ਐਡਵੋਕੇਟ ਧਾਮੀ ਨੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਕੀਤਾ ਦੁੱਖ ਪ੍ਰਗਟ
SGPC on Bapu Surat Singh Khalsa : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਸੰਘਰਸ਼ ਲੜਣ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਨੇ ਆਪਣੀ ਜਿੰਦਗੀ ਦਾ ਵੱਡਾ ਹਿੱਸਾ ਬੰਦੀ ਸਿੰਘ ਦੀ ਰਿਹਾਈ ਦੇ ਲੇਖੇ ਲਾਇਆ। ਉਨ੍ਹਾਂ ਨੇ ਆਪਣਾ ਸੰਘਰਸ਼ ਪੂਰੀ ਦ੍ਰਿੜਤਾ ਨਾਲ ਲੜਿਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਕੌਮ ਕੋਲੋਂ ਇੱਕ ਦ੍ਰਿੜ ਆਗੂ ਚਲਾ ਗਿਆ ਹੈ, ਜਿਸ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਬਾਪੂ ਸੂਰਤ ਸਿੰਘ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੀ ਸੰਵੇਦਨਾ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
- PTC NEWS