Kulhad Pizza : ਕੁੱਲੜ ਪੀਜ਼ਾ ਜੋੜੇ ਦੀ ਸੁਰੱਖਿਆ 'ਚ ਤੈਨਾਤ ਹਨ ਦੋ ਮੁਲਾਜ਼ਮ, ਪੰਜਾਬ ਪੁਲਿਸ ਨੇ ਹਾਈਕੋਰਟ ਨੂੰ ਦਿੱਤੀ ਜਾਣਕਾਰੀ
Kullad Pizza Couple Security Case : ਪੰਜਾਬ ਪੁਲਿਸ ਨੇ ਕੁੱਲੜ ਪੀਜ਼ਾ ਜੋੜੇ ਨੂੰ ਸੁਰੱਖਿਆ ਲਈ 2 ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ, ਜਦਕਿ ਇੱਕ ਪੀਸੀਆਰ ਨਿਯਮਤ ਤੌਰ 'ਤੇ ਉਨ੍ਹਾਂ ਦੇ ਘਰ ਅਤੇ ਰੈਸਟੋਰੈਂਟ 'ਤੇ ਗਸ਼ਤ ਕਰੇਗੀ। ਇਹ ਜਾਣਕਾਰੀ ਪੰਜਾਬ ਪੁਲਿਸ ਨੇ ਪੰਜਾਬ-ਹਰਿਆਣਾ ਹਾਈਕੋਰਟ ਨੂੰ ਦਿੱਤੀ।
ਦੱਸ ਦਈਏ ਕਿ ਕੁੱਲੜ ਪੀਜ਼ਾ ਜੋੜੇ ਸਹਿਜ ਅਰੋੜਾ ਅਸਲੀ ਨਾਮ ਸਾਜਨ ਮਨਚੰਦਾ ਅਤੇ ਗੁਰਪ੍ਰੀਤ ਕੌਰ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਦੀ ਮੰਗ ਕੀਤੀ ਸੀ।
ਪਟੀਸ਼ਨ ਵਿੱਚ ਕੁੱਲੜ ਪੀਜ਼ਾ ਕਪਲ ਨੇ ਨਿਹੰਗ ਮਾਨ ਸਿੰਘ ਦੇ ਵਿਰੋਧ ਕਾਰਨ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਹਾਈ ਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ। ਸੁਰੱਖਿਆ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਜਾਨ ਨੂੰ ਖਤਰਾ ਦੱਸਿਆ ਸੀ, ਜਿਸ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ ਅਤੇ ਦੋਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਸਨ।
ਬੁੱਧਵਾਰ ਜਲੰਧਰ ਦੇ ਏ.ਸੀ.ਪੀ ਨੇ ਹਾਈਕੋਰਟ ਨੂੰ ਜਾਣਕਾਰੀ ਦਿੰਦਿਆਂ ਇਹ ਵੀ ਕਿਹਾ ਕਿ ਦੋਵਾਂ ਨੂੰ ਮਿਲੀ ਧਮਕੀ ਦਾ ਅਜੇ ਵੀ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਉਧਰ, ਦੂਜੇ ਪਾਸੇ ਕੁੱਲੜ ਪੀਜ਼ਾ ਕਪਲ ਦੇ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਦੋ ਹਫ਼ਤਿਆਂ ਤੋਂ ਕੁਝ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ ਅਤੇ ਉਹ ਅਗਲੀ ਸੁਣਵਾਈ ’ਤੇ ਹਾਈ ਕੋਰਟ ਨੂੰ ਲਿਖਤੀ ਰੂਪ ਵਿੱਚ ਇਸ ਸਬੰਧੀ ਪੂਰੀ ਜਾਣਕਾਰੀ ਮੁਹੱਈਆ ਕਰਵਾ ਦੇਣਗੇ।
ਹਾਈਕੋਰਟ ਨੇ ਪੰਜਾਬ ਸਰਕਾਰ ਦੀ ਸੂਚਨਾ ਤੋਂ ਬਾਅਦ ਸੁਣਵਾਈ 20 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
- PTC NEWS