NOC ਤੋਂ ਬਿਨਾਂ ਪੰਜਾਬ 'ਚ ਨਹੀਂ ਹੋਵੇਗੀ ਕਿਸੇ ਪਲਾਟ ਦੀ ਰਜਿਸਟਰੀ ! ਹਾਈਕੋਰਟ ਦਾ ਮਾਨ ਸਰਕਾਰ ਨੂੰ ਵੱਡਾ ਝਟਕਾ
Plot Registration in Punjab : ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਵਿੱਚ ਬਿਨਾਂ NOC ਪਲਾਟਾਂ ਦੀ ਰਜਿਸਟਰੀ ਕਰਨ ਦੇ ਮਾਮਲੇ 'ਚ ਭਗਵੰਤ ਮਾਨ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਸਰਕਾਰ ਯਕੀਨੀ ਬਣਾਵੇ ਕਿ ਬਿਨਾਂ NOC ਤੋਂ ਕੋਈ ਰਜਿਸਟ੍ਰੇਸ਼ਨ ਨਾ ਹੋਵੇ।
ਹਾਈਕੋਰਟ ਨੇ ਕੀ ਕਿਹਾ ?
ਹਾਈ ਕੋਰਟ ਨੇ ਕਿਹਾ ਕਿ ਰਜਿਸਟ੍ਰੇਸ਼ਨ ਸਿਰਫ਼ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ ਦੀ ਧਾਰਾ 20ਸੀ ਤਹਿਤ ਜਾਰੀ ਐਨਓਸੀ ਤਹਿਤ ਜਾਰੀ ਲਾਇਸੈਂਸ ਤਹਿਤ ਹੀ ਕੀਤੀ ਜਾਣੀ ਚਾਹੀਦੀ ਹੈ।
ਪਟੀਸ਼ਨਰ ਪ੍ਰੇਮ ਪ੍ਰਕਾਸ਼ ਨੇ ਐਡਵੋਕੇਟ ਆਯੂਸ਼ ਗੁਪਤਾ ਰਾਹੀਂ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਕੇ 24 ਅਕਤੂਬਰ 2024 ਨੂੰ ਪੰਜਾਬ ਸਰਕਾਰ ਵੱਲੋਂ ਬਿਨਾਂ ਐਨਓਸੀ ਤੋਂ ਰਜਿਸਟਰੇਸ਼ਨ ਕਰਵਾਉਣ ਲਈ ਇਸ ਐਕਟ ਵਿੱਚ ਕੀਤੀ ਸੋਧ ਨੂੰ ਚੁਣੌਤੀ ਦਿੱਤੀ ਹੈ।
ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਇਹ ਸੋਧ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ, NOC ਤੋਂ ਬਿਨਾਂ 'ਨੋ ਅਬਜ਼ੈਕਸ਼ਨ' ਦੀ ਇਜਾਜ਼ਤ ਕਿਵੇਂ ਦਿੱਤੀ ਜਾ ਸਕਦੀ ਹੈ ਅਤੇ ਗੈਰ-ਕਾਨੂੰਨੀ ਕਾਲੋਨੀਆਂ ਵਿੱਚ ਸੇਲ ਡੀਡ ਦੀ ਇਜਾਜ਼ਤ ਕਿਵੇਂ ਦਿੱਤੀ ਜਾ ਸਕਦੀ ਹੈ।
ਹਾਈਕੋਰਟ ਨੇ 24 ਅਪ੍ਰੈਲ ਲਈ ਜਾਰੀ ਕੀਤਾ ਨੋਟਿਸ
ਇਸ 'ਤੇ ਸੁਣਵਾਈ ਕਰਦਿਆਂ ਚੀਫ਼ ਜਸਟਿਸ ਦੇ ਬੈਂਚ ਨੇ ਪੰਜਾਬ ਸਰਕਾਰ ਨੂੰ 24 ਅਪ੍ਰੈਲ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਅਤੇ ਨਾਲ ਹੀ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਕਿਸੇ ਵੀ ਵਿਅਕਤੀ ਨੂੰ ਜਾਰੀ ਕੀਤਾ ਗਿਆ ਲਾਇਸੰਸ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 ਦੀ ਧਾਰਾ 20 (3) ਤਹਿਤ ਐਨਓਸੀ ਦੇ ਆਧਾਰ 'ਤੇ ਯਕੀਨੀ ਬਣਾਉਣ ਲਈ ਜਾਰੀ ਕੀਤਾ ਜਾਵੇ।
ਹਾਈਕੋਰਟ ਦੇ ਇਸ ਹੁਕਮ ਤੋਂ ਸਪੱਸ਼ਟ ਹੈ ਕਿ ਸਰਕਾਰ ਨੂੰ ਬਿਨਾਂ ਐਨਓਸੀ ਤੋਂ ਰਜਿਸਟਰੇਸ਼ਨ ਨਾ ਕਰਨ ਦੇ ਹੁਕਮ ਦਿੱਤੇ ਗਏ ਹਨ।
- PTC NEWS