ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ
Guru Har Rai Sahibs Gurutagaddi Diwas : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅੱਜ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਹਾੜੇ ਵਜੋਂ ਮਨਾਉਂਦਿਆਂ ਇਥੇ ਸਥਿਤ ਗੁਰੂ ਕੇ ਬਾਗ ਵਿਖੇ ਬੂਟੇ ਲਗਾਏ ਗਏ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚਕਾਰ ਸਥਿਤ ਗੁਰੂ ਕੇ ਬਾਗ ਵਿਖੇ ਵਾਤਾਵਰਣ ਦੀ ਸਾਂਭ-ਸੰਭਾਲ ਦੇ ਸੁਨੇਹੇ ਨੂੰ ਸੰਕੇਤਕ ਤੌਰ ’ਤੇ ਅੱਗੇ ਵਧਾਉਂਦਿਆਂ ਬੂਟੇ ਲਗਾ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਸੱਤਵੇਂ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਦੀ ਭਲਾਈ ਲਈ ਅਤਿ ਅਹਿਮ ਪ੍ਰੇਰਣਾ ਦੇ ਰੂਪ ਵਿਚ ਮਾਰਗ ਦਰਸ਼ਕ ਹੈ ਅਤੇ ਸਭ ਦਾ ਫ਼ਰਜ਼ ਹੈ ਕਿ ਇਸ ਸੁਨੇਹੇ ਨੂੰ ਅੱਗੇ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਾਤਾਵਰਣ ਸਬੰਧੀ ਜਾਗਰੂਕਤਾ ਦੇ ਨਾਲ-ਨਾਲ ਜ਼ਮੀਨੀ ਪੱਧਰ ’ਤੇ ਕਾਰਜਸ਼ੀਲ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਇੱਕ-ਇੱਕ ਏਕੜ ਦੇ ਬਾਗ ਲਗਾਉਣ ਦੀ ਪਰਕਿਰਿਆ ਜਾਰੀ ਹੈ। ਹੁਣ ਤੱਕ ਅਨੇਕਾਂ ਗੁਰਦੁਆਰਾ ਸਾਹਿਬਾਨ ਅੰਦਰ ਇਸ ਫੈਸਲੇ ਨੂੰ ਅਮਲ ਵਿਚ ਲਿਆਂਦਾ ਜਾ ਚੁੱਕਾ ਹੈ ਅਤੇ ਸਾਲ ਪੁੰਗਾਰੇ ਦੀ ਰੁੱਤ ਅੰਦਰ ਇਸ ਵਿਚ ਵਾਧਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਹ ਗੁਰੂ ਕਾ ਬਾਗ ਵੀ ਸੰਗਤ ਲਈ ਵੱਡੀ ਪ੍ਰੇਰਣਾ ਦੇ ਰੂਪ ਵਿਚ ਹੈ। ਇਥੇ ਵੱਖ-ਵੱਖ ਤਰ੍ਹਾਂ ਦੇ ਬੂਟੇ ਅਤੇ ਸੈਂਕੜੇ ਕਿਸਮ ਦੇ ਗੁਲਾਬ ਵਾਤਾਵਰਣ ਸੰਭਾਲ ਲਹਿਰ ਨੂੰ ਉਤਸ਼ਾਹਤ ਕਰਨ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਗੁਰਤਾਗੱਦੀ ਦਿਹਾੜੇ ਦੀ ਵਧਾਈ ਦਿੰਦਿਆਂ ਵੱਧ ਤੋਂ ਵੱਧ ਰੁੱਖ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ।
- PTC NEWS