NIA ਵੱਲੋਂ ਪੰਜਾਬੀ ਗਾਇਕ ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਘੰਟਿਆਂ ਤੱਕ ਪੁੱਛ-ਪੜਤਾਲ
ਨਵੀਂ ਦਿੱਲੀ, 4 ਨਵੰਬਰ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਵੀਰਵਾਰ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਦਿਲਪ੍ਰੀਤ ਸਿੰਘ ਢਿੱਲੋਂ ਤੋਂ ਦਿੱਲੀ ਹੈੱਡਕੁਆਰਟਰ ਵਿੱਚ ਕਰੀਬ ਪੰਜ ਘੰਟੇ ਪੁੱਛਗਿੱਛ ਕੀਤੀ। ਇਸ ਦੌਰਾਨ ਉਨ੍ਹਾਂ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧਾਂ ਬਾਰੇ ਵੀ ਸਵਾਲ ਪੁੱਛੇ ਗਏ।
ਇਨ੍ਹਾਂ ਗਾਇਕਾਂ ਦਾ ਨਾਂ ਲਾਰੈਂਸ ਨਾਲ ਜੋੜਿਆ ਗਿਆ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਦੇ ਵਿਰੋਧੀ ਬੰਬੀਹਾ ਗੈਂਗ ਨੇ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਪਿਛਲੇ ਹਫਤੇ NIA ਨੇ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਵੀ ਪੁੱਛਗਿੱਛ ਕੀਤੀ ਸੀ।
ਕੇਂਦਰੀ ਏਜੰਸੀ ਨੇ ਇਹ ਜਾਂਚ ਉਦੋਂ ਸ਼ੁਰੂ ਕੀਤੀ ਜਦੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰਾਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਅਤੇ ਕੇਸ ਵਾਪਸ ਲੈਣ ਦੀ ਗੱਲ ਵੀ ਕੀਤੀ।
ਮਨਕੀਰਤ ਔਲਖ ਤੋਂ ਪੁੱਛਗਿੱਛ ਕਾਫੀ ਅਹਿਮ ਦੱਸੀ ਜਾ ਰਹੀ ਹੈ ਕਿਉਂਕਿ ਮਨਕੀਰਤ ਦੇ ਦੋਸਤ ਅਤੇ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਪਿਛਲੇ ਸਾਲ ਅਗਸਤ ਵਿੱਚ ਮੁਹਾਲੀ ਦੇ ਸੈਕਟਰ-71 ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਦੇ ਕਤਲ ਤੋਂ ਬਾਅਦ ਹੀ ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ 'ਤੇ ਧਮਕੀ ਦਿੱਤੀ ਸੀ ਕਿ ਉਹ ਇਸ ਕਤਲ ਦਾ ਬਦਲਾ ਜ਼ਰੂਰ ਲੈਣਗੇ।
ਕਤਲ ਦੀ ਜਾਂਚ ਵਿੱਚ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਸਿੰਘ ਦਾ ਨਾਂ ਸਾਹਮਣੇ ਆਇਆ ਸੀ। ਉਸ 'ਤੇ ਵਿੱਕੀ ਦੇ ਕਾਤਲਾਂ ਨੂੰ ਪਨਾਹ ਦੇਣ ਦਾ ਇਲਜ਼ਾਮ ਹੈ ਤੇ ਇਸੀ ਕੜੀ 'ਚ ਮੂਸੇਵਾਲਾ ਦਾ ਕੁੱਝ ਦਿਨਾਂ ਬਾਅਦ ਕਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: ਮਕਬੂਲ ਪੰਜਾਬੀ ਗਾਇਕ ਏਪੀ ਢਿੱਲੋਂ ਜ਼ਖ਼ਮੀ, ਪ੍ਰਸ਼ੰਸਕਾਂ ਕੋਲੋਂ ਮੰਗੀ ਮਾਫੀ
ਇੱਥੇ ਦੱਸਣਾ ਬਣਦਾ ਕਿ ਕਰੀਬ ਪੰਜ ਮਹੀਨੇ ਪਹਿਲਾਂ ਮਨਕੀਰਤ ਔਲਖ ਨੇ ਆਪਣੇ ਫੇਸਬੁੱਕ ਅਕਾਊਂਟ ਤੋਂ ਪੋਸਟ ਰਾਹੀਂ ਖੁਦ ਇਸ ਮਾਮਲੇ 'ਚ ਸਪੱਸ਼ਟੀਕਰਨ ਦਿੱਤਾ ਸੀ। ਉਸਨੇ ਲਿਖਿਆ ਸੀ ਕਿ ਰੱਬ ਜਾਣਦਾ ਹੈ ਕਿ ਮੈਂ ਇੱਕ ਮਾਂ ਤੋਂ ਇਹ ਸਭ ਕੁੱਝ ਸੋਚ ਵੀ ਨਹੀਂ ਸਕਦਾ, ਉਸਦਾ ਪੁੱਤਰ ਖੋਹਣਾ ਤਾਂ ਦੂਰ। ਮੈਨੂੰ ਵੀ ਇੱਕ ਸਾਲ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ।
ਹਾਲਾਂਕਿ NIA ਨੇ ਪੁੱਛਗਿੱਛ ਨਾਲ ਜੁੜੀ ਕਿਸੇ ਗੱਲ ਦੀ ਅਧਿਕਾਰਤ ਤੌਰ 'ਤੇ ਕੋਈ ਪੁਸ਼ਟੀ ਨਹੀਂ ਕੀਤੀ ਹੈ।
- PTC NEWS