Sri Akal Takht Sahib ਦੀ ਛਤਰ ਛਾਇਆ ਹੇਠ ‘ਖੁਆਰ ਹੋਏ ਸਭ ਮਿਲੈਂਗੇ’ ਧਰਮ ਪ੍ਰਚਾਰ ਲਹਿਰ ਦਾ ਹੋਇਆ ਆਗਾਜ਼
Sri Akal Takht Sahib : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Giani Kuldeep Singh Gargajj) ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਅੱਜ ਨਗਾਰਾ ਵਜਾ ਕੇ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਸਥਿਤ ਗੁਰਦੁਆਰਾ ਜਨਮ ਅਸਥਾਨ ਭਾਈ ਜੀਵਨ ਸਿੰਘ ਪਿੰਡ ਗੱਗੋ ਮਾਹਲ ਤੋਂ “ਖੁਆਰ ਹੋਏ ਸਭ ਮਿਲੈਂਗੇ” ਧਰਮ ਪ੍ਰਚਾਰ ਲਹਿਰ ਸ਼ੁਰੂ ਕਰ ਦਿੱਤੀ ਹੈ। ਇਹ ਲਹਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਧਰਮ ਪ੍ਰਚਾਰ ਕਮੇਟੀ ਦੀ ਤਰਫੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਸ਼ੁਰੂ ਕੀਤੀ ਗਈ ਹੈ।
ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨਗਰ ਅਤੇ ਇਲਾਕੇ ਦੀ ਸੰਗਤ ਨੇ ਸ਼ਮੂਲੀਅਤ ਕੀਤੀ। ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਤੇ ਗੁਰ ਇਤਿਹਾਸ ਨਾਲ ਜੋੜਿਆ। ਗੁਰਮਤਿ ਸਮਾਗਮ ਦੀ ਸਮਾਪਤੀ ਸਮੇਂ ਅਰਦਾਸ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਖੁਦ ਕੀਤੀ ਗਈ।
ਆਪਣੇ ਸੰਬੋਧਨ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ‘ਖੁਆਰ ਹੋਏ ਸਭ ਮਿਲੈਂਗੇ’ ਧਰਮ ਪ੍ਰਚਾਰ ਲਹਿਰ ਤਹਿਤ ਪੰਜਾਬ ਤੇ ਹੋਰ ਸੂਬਿਆਂ ਦੇ ਪਿੰਡ-ਪਿੰਡ ਸ਼ਹਿਰ-ਸ਼ਹਿਰ ਵਿੱਚ ਜਾ ਕੇ ਸਿੱਖੀ ਦਾ ਪ੍ਰਚਾਰ ਪ੍ਰਸਾਰ ਕਰਦਿਆਂ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਤੇ ਸੰਦੇਸ਼ ਨੂੰ ਪਹੁੰਚਾਇਆ ਜਾਵੇਗਾ ਅਤੇ ਵੱਧ ਤੋਂ ਵੱਧ ਸੰਗਤ ਨੂੰ ਅੰਮ੍ਰਿਤਪਾਨ ਕਰਨ ਲਈ ਪ੍ਰੇਰਿਆ ਜਾਵੇਗਾ।
ਉਨ੍ਹਾਂ ਕਿਹਾ ਸਿੱਖ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਅਤੇ ਸਿੱਖੀ ਬਾਣੇ ਨਾਲ ਜੁੜਨ ਲਈ ਪ੍ਰੇਰਣਾ ਕੀਤੀ ਜਾਵੇਗੀ। ਇਸ ਲਹਿਰ ਤਹਿਤ ਪੰਜਾਬ ਅੰਦਰ ਪਿਛਲੇ ਸਮੇਂ ਤੋਂ ਹੋ ਰਹੇ ਧਰਮ ਪਰਿਵਰਤਨ ਨੂੰ ਠੱਲ੍ਹਣ ਦੇ ਨਾਲ-ਨਾਲ ਸਿੱਖ ਜਥੇਬੰਦੀਆਂ ਵਿਚਕਾਰ ਇਕਜੁੱਟਤਾ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਲਹਿਰ ਤਹਿਤ ਲਗਾਤਾਰ ਇੱਕ ਸਾਲ ਪਿੰਡਾਂ ਤੇ ਸ਼ਹਿਰਾਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪੜਾਅ ਦਰ ਪੜਾਅ ਸਮਾਗਮ ਕੀਤੇ ਜਾਣਗੇ ਅਤੇ ਸੰਗਤ ਕਰਕੇ ਪਰਿਵਾਰਾਂ ਨੂੰ ਗੁਰਬਾਣੀ ਤੇ ਗੁਰਮਤਿ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿੱਚ ਜਾਣਗੇ ਅਤੇ ਸਿੱਖੀ ਦਾ ਪ੍ਰਚਾਰ ਕਰਨਗੇ ਤੇ ਸਿੱਖੀ ਤੋਂ ਦੂਰ ਹੋਏ ਭੈਣ ਭਰਾਵਾਂ ਨੂੰ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ।
- PTC NEWS