MLA Sukhwinder Sukhi : ਪਹਿਲਾਂ ਹਾਈਕੋਰਟ 'ਚ ਪਟੀਸ਼ਨ, ਫਿਰ ਡਾਇਰੈਕਟਰ ਤੇ ਚੇਅਰਪਰਸਨ ਦਾ ਅਹੁਦਾ, ਹੁਣ ਸਪੀਕਰ ਦਾ ਨੋਟਿਸ
AAP Banga MLA Sukhwinder Sukhi : ਬੰਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਦੀ ਕਿਸਮਤ ਸਿਆਸਤ ਕਰਦੀ ਨਜ਼ਰ ਆ ਰਹੀ ਹੈ। ਕਿਉਂਕਿ ਪਹਿਲਾਂ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੇ ਜਾਣ ਨੂੰ ਲੈ ਕੇ ਅਰਜ਼ੀ ਦਾਖਲ ਹੋਈ, ਫਿਰ ਸ਼ਾਮ ਨੂੰ ਪੰਜਾਬ ਸਰਕਾਰ ਵੱਲੋਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਅਹੁਦਾ ਦੇ ਦਿੱਤਾ ਗਿਆ ਅਤੇ ਹੁਣ ਸਪੀਕਰ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬੰਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਨੋਟਿਸ ਜਾਰੀ ਕਰਕੇ 11 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸਤੋਂ ਪਹਿਲਾ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਬੰਗਾ ਨੂੰ ਪੰਜਾਬ ਰਾਜ ਕੰਟੇਨਰ ਅਤੇ ਵੇਅਰਹਾਊਸ ਕਾਰਪੋਰੇਸ਼ਨ ਦਾ ਡਾਇਰੈਕਟਰ ਅਤੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਬੰਗਾ ਤੋਂ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਹਾਲ ਹੀ ਵਿੱਚ ਅਕਾਲੀ ਦਲ ਛੱਡ ਕੇ 'ਆਪ' ਵਿੱਚ ਸ਼ਾਮਲ ਹੋਏ ਸਨ।
ਜਾਣਕਾਰੀ ਅਨੁਸਾਰ ਇਹ ਨੋਟਿਸ ਵਿਧਾਇਕ ਨੂੰ ਦਲ ਬਦਲੀ ਕਾਨੂੰਨ ਤਹਿਤ ਜਾਰੀ ਕੀਤਾ ਗਿਆ ਹੈ, ਕਿਉਂਕਿ ਡਾ. ਸੁਖਵਿੰਦਰ ਸਿੰਘ ਸੁੱਖੀ, ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਬੰਗਾ ਤੋਂ ਵਿਧਾਇਕ ਚੁਣੇ ਗਏ ਸਨ। ਪਰ ਸਾਲ 2024 ਵਿੱਚ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ, ਜਿਸ ਨੂੰ ਲੈ ਕੇ ਵਕੀਲ ਐਚ.ਸੀ. ਅਰੋੜਾ ਵੱਲੋਂ ਹਾਈਕੋਰਟ ਵਿੱਚ ਵਿਧਾਇਕ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਦਾਖਲ ਕੀਤੀ ਗਈ ਸੀ। ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਵਿਧਾਨ ਸਭਾ ਸਪੀਕਰ ਨੂੰ ਇਸ ਮਾਮਲੇ 'ਚ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ ਸਨ।
ਡਾ. ਸੁੱਖੀ, ਵਿਧਾਨ ਸਭਾ ਸਪੀਕਰ ਨੂੰ ਲਿਖਤੀ ਜਵਾਬ ਦੇਣਗੇ ਜਾਂ ਨਹੀਂ, ਇਹ ਵੀ ਦੇਖਣਾ ਹੋਵੇਗਾ, ਕਿਉਂਕਿ ਇਸਤੋਂ ਪਹਿਲਾਂ ਵੀ ਉਨ੍ਹਾਂ ਕੋਲੋਂ 25 ਸਤੰਬਰ 2024 ਨੂੰ ਲਿਖਤ ਵਿੱਚ ਜਵਾਬ ਮੰਗਿਆ ਸੀ ਅਤੇ ਹੁਣ ਇਹ ਦੂਜੀ ਵਾਰ ਜਵਾਬ ਮੰਗਿਆ ਹੈ। ਹੁਣ ਜਾਰੀ ਨੋਟਿਸ ਅਨੁਸਾਰ ਡਾ. ਸੁੱਖੀ ਨੂੰ 11 ਫਰਵਰੀ ਨੂੰ 11 ਵਜੇ ਸਪੀਕਰ ਕੋਲ ਹੋਣਾ ਪਵੇਗਾ।
- PTC NEWS