇ ਰਹਿਣਗੇ।
ਦੱਸ ਦੇਈਏ ਕਿ ਜਗਮੋਹਨ ਸਿੰਘ ਰਾਜੂ ਆਈਐਸ ਅਫਸਰ ਦੇ ਤੌਰ 'ਤੇ ਵੀ ਸੇਵਾ ਨਿਭਾ ਚੁੱਕੇ ਹਨ।
- PTC NEWS