Ferozepur News : ਪੰਜਾਬ ਕਾਊਂਟਰ ਇੰਟੈਲੀਜੈਂਸ ਨੇ 2 ਅੱਤਵਾਦੀ ਕੀਤੇ ਕਾਬੂ , 2.8 ਕਿਲੋਗ੍ਰਾਮ IED ਬਰਾਮਦ
Ferozepur News : ਪੰਜਾਬ ਪੁਲਿਸ ਦੀ ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਜਰਮਨੀ 'ਚ ਬੈਠੇ ਅੱਤਵਾਦੀ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਮਾਡਿਊਲ ਦੇ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 2.8 ਕਿਲੋਗ੍ਰਾਮ IED (ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ), 1.6 ਕਿਲੋਗ੍ਰਾਮ RDX ਅਤੇ 1 ਰਿਮੋਟ ਬਰਾਮਦ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਵਜੋਂ ਹੋਈ ਹੈ। ਪੰਜਾਬ ਪੁਲਿਸ ਦੀ ਜਾਂਚ ਵਿੱਚ ਇਨ੍ਹਾਂ ਦਾ ਲਿੰਕ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਵੀ ਸਾਹਮਣੇ ਆਇਆ ਹੈ। ਡੀਜੀਪੀ ਪੰਜਾਬ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਦੋਵੇਂ ਦੋਸ਼ੀ ਇਸ ਸਮੇਂ ਪੁਲਿਸ ਰਿਮਾਂਡ 'ਤੇ ਹਨ।
ਡੀਜੀਪੀ ਬੋਲੇ - ISI ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ - ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਜਰਮਨੀ ਬੈਠੇ ਅੱਤਵਾਦੀ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦੇ ਮੁੱਖ ਸਰਗਨਾ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।ਗੋਲਡੀ ਢਿੱਲੋਂ ਦਾ ਨਾਮ ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਵੀ ਜੋੜਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ - ਪਾਕਿਸਤਾਨ ਦੀ ਆਈਐਸਆਈ ਦੀ ਰਾਜ ਦੀ ਸ਼ਾਂਤੀ ਭੰਗ ਕਰਨ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਗਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਰਮਨੀ ਵਿੱਚ ਬੈਠੇ ਗੋਲਡੀ ਢਿੱਲੋਂ 'ਤੇ ਐਨਆਈਏ ਵੱਲੋਂ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਯੂਨਿਟ (SSOC) ਮੋਹਾਲੀ ਵਿਖੇ ਵਿਸਫੋਟਕ ਐਕਟ ਦੇ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਅੱਤਵਾਦੀ ਗਤੀਵਿਧੀਆਂ ਦੇ ਸੰਬੰਧ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਹੈ।
- PTC NEWS