ਚੰਡੀਗੜ੍ਹ: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਾ ਕਰਕੇ ਉਨ੍ਹਾਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਬੰਦੀ ਸਿੱਖਾਂ ਨੂੰ ਰਿਹਾਅ ਕਰਵਾਉਣ ਲਈ ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਭਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਮੁਹਿੰਮ ਸ਼ੁਰੂ ਕੀਤੀ ਗਈ ਹੈ। ਬੰਦੀ ਸਿੱਖਾਂ ਨੂੰ ਰਿਹਾਅ ਕਰਵਾਉਣ ਲਈ ਸੁਰੂ ਕੀਤੀ ਦਸਤਖ਼ਤੀ ਮੁਹਿੰਮ ਨੂੰ ਵਿਦੇਸ਼ਾਂ ਵਿੱਚ ਗੁਰਦੁਆਰਿਆ ਵਿੱਚ ਸੰਗਤਾਂ ਤੋਂ ਦਸਤਖ਼ਤ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਵੱਲੋਂ ਉਪਰਾਲਾ ਕਰਦਿਆਂ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਤੋਂ ਦਸਤਖ਼ਤ ਮੁਹਿੰਮ ਸੁਰੂ ਕੀਤੀ ਹੈ।ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਦੱਸਿਆ ਕਿ ਦੇਸ਼ ਦੇ ਕਾਨੂੰਨ ਅਨੁਸਾਰ ਹੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਫਾਂਸੀ ਦੀਆਂ ਸਜ਼ਾਵਾਂ ਦਿੱਤੀਆਂ ਗਈਆਂ ਸੀ ਪਰ ਉਹ ਰਿਹਾਅ ਕਰ ਦਿੱਤੇ ਗਏ। ਬਿਲਕਿਸ ਬਾਨੋ ਦੇ ਪਰਿਵਾਰ ਦੇ ਕਾਤਲਾਂ ਅਤੇ ਬਲਾਤਕਾਰੀਆਂ ਨੂੰ ਗੁਜਰਾਤ ਸਰਕਾਰ ਵੱਲੋਂ ਰਿਹਾਅ ਕਰ ਦਿੱਤਾ ਗਿਆ ਹੈ। ਸਿੱਖ ਨੌਜੁਆਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰਨ ਦੇ ਦੋਸ਼ੀ ਪੁਲਿਸ ਅਫ਼ਸਰਾਂ ਨੂੰ ਸੀ.ਬੀ.ਆਈ. ਅਦਾਲਤਾਂ ਵੱਲੋਂ ਉਮਰ ਕੈਦ ਦੀਆਂ ਸਜ਼ਾਵਾਂ ਹੋਣ ਤੋਂ ਥੋੜ੍ਹੇ-ਥੋੜ੍ਹੇ ਸਮੇਂ ਬਾਅਦ ਹੀ ਰਿਹਾਅ ਕਰ ਦਿੱਤਾ ਗਏ ਸਨ। ਸ਼੍ਰੋਮਣੀ ਅਕਾਲੀ ਦਲ ਆਸਟ੍ਰੇਲੀਆ ਪ੍ਰਧਾਨ ਕਮਲਜੀਤ ਸਿੰਘ ਨੇ ਦੱਸਿਆ ਹੈ ਕਿ ਆਸਟ੍ਰੇਲੀਆ ਦੇ ਵੱਖ-ਵੱਖ ਸੂਬਿਆਂ ਵਿੱਚ ਬਣੇ ਗੁਰਦੁਆਰਾ ਸਾਹਿਬਾਨ ਵਿੱਚ ਦਸਤਖ਼ਤੀ ਮੁਹਿੰਮ ਚਲਾਈ ਜਾਵੇਗੀ। ਇਸ ਮੌਕੇ ਕਮਲਜੀਤ ਸਿੰਘ, ਗਿਆਨੀ ਸੰਤੋਖ ਸਿੰਘ , ਭਾਈ ਜਸਵੀਰ ਸਿੰਘ, ਜਸਕੀਰਤ ਸਿੰਘ,ਕਰਨਪਾਲ ਸਿੰਘ, ਪ੍ਰਭਨੂਰ ਸਿੰਘ ਅਤੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।