ਪਿੰਡ ਗੋਲੇਵਾਲਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ
Golewala Beadbi : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਹੋਣਾ ਜ਼ਰੂਰੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ’ਤੇ ਰੋਕ ਲਗ ਸਕੇ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਾ ਹੋਣ ਕਾਰਨ ਅਜਿਹੇ ਅਨਸਰਾਂ ਦੇ ਹੌਂਸਲੇ ਹੋਰ ਵੱਧ ਰਹੇ ਹਨ।
ਐਡਵੋਕੇਟ ਧਾਮੀ ਨੇ ਮੰਗ ਕੀਤੀ ਕੇ ਬੇਅਦਬੀ ਦੇ ਦੋਸ਼ੀਆਂ ਦਾ ਪਤਾ ਲਗਾ ਕੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਰੱਖੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦਾ ਪੂਰਨ ਸਤਿਕਾਰ ਅਤੇ ਸੰਭਾਲ ਕਰਨ।
- PTC NEWS