ਠੰਢੀਆਂ ਹਵਾਵਾਂ ਕਾਰਨ ਕੰਬਿਆ ਪੰਜਾਬ, ਧੁੰਦ ਤੋਂ ਮਿਲੀ ਰਾਹਤ
ਚੰਡੀਗੜ੍ਹ : ਮੰਗਲਵਾਰ ਸਵੇਰੇ ਠੰਢੀਆਂ ਹਵਾਵਾਂ ਚੱਲਣ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਪਮਾਨ ਵਿਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। ਬਠਿੰਡਾ, ਫ਼ਰੀਦਕੋਟ ਅਤੇ ਗੁਰਦਾਸਪੁਰ ਵਿਚ ਲੋਕਾਂ ਨੂੰ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਲੋਕਾਂ ਨੂੰ ਸੰਘਣੀ ਧੁੰਦ ਤੋਂ ਰਾਹਤ ਮਿਲੀ ਤੇ ਹਾਈਵੇ ਉਤੇ ਆਵਾਜਾਈ ਆਮ ਵਾਂਗ ਰਹੀ। ਲੋਕ ਠੰਢ ਤੋਂ ਨਿਜਾਤ ਪਾਉਣ ਲਈ ਅੱਗ ਦਾ ਸਹਾਰਾ ਲੈਂਦੇ ਵੇਖੇ ਗਏ।
ਕਾਬਿਲੇਗੌਰ ਹੈ ਕਿ ਸੋਮਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਇਕ ਤੋਂ ਤਿੰਨ ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ 'ਚ ਹਿਮਾਲਿਆ ਤੋਂ ਆਉਣ ਵਾਲੀਆਂ ਬਰਫੀਲੀਆਂ ਉੱਤਰ-ਪੱਛਮੀ ਹਵਾਵਾਂ ਨਾਲ ਅਗਲੇ ਦੋ ਦਿਨਾਂ 'ਚ ਇਸ ਖੇਤਰ 'ਚ ਠੰਢ ਹੋਰ ਵਧਣ ਦੀ ਸੰਭਾਵਨਾ ਹੈ।
ਭਾਰਤ ਦੇ ਮੌਸਮ ਵਿਭਾਗ ਦੇ ਵਿਗਿਆਨੀ ਆਰ ਕੇ ਜੇਨਾਮਾਨੀ ਨੇ ਦੱਸਿਆ ਕਿ ਦਿੱਲੀ 'ਚ ਸੀਤ ਲਹਿਰ ਦੇ ਗੰਭੀਰ ਹਾਲਾਤ ਹੋਣ ਕਾਰਨ ਰਾਜਧਾਨੀ 'ਚ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ 'ਤੇ ਆ ਗਿਆ ਹੈ। ਅਗਲੇ 2 ਦਿਨਾਂ ਤੱਕ ਤਾਪਮਾਨ ਇਸ ਤਰ੍ਹਾਂ ਹੀ ਰਹਿਣ ਦੇ ਆਸਾਰ ਹਨ। 18 ਜਨਵਰੀ ਤੋਂ ਤਾਪਮਾਨ ਵਧ ਸਕਦਾ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਉੱਤਰ-ਪੱਛਮੀ ਅਤੇ ਪੂਰਬੀ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਇੱਕ ਤੋਂ ਤਿੰਨ ਡਿਗਰੀ ਸੈਲਸੀਅਸ ਰਿਹਾ।
ਇਹ ਵੀ ਪੜ੍ਹੋ : ਲਤੀਫਪੁਰਾ ਮੁੜ ਵਸੇਬਾ ਮੋਰਚੇ ਦੇ ਸੱਦੇ 'ਤੇ ਹਾਈਵੇ ਤੇ ਰੇਲਵੇ ਟਰੈਕ ਜਾਮ, ਕੈਬਨਿਟ ਮੰਤਰੀ ਬੈਂਸ ਜਾਮ 'ਚ ਫਸੇ
ਦਿੱਲੀ ਦੇ ਨਾਲ-ਨਾਲ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਉੱਤਰ ਪੱਛਮੀ ਮੱਧ ਪ੍ਰਦੇਸ਼ ਵਿੱਚ ਤਾਪਮਾਨ 1 ਤੋਂ 3 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਪੱਛਮੀ ਰਾਜਸਥਾਨ ਦੇ ਚੁਰੂ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ 18 ਅਤੇ 20 ਜਨਵਰੀ ਨੂੰ ਦੋ ਪੱਛਮੀ ਗੜਬੜੀ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰੇਗੀ। ਜਿਸ ਕਾਰਨ ਉੱਤਰ-ਪੱਛਮੀ ਭਾਰਤ ਵਿੱਚ ਸੀਤ ਲਹਿਰ ਦੀ ਸਥਿਤੀ 19 ਜਨਵਰੀ ਤੋਂ ਬਾਅਦ ਖਤਮ ਹੋਣ ਦੀ ਸੰਭਾਵਨਾ ਹੈ। 18 ਜਨਵਰੀ ਦੀ ਰਾਤ ਤੋਂ, ਇੱਕ ਨਵੀਂ ਪੱਛਮੀ ਗੜਬੜ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਤ ਕਰ ਸਕਦੀ ਹੈ। ਇਸ ਕਾਰਨ ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
- PTC NEWS