Sun, Mar 30, 2025
Whatsapp

ਸ੍ਰੀ ਅਕਾਲ ਤਖ਼ਤ ਸਾਹਿਬ ਦੀ 5 ਮੈਂਬਰੀ ਕਮੇਟੀ ਨੂੰ ਪ੍ਰਧਾਨ ਮੰਤਰੀ ਵੱਲੋਂ ਮੁਲਾਕਾਤ ਲਈ ਸਮਾਂ ਨਾ ਦੇਣਾ ਠੀਕ ਨਹੀਂ : ਐਡਵੋਕੇਟ ਧਾਮੀ

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੇ ਇਸ ਸੰਜੀਦਾ ਮਾਮਲੇ ਉੱਤੇ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਯਤਨ ਕਰ ਰਹੀ ਹੈ ਪਰ ਕੇਂਦਰ ਸਰਕਾਰ ਦਾ ਨਕਾਰਾਤਮਕ ਰਵੱਈਆ ਇਸ ਵਿੱਚ ਅੜਿੱਕਾ ਬਣਿਆ ਹੋਇਆ ਹੈ।

Reported by:  PTC News Desk  Edited by:  KRISHAN KUMAR SHARMA -- March 26th 2025 02:59 PM -- Updated: March 26th 2025 04:17 PM
ਸ੍ਰੀ ਅਕਾਲ ਤਖ਼ਤ ਸਾਹਿਬ ਦੀ 5 ਮੈਂਬਰੀ ਕਮੇਟੀ ਨੂੰ ਪ੍ਰਧਾਨ ਮੰਤਰੀ ਵੱਲੋਂ ਮੁਲਾਕਾਤ ਲਈ ਸਮਾਂ ਨਾ ਦੇਣਾ ਠੀਕ ਨਹੀਂ : ਐਡਵੋਕੇਟ ਧਾਮੀ

ਸ੍ਰੀ ਅਕਾਲ ਤਖ਼ਤ ਸਾਹਿਬ ਦੀ 5 ਮੈਂਬਰੀ ਕਮੇਟੀ ਨੂੰ ਪ੍ਰਧਾਨ ਮੰਤਰੀ ਵੱਲੋਂ ਮੁਲਾਕਾਤ ਲਈ ਸਮਾਂ ਨਾ ਦੇਣਾ ਠੀਕ ਨਹੀਂ : ਐਡਵੋਕੇਟ ਧਾਮੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉੱਤੇ ਅਪਣਾਈ ਜਾ ਰਹੀ ਉਦਾਸੀਨ ਨੀਤੀ ਦੀ ਕਰੜੀ ਆਲੋਚਨਾ ਕਰਦਿਆਂ ਸਰਕਾਰ ਦੀ ਇਸ ਪਹੁੰਚ ਨੂੰ ਮਾਨਵੀ ਅਧਿਕਾਰਾਂ ਦੀ ਉਲੰਘਣਾ, ਨਿਆਂ ਦੀਆਂ ਕਦਰਾਂ ਕੀਮਤਾਂ ਦੀ ਤੌਹੀਨ ਅਤੇ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੇ ਇਸ ਸੰਜੀਦਾ ਮਾਮਲੇ ਉੱਤੇ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਯਤਨ ਕਰ ਰਹੀ ਹੈ ਪਰ ਕੇਂਦਰ ਸਰਕਾਰ ਦਾ ਨਕਾਰਾਤਮਕ ਰਵੱਈਆ ਇਸ ਵਿੱਚ ਅੜਿੱਕਾ ਬਣਿਆ ਹੋਇਆ ਹੈ। ਉਨ੍ਹਾਂ ਆਖਿਆ ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਪੰਜ ਮੈਂਬਰੀ ਕਮੇਟੀ ਦੀ ਗਠਨ ਕੀਤਾ ਗਿਆ ਸੀ, ਲੇਕਿਨ ਦੁਖਦ ਪਹਿਲੂ ਇਹ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨੁਮਾਇੰਦਗੀ ਵਾਲੀ ਕਮੇਟੀ ਨੂੰ ਸਮਾਂ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ। 


ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਲਈ ਕਈ ਯਤਨ ਕੀਤੇ ਗਏ ਲੇਕਿਨ ਡੇਢ ਸਾਲ ਤੋਂ ਵੱਧ ਸਮਾਂ ਬੀਤਣ ਬਾਅਦ ਸਰਕਾਰ ਵੱਲੋਂ ਨਿਰਾਸ਼ਾਜਨਕ ਜਵਾਬ ਮਿਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੂੰ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਸੂਚਨਾ ਅਨੁਸਾਰ ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਨੇ ਜੋ ਸਮਾਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ ਦਸੰਬਰ 2023 ਵਿੱਚ ਮੰਗਿਆ ਸੀ, ਜਿਸ ਨੂੰ 21 ਮਾਰਚ 2025 ਨੂੰ ਇਹ ਕਹਿੰਦਿਆਂ ਬੰਦ ਕਰ ਦਿੱਤਾ ਗਿਆ ਹੈ ਕਿ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਪਾਸ ਵਿਚਾਰ ਅਧੀਨ ਹੈ।

ਉਨ੍ਹਾਂ ਕਿਹਾ ਕਿ ਜੇਕਰ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਪਾਸ ਵਿਚਾਰ ਅਧੀਨ ਹੈ ਤਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਬਾਵਜੂਦ ਸਰਕਾਰ ਵੱਲੋਂ ਫੈਸਲਾ ਕਿਉਂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇਹ ਕਿਹਾ ਗਿਆ ਸੀ ਕਿ ਇਸ ਮਾਮਲੇ ਸਬੰਧੀ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ ਜਾਵੇ ਪਰੰਤੂ ਗ੍ਰਹਿ ਮੰਤਰਾਲੇ ਵੱਲੋਂ ਵੀ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਗਿਆ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਨੇ ਲੰਮੀਆਂ ਸਜ਼ਾਵਾਂ ਵੀ ਭੁਗਤ ਲਈਆਂ ਹਨ, ਇਸ ਲਈ ਭਾਰਤ ਸਰਕਾਰ ਨੂੰ ਬਿਨਾਂ ਦੇਰੀ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਨਿਆਂ ਦਾ ਨਿਯਮ ਸਭ ਲਈ ਇੱਕਸਾਰ ਲਾਗੂ ਕਰਨਾ ਸਰਕਾਰਾਂ ਦੀ ਜਿੰਮੇਵਾਰੀ ਹੈ ਅਤੇ ਇਸ ’ਤੇ ਰਾਜਸੀ ਪਹੁੰਚ ਠੀਕ ਨਹੀਂ ਹੈ। ਲਿਹਾਜ਼ਾ ਬੰਦੀ ਸਿੰਘਾਂ ਨੂੰ ਨਿਆਂ ਦੇ ਕੇ ਸਰਕਾਰ ਆਪਣੀ ਜਿੰਮੇਵਾਰੀ ਨਿਭਾਏ ਤਾਂ ਜੋ ਸਿੱਖਾਂ ਅੰਦਰ ਬੇਵਿਸ਼ਵਾਸੀ ਦੀ ਭਾਵਨਾ ਨਾ ਬਣੇ।

- PTC NEWS

Top News view more...

Latest News view more...

PTC NETWORK