ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ- ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮੂਹ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਪ੍ਰੇਮ ਸਿੰਘ ਅਤੇ ਪਾਵਨ ਹੁਕਮਨਾਮਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। ਇਸ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀ ਮੁੱਖ ਸਟੇਜ ਉੱਤੇ ਗੁਰਮਤਿ ਸਮਾਗਮ ਚਲਦੇ ਰਹੇ ਜਿਸ ਵਿੱਚ ਵੱਖ-ਵੱਖ ਕਵੀਸ਼ਰੀ, ਕਥਾਵਾਚਕ ਅਤੇ ਢਾਡੀ ਜਥਿਆਂ ਨੇ ਸੰਗਤ ਨਾਲ ਸ਼ਹੀਦਾਂ ਦਾ ਇਤਿਹਾਸ ਸਾਂਝਾ ਕਰਦਿਆਂ ਸਤਿਕਾਰ ਭੇਟ ਕੀਤਾ।
ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਨਰਿੰਦਰ ਸਿੰਘ, ਅਜੈ ਸਿੰਘ, ਗੁਰਤਿੰਦਰਪਾਲ ਸਿੰਘ, ਬਿਕਰਮਜੀਤ ਸਿੰਘ, ਲਾਲ ਸਿੰਘ, ਰਵਿੰਦਰਜੀਤ ਸਿੰਘ, ਗੁਰਤਿੰਦਰਪਾਲ ਸਿੰਘ, ਅਜੇ ਸਿੰਘ, ਸ੍ਰੀ ਦਰਬਾਰ ਸਾਹਿਬ ਦਾ ਸਮੂਹ ਸਟਾਫ਼ ਅਤੇ ਸੰਗਤਾਂ ਹਾਜ਼ਰ ਸਨ।
ਐਡਵੋਕੇਟ ਧਾਮੀ ਵੱਲੋਂ ਵੱਡੇ ਸਾਹਿਜ਼ਾਦਿਆਂ ਤੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਹੈ। ਜਾਰੀ ਇੱਕ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਧਰਮ ਪ੍ਰਤੀ ਦ੍ਰਿੜ੍ਹਤਾ, ਉਨ੍ਹਾਂ ਦੀ ਹੱਕ ਸੱਚ ਨਾਲ ਖੜ੍ਹਣ ਦੀ ਵਚਨਬੱਧਤਾ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦੇ ਸਿੱਖ ਧਰਮ ਦੇ ਉਹ ਮਰਗਦਰਸ਼ਕ ਹਨ ਜਿਨ੍ਹਾਂ ਨੇ ਛੋਟੀ ਉਮਰਾਂ ਵਿੱਚ ਵੱਡੇ ਪੂਰਨੇ ਪਾਏ। ਸਿੱਖ ਇਤਿਹਾਸ ਦਾ ਇਹ ਪੰਨਾ ਜਿੱਥੇ ਪੂਰੀ ਕੌਮ ਲਈ ਪ੍ਰੇਰਣਾਦਾਇਕ ਹੈ ਉੱਥੇ ਹੀ ਖਾਸ ਤੌਰ `ਤੇ ਸਿੱਖ ਨੌਜੁਆਨੀ ਲਈ ਸਿੱਖ ਚੇਤਨਾ ਦਾ ਇੱਕ ਅਮਲ ਵੀ ਹੈ, ਜਿਸ ਦੀ ਰੋਸ਼ਨੀ ਵਿੱਚ ਕੌਮ ਦੀਆਂ ਭਵਿੱਖੀ ਤਰਜੀਹਾਂ ਨਿਰਧਾਰਤ ਕਰਨ ਦੇ ਨਾਲ-ਨਾਲ ਚੜ੍ਹਦੀ ਕਲਾ ਲਈ ਸੰਕਲਪ ਕਰਨਾ ਚਾਹੀਦਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਦੀ ਯਾਦ `ਚ ਗੁਰਮੰਤਰ ਤੇ ਮੂਲਮੰਤਰ ਦੇ ਜਾਪ
ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਨੁਸਾਰ ਦਸਮ ਪਾਤਸ਼ਾਹ ਜੀ ਦੇ ਵੱਡੇ ਸਾਹਿਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸਮੇਤ ਚਮਕੌਰ ਦੀ ਜੰਗ ਦੇ ਸਮੂਹ ਸ਼ਹੀਦਾਂ ਨੂੰ ਯਾਦ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਸਵੇਰੇ 10 ਵਜੇ ਦਸ ਮਿੰਟ ਲਈ ਗੁਰਮੰਤਰ ਅਤੇ ਮੂਲਮੰਤਰ ਦੇ ਜਾਪ ਕੀਤੇ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸੰਗਤ ਨੂੰ ਦਸ ਮਿੰਟ ਲਈ ਗੁਰਮੰਤਰ ਅਤੇ ਮੂਲਮੰਤਰ ਦੇ ਜਾਪ ਕਰਵਾਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਸ਼ਮੂਲੀਅਤ ਕਰਕੇ ਗੁਰਮੰਤਰ ਅਤੇ ਮੂਲਮੰਤਰ ਦੇ ਜਾਪ ਕੀਤੇ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਸਿੱਖ ਕੌਮ ਦੇ ਇਤਿਹਾਸ ਅੰਦਰ ਇੱਕ ਮਿਸਾਲੀ ਪੰਨਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੌਮ ਇਨ੍ਹਾਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖੇਗੀ ਅਤੇ ਇਸ ਤੋਂ ਸੇਧ ਲੈਂਦੀ ਰਹੇਗੀ।
- PTC NEWS