Farmers Agitation ਦੇ ਸਮਰਥਨ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਅਦਾਰੇ 30 ਦਸੰਬਰ ਨੂੰ ਰਹਿਣਗੇ ਬੰਦ
SGPC Support Farmers Agitation : ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸਾਨੀ ਸੰਘਰਸ਼ ਦੇ ਸਮਰਥਨ ਇਹ ਫੈਸਲਾ ਕੀਤਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵੀ 31 ਦਸੰਬਰ ’ਤੇ ਕਰ ਦਿੱਤੀ ਸੀ। ਐਡਵੋਕੇਟ ਸਿੰਘ ਧਾਮੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਆਪਣਾ ਹਠੀ ਰਵੱਈਆ ਛੱਡ ਕੇ ਤਰਜੀਹੀ ਪੱਧਰ ਉੱਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਮੰਨਣਾ ਚਾਹੀਦਾ ਹੈ।
ਹਾਲਾਂਕਿ ਪੰਜਾਬ ਬੰਦ ਦੇ ਸੱਦੇ ’ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 30 ਤਰੀਕ ਨੂੰ 'ਪੰਜਾਬ ਬੰਦ' ਦੀ ਕਾਲ ਨੂੰ ਲੈ ਕੇ ਉਨ੍ਹਾਂ ਨੂੰ ਹਰ ਵਰਗ ਦਾ ਭਰਵਾਂ ਸਮਰਥਨ ਵੀ ਮਿਲ ਰਿਹਾ ਹੈ, ਜਿਸ ਨਾਲ ਕੇਂਦਰ ਸਰਕਾਰ 'ਤੇ ਦਬਾਅ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ 30 ਦਸੰਬਰ ਨੂੰ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਪੰਜਾਬ ਦੇ ਕੋਨੇ-ਕੋਨੇ ਵਿੱਚ ਦੁਕਾਨਾਂ ਵੀ ਬੰਦ ਰਹਿਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਇਕ ਗਹਿਰੀ ਨੀਂਦ ਸੁੱਤੀ ਹੈ, ਇਸ ਲਈ ਇਹ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ।
ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਐਤਵਾਰ ਨੂੰ 34ਵੇਂ ਦਿਨ ਵਿੱਚ ਦਾਖਲ ਹੋ ਗਿਆ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕੀਟੋਨ ਪੱਧਰ ਖ਼ਤਰਨਾਕ ਢੰਗ ਨਾਲ ਵਧ ਗਿਆ ਹੈ, ਜਿਸ ਕਾਰਨ ਉਸ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਡੱਲੇਵਾਲ ਹੁਣ ਪਾਣੀ ਪੀਣ ਦੇ ਵੀ ਯੋਗ ਨਹੀਂ ਰਹੇ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾ ਕੇ ਇਲਾਜ ਕਰਵਾਉਣ ਦੀ ਲੋੜ ਹੈ।
ਇਹ ਵੀ ਪੜ੍ਹੋ : Baba Bakhshish Singh Firing News : ਪਟਿਆਲਾ ’ਚ ਵਾਪਰੀ ਵੱਡੀ ਵਾਰਦਾਤ; ਸਿੱਖ ਕਾਰਕੁੰਨ ਬਾਬਾ ਬਖਸ਼ੀਸ਼ ਸਿੰਘ ’ਤੇ ਕਾਤਲਾਨਾ ਹਮਲਾ
- PTC NEWS