ਪੰਜਾਬ ਪੁਲਿਸ ਸੂਬੇ 'ਚ ਲਗਾਏਗੀ ਹਾਈਟੈਕ ਨਾਕੇ
ਫਗਵਾੜਾ: ਪੰਜਾਬ ਵਿੱਚ ਕਰਾਈਮ ਨੂੰ ਰੋਕਣ ਲਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਫਗਵਾੜਾ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦਾ ਕਹਿਣਾ ਹੈ ਕਿ ਸੂਬੇ ਦੇ ਸਾਰੇ ਹਾਈਟੈਕ ਨਾਕਿਆਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।
ਉਨ੍ਹਾਂ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ’ਤੇ ਰਾਤ ਵੇਲੇ ਪੁਲਿਸ ਚੌਕੀਆਂ ਵਿੱਚ ਵਾਧਾ ਕਰਨ ਅਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ, ਜਿਸ ਨਾਲ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਦਰਮਿਆਨ ਇਸ ਤਰੀਕੇ ਨਾਲ ਤਾਲਮੇਲ ਕੀਤਾ ਜਾਣਾ ਚਾਹੀਦਾ ਹੈ ਕਿ ਕਿਸੇ ਵੀ ਘਟਨਾ ਦੀ ਸੂਚਨਾ ਮਿਲਣ ‘ਤੇ ਤੁਰੰਤ ਸਰਗਰਮ ਹੋ ਜਾਣ।
ਉਨ੍ਹਾਂ ਸਮੂਹ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਮਾਜ ਵਿਰੋਧੀ ਅਨਸਰਾਂ ’ਤੇ ਬਾਜ਼ ਅੱਖ ਰੱਖਣ ਅਤੇ ਚੌਕਸੀ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਮੀਟਿੰਗ ਦੌਰਾਨ ਅਮਨ-ਕਾਨੂੰਨ ਨਾਲ ਸਬੰਧਤ ਅਹਿਮ ਮਾਮਲਿਆਂ ਬਾਰੇ ਵੀ ਹਦਾਇਤਾਂ ਜਾਰੀ ਕੀਤੀਆਂ।
ਏ.ਡੀ.ਜੀ.ਪੀ. ਨੇ ਕਿਹਾ ਕਿ ਪੁਲਿਸ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਦਿਨ ਰਾਤ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ, ਰਾਜ ਵਿੱਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਕਾਫ਼ੀ ਸਫ਼ਲਤਾ ਮਿਲ ਰਹੀ ਹੈ।
- PTC NEWS