ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ : ਸਾਧੂ ਸਿੰਘ ਧਰਮਸੋਤ ਨੂੰ 3 ਦਿਨ ਦੇ ਵਿਜੀਲੈਂਸ ਰਿਮਾਂਡ 'ਤੇ ਭੇਜਿਆ
ਮੁਹਾਲੀ : ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਮੁੜ ਵਿਵਾਦਾਂ ਵਿਚ ਘਿਰਦੇ ਨਜ਼ਰ ਆ ਰਹੇ ਹਨ। ਬੀਤੇ ਦਿਨ ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਅੱਜ ਸਾਬਕਾ ਮੰਤਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੋਂ ਉਨ੍ਹਾਂ ਨੂੰ ਤਿੰਨ ਦਿਨ ਲਈ ਵਿਜੀਲੈਂਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ।
ਅਦਾਲਤ ਵਿਚ ਪਹੁੰਚੇ ਸਾਧੂ ਸਿੰਘ ਧਰਮਸੋਤ ਨਾਲ ਜਦੋਂ ਮੀਡੀਆ ਨੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਸਭ ਕੁਝ ਅਦਾਲਤ 'ਚ ਕਹਿਣਗੇ। ਵਿਜੀਲੈਂਸ ਜਾਂਚ ਦੀ ਤਫਤੀਸ਼ ਮਗਰੋਂ ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਥਾਣਾ ਮੋਹਾਲੀ 'ਚ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : JEE Main Result Out: ਜੇਈਈ ਮੇਨ ਜਨਵਰੀ ਸੈਸ਼ਨ ਦਾ ਨਤੀਜਾ ਜਾਰੀ, ਇਸ ਤਰ੍ਹਾਂ ਕਰੋ ਚੈਕ
ਇਹ ਹੈ ਪੂਰਾ ਮਾਮਲਾ
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਫਤੀਸ਼ 'ਚ ਸਾਹਮਣੇ ਆਇਆ ਹੈ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੇ ਸਮੇਂ ਦੌਰਾਨ ਧਰਮਸੋਤ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2 ਕਰੋੜ 37 ਲੱਖ 12 ਹਜ਼ਾਰ 596 ਰੁਪਏ ਸੀ, ਜਦੋਂ ਕਿ ਖ਼ਰਚਾ 8 ਕਰੋੜ 76 ਲੱਖ 30 ਹਜ਼ਾਰ 888 ਰੁਪਏ ਸੀ। ਇਸ 'ਚ 6 ਕਰੋੜ 39 ਲੱਖ ਰੁਪਏ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ 269 ਫੀਸਦੀ ਜ਼ਿਆਦਾ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਕਾਬਿਲੇਗੌਰ ਹੈ ਕਿ ਸਾਧੂ ਸਿੰਘ ਧਰਮਸੋਤ ਦੀ ਜੰਗਲਾਤ ਵਿਭਾਗ 'ਚ ਘਪਲੇ ਨੂੰ ਲੈ ਕੇ ਪਹਿਲਾਂ ਵੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਤੇ ਜ਼ਮਾਨਤ ਉੱਤੇ ਬਾਹਰ ਹਨ। ਸਾਬਕਾ ਮੰਤਰੀ ਧਰਮਸੋਤ ਉੱਤੇ ਦਰੱਖਤ ਕੱਟਣ ਬਦਲੇ 500 ਰੁਪਏ ਰਿਸ਼ਵਤ ਲੈਣ ਦਾ ਇਲਜ਼ਾਮ ਹੈ।
- PTC NEWS