Mon, Mar 3, 2025
Whatsapp

ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੀ ਨਿਆਂਇਕ ਜਾਂਚ ਹੋਵੇ: ਅਕਾਲੀ ਦਲ

ਡਾ. ਚੀਮਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਭੰਗ ਕਰਨ ਵਾਸਤੇ ਦਹਾਕੇ ਭਰ ਤੋਂ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਕਿਹਾ ਕਿ ਇਸ ਸਾਜ਼ਿਸ਼ ਦੇ ਹਿੱਸੇ ਵਜੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕੀਤੀ ਜਾ ਰਹੀ ਹੈ।

Reported by:  PTC News Desk  Edited by:  Amritpal Singh -- January 31st 2025 06:06 PM
ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੀ ਨਿਆਂਇਕ ਜਾਂਚ ਹੋਵੇ: ਅਕਾਲੀ ਦਲ

ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੀ ਨਿਆਂਇਕ ਜਾਂਚ ਹੋਵੇ: ਅਕਾਲੀ ਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਅੰਮ੍ਰਿਤਸਰ ਵਿਚ ਗਣਤੰਤਰ ਦਿਵਸ ਦੇ ਮੌਕੇ ’ਤੇ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਅਤੇ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਤਹਿਤ 10 ਹਜ਼ਾਰ ਹੋਰ ਕਾਪੀਆਂ ਛਪਵਾਉਣ ਦੀ ਪ੍ਰਵਾਨਗੀ ਦਿੱਤੀ।

ਵਰਕਿੰਗ ਕਮੇਟੀ ਦੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਲਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਕਰਨ ਸਮੇਤ ਜਿਸ ਤਰੀਕੇ ਪੰਜਾਬ ਵਿਚ ਵੱਖ-ਵੱਖ ਭਾਈਚਾਰਿਆਂ ਵਿਚ ਵੰਡ ਪਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਉਸਦਾ ਗੰਭੀਰ ਨੋਟਿਸ ਲਿਆ। ਡਾ. ਚੀਮਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਭੰਗ ਕਰਨ ਵਾਸਤੇ ਦਹਾਕੇ ਭਰ ਤੋਂ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਕਿਹਾ ਕਿ ਇਸ ਸਾਜ਼ਿਸ਼ ਦੇ ਹਿੱਸੇ ਵਜੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਵਰਕਿੰਗ ਕਮੇਟੀ ਬਹੁਤ ਹੀ ਸਪਸ਼ਟ ਹੈ ਕਿ ਸਿਰਫ ਨਿਆਂਇਕ ਜਾਂਚ ਹੀ ਇਸ ਕਾਰਵਾਈ ਪਿਛਲੇ ਸਾਜ਼ਿਸ਼ਕਰਤਾਵਾਂ ਨੂੰ ਬੇਨਕਾਬ ਕਰ ਸਕਦੀ ਹੈ। ਇਹ ਜਾਂਚ ਛੇਤੀ ਤੋਂ ਛੇਤੀ ਸ਼ੁਰੂ ਹੋਣੀ ਚਾਹੀਦੀ ਹੈ ਤੇ ਉਹਨਾਂ ਸਾਰੇ ਸਿਵਲ ਤੇ ਪੁਲਿਸ ਅਧਿਕਾਰੀਆਂ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ ਜੋ ਗਣਤੰਤਰ ਦਿਵਸ ਦੇ ਮੌਕੇ ’ਤੇ ਸੂਬੇ ਵਿਚ ਹਾਈ ਅਲਰਟ ਹੋਣ ਦੇ ਬਾਵਜੂਦ ਆਪਣਾ ਫਰਜ਼ ਨਿਭਾਉਣ ਵਿਚ ਅਸਫਲ ਰਹੇ।


ਵਰਕਿੰਗ ਕਮੇਟੀ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਡਾ. ਚੀਮਾ ਨੇ ਕਿਹਾ ਕਿ ਹੁਣ ਤੱਕ 24440 ਕਾਪੀਆਂ ਵੰਡੀਆਂ ਜਾ ਚੁੱਕੀਆਂ ਹਨ ਤੇ ਇਸ ਹਿਸਾਬ ਨਾਲ 24.44 ਲੱਖ ਮੈਂਬਰਾਂ ਦੀ ਭਰਤੀ ਵਾਸਤੇ ਪਰਚੀਆਂ ਦੀ ਵੰਡ ਹੋ ਗਈ ਹੈ। ਉਹਨਾਂ ਕਿਹਾ ਕਿ ਹਾਲੇ ਵੀ ਕਾਪੀਆਂ ਦੀ ਹੋਰ ਮੰਗ ਕੀਤੀ ਜਾ ਰਹੀ ਹੈ ਤੇ ਇਹ ਫੈਸਲਾ ਕੀਤਾ ਗਿਆ ਹੈ ਕਿ 10 ਹਜ਼ਾਰ ਹੋਰ ਕਾਪੀਆਂ ਛਪਵਾਈਆਂ ਜਾਣ ਤਾਂ ਜੋ ਇਹ ਛੇਤੀ ਤੋਂ ਛੇਤੀ ਮੈਂਬਰਾਂ ਨੂੰ ਵੰਡੀਆਂ ਜਾ ਸਕਣ।

ਸ਼੍ਰੋਮਣੀ ਕਮੇਟੀ ਚੋਣਾਂ ਵਿਚ ਜਾਅਲੀ ਵੋਟਰਾਂ ਦੀ ਰਜਿਸਟਰੇਸ਼ਨ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਾਮਲਾ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ (ਰਿਟਾ) ਐਸ ਐਸ ਸਾਰੋਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਇਕ ਵਫਦ ਨੇ ਹਾਲ ਹੀ ਵਿਚ ਮੁੱਖ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਸੀ ਅਤੇ ਉਹਨਾਂ ਨੂੰ ਜਾਣੂ ਕਰਵਾਇਆ ਸੀ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਜਿਹਨਾਂ ਦੇ ਨਾਂ ਅੱਗੇ ਸਿੰਘ ਅਤੇ ਕੌਰ ਸ਼ਬਦ ਲਿਖੇ ਹੋਣ, ਉਹ ਹੀ ਸ਼੍ਰੋਮਣੀ ਕਮੇਟੀ ਚੋਣਾਂ ਵਾਸਤੇ ਵੋਟਰ ਵਜੋਂ ਨਾਂ ਦਰਜ ਕਰਵਾ ਸਕਦੇ ਹਨ।

ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਵਫਦ ਨੇ ਕਮਿਸ਼ਨਰ ਨੂੰ ਦੱਸਿਆ ਸੀ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਬੂਥ ਪੱਧਰ ਦੇ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਵਿਧਾਨ ਸਭਾ ਦੀਆਂ ਵੋਟਰ ਸੂਚੀਆਂ ਵਿਚੋਂ ਵੋਟਾਂ ਦਰਜ ਕਰ ਲੈਣ  ਜਿਸ ਕਾਰਣ ਹੋਰ ਧਰਮਾਂ ਦੇ ਲੋਕਾਂ ਦੀਆਂ ਵੋਟਾਂ ਵੀ ਸ਼੍ਰੋਮਣੀ ਕਮੇਟੀ ਚੋਣਾਂ ਲਈ ਰਜਿਸਟਰ ਹੋ ਗਈਆਂ ਹਨ।

ਉਹਨਾਂ ਕਿਹਾ ਕਿ ਅਸੀਂ ਮੰਗ ਕੀਤੀ ਹੈ ਕਿ ਇਹਨਾਂ ਸਾਰੀਆਂ ਜਾਅਲੀ ਵੋਟਾਂ ਦੀ ਸਮੀਖਿਆ ਕੀਤੀ ਜਾਵੇ ਅਤੇ ਇਹਨਾਂ ਨੂੰ ਰੱਦ ਕੀਤਾ ਜਾਵੇ। ਉਹਨਾਂ ਕਿਹਾ ਕਿ ਅਸੀਂ ਮਾਮਲੇ ਵਿਚ ਰਸਮੀ ਇਤਰਾਜ਼ ਵੀ ਦਾਇਰ ਕਰਾਂਗੇ।

- PTC NEWS

Top News view more...

Latest News view more...

PTC NETWORK