ਮੁੱਖ ਮੰਤਰੀ ਦੱਸਣ ਕਿ ਉਹ ਮੰਡੀ ਬੋਰਡ ਦੇ ਚੀਫ ਇੰਜੀਨੀਅਰ ਜਤਿੰਦਰ ਸਿੰਘ ਭੰਗੂ ਦੀ ਪੁਸ਼ਤ ਪਨਾਹੀ ਕਿਉਂ ਕਰ ਰਹੇ ਹਨ ,ਜਿਸਨੇ ਮੰਨਿਆ ਕਿ ਉਸਨੇ 50 ਲੋਕਾਂ ਦਾ ਕਤਲ ਕੀਤਾ : ਅਕਾਲੀ ਦਲ
Punjab News : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਉਹ ਦੱਸਣ ਕਿ ਉਹ ਮੰਡੀ ਬੋਰਡ ਦੇ ਉਸ ਚੀਫ ਇੰਜੀਨੀਅਰ ਜਤਿੰਦਰ ਸਿੰਘ ਭੰਗੂ ਦੀ ਪੁਸ਼ਤ ਪਨਾਹੀ ਕਿਉਂ ਕਰ ਰਹੇ ਹਨ ,ਜਿਸਨੇ ਸ਼ਰ੍ਹੇਆਮ ਇਹ ਦਾਅਵਾ ਕੀਤਾ ਕਿ ਉਸਨੇ 50 ਲੋਕਾਂ ਦਾ ਕਤਲ ਕੀਤਾ ਹੈ ਤੇ ਉਹ ਵਿਰੋਧੀ ਧਿਰ ਦੇ ਆਗੂ ਦਾ ਵੀ ਕਤਲ ਕਰ ਦੇਵੇਗਾ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਡਾ. ਦਲਜੀਤ ਸਿੰਘ ਚੀਮਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਆਖਿਆ ਕਿ ਇਹ ਇਕ ਸੱਚਾਈ ਹੈ ਕਿ ਮੁੱਖ ਮੰਤਰੀ ਜਤਿੰਦਰ ਭੰਗੂ ਦੀ ਪੁਸ਼ਤ ਪਨਾਹੀ ਕਰ ਰਹੇ ਹਨ ਜਿਸ ਤੋਂ ਸਪਸ਼ਟ ਤੌਰ ਹੋ ਗਿਆ ਹੈ ਕਿ ਅਜਿਹੇ ਅਨਸਰਾਂ ਦੀ ਆਪ ਸਰਕਾਰ ਪੁਸ਼ਤ ਪਨਾਹੀ ਕਰ ਰਹੀ ਹੈ ਤੇ ਇਹਨਾਂ ਦੀ ਵਰਤੋਂ ਵਿਰੋਧੀਆਂ ਨੂੰ ਖ਼ਤਮ ਕਰਨ ਵਾਸਤੇ ਕੀਤੀ ਜਾ ਰਹੀ ਹੈ।
ਡਾ. ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਆਪ ਸਰਕਾਰ ਨੇ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੀ ਉਸ ਸ਼ਿਕਾਇਤ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਿਸ ਵਿਚ ਉਹਨਾਂ ਦੱਸਿਆ ਸੀ ਕਿ ਉਹਨਾਂ ਨੂੰ ਭੰਗੂ ਵੱਲੋਂ ਇਹ ਕਹਿ ਕੇ ਧਮਕੀ ਦਿੱਤੀ ਜਾ ਰਹੀ ਹੈ ਕਿ ਉਹ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦਾ ਸਾਥੀ ਹੈ ਤੇ ਉਸਨੇ ਹੁਣ ਤੱਕ 50 ਲੋਕਾਂ ਨੂੰ ਮਾਰ ਮੁਕਾਇਆ ਹੈ ਅਤੇ ਚਾਰ ਬਾਕੀ ਹਨ।
ਉਹਨਾਂ ਕਿਹਾ ਕਿ ਭੰਗੂ ਨੇ ਇਹ ਵੀ ਧਮਕੀ ਦਿੱਤੀ ਸੀ ਕਿ ਉਹ ਅਰਸ਼ਦੀਪ ਕਲੇਰ ਦਾ ਵੀ ਕਤਲ ਕਰ ਦੇਵੇਗਾ ਅਤੇ ਜ਼ੋਰ ਦੇ ਕੇ ਦਾਅਵਾ ਕੀਤਾ ਸੀ ਕਿ ਉਸਨੂੰ ਗ੍ਰਨੇਡ ਵੀ ਚਲਾਉਣੇ ਆਉਂਦੇ ਹਨ। ਡਾ. ਚੀਮਾ ਨੇ ਜ਼ੋਰ ਦੇ ਕੇ ਆਖਿਆ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਆਪਣੇ ਆਪ ਨੂੰ ਅੰਮ੍ਰਿਤਪਾਲ ਦਾ ਨੇੜਲਾ ਸਾਥੀ ਦੱਸਣ ਵਾਲੇ ਭੰਗੂ ਦੇ ਖਿਲਾਫ ਮੁੱਖ ਮੰਤਰੀ ਨੇ ਕੋਈ ਕਾਰਵਾਈ ਨਹੀਂ ਕੀਤੀ ਜਦੋਂ ਕਿ ਅੰਮ੍ਰਿਤਪਾਲ ਸਿੰਘ ਦੀਆਂ ਅਪਰਾਧਿਕ ਗਤੀਵਿਧੀਆਂ ਦੀ ਆਡੀਓ ਟੇਪਾਂ ਵੀ ਹੁਣ ਜਨਤਕ ਹੋ ਚੁੱਕੀਆਂ ਹਨ।
ਡਾ. ਚੀਮਾ ਨੇ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਆਪ ਸਰਕਾਰ ਜਾਣ ਬੁੱਝ ਕੇ ਸੂਬੇ ਦਾ ਮਾਹੌਲ ਖਰਾਬ ਕਰਨ ਵਾਸਤੇ ਕੰਮ ਕਰ ਰਹੀ ਹੈ। ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਆਪ ਸਰਕਾਰ ਨੇ ਹੁਣ ਨਿਆਂ ਹਾਸਲ ਕਰਨ ਵਾਸਤੇ ਉਹਨਾਂ ਕੋਲ ਅਦਾਲਤ ਕੋਲ ਪਹੁੰਚ ਕਰਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਛੱਡਿਆ।
- PTC NEWS