ਪੋਸਟ ਮੈਟ੍ਰਿਕ ਵਜ਼ੀਫਾ ਘਪਲੇ ਮਾਮਲੇ 'ਚ ਛੇ ਅਧਿਕਾਰੀ ਬਰਖ਼ਾਸਤ
ਚੰਡੀਗੜ੍ਹ : ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਕਾਰਜਕਾਲ ਦੌਰਾਨ ਹੋਏ 39 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਵਜ਼ੀਫ਼ਾ ਘਪਲੇ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ 6 ਉੱਚ ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਵਿਭਾਗੀ ਜਾਂਚ ਤੋਂ ਬਾਅਦ ਦੋਸ਼ੀ ਪਾਏ ਗਏ ਵੱਖ-ਵੱਖ ਵਿਭਾਗਾਂ ਦੇ 6 ਛੇ ਅਧਿਕਾਰੀਆਂ ਨੂੰ ਅਹੁਦੇ ਤੋਂ ਲਾਂਭੇ ਕਰ ਦਿੱਤਾ ਗਿਆ ਹੈ।
ਇਨ੍ਹਾਂ 'ਚੋਂ 4 ਅਧਿਕਾਰੀ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟਗਿਣਤੀਆਂ ਬਾਰੇ ਵਿਭਾਗ ਤੇ ਦੋ ਜਣੇ ਵਿੱਤ ਵਿਭਾਗ ਨਾਲ ਸਬੰਧਤ ਹਨ। ਪਰਮਿੰਦਰ ਸਿੰਘ ਗਿੱਲ ਡਿਪਟੀ ਡਾਇਰੈਕਟਰ, ਚਰਨਜੀਤ ਸਿੰਘ ਡਿਪਟੀ ਕੰਟਰੋਲਰ, ਮੁਕੇਸ਼ ਭਾਟੀਆ ਸੈਕਸ਼ਨ ਅਧਿਕਾਰੀ, ਰਜਿੰਦਰ ਚੋਪੜਾ ਸੁਪਰਡੈਂਟ ਤੇ ਰਾਕੇਸ਼ ਅਰੋੜਾ ਤੇ ਬਲਦੇਵ ਸਿੰਘ (ਦੋਵੇਂ ਸੀਨੀਅਰ ਸਹਾਇਕ) ਨੂੰ ਵਿਭਾਗੀ ਜਾਂਚ ਮਗਰੋਂ ਬਰਖ਼ਾਸਤ ਕਰ ਦਿੱਤਾ ਹੈ। ਇਨ੍ਹਾਂ 'ਚੋਂ ਚਰਨਜੀਤ ਤੇ ਰਾਕੇਸ਼ ਸੇਵਾ ਮੁਕਤ ਹੋ ਚੁੱਕੇ ਹਨ।
ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ 'ਚ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟਗਿਣਤੀਆਂ ਵਿਭਾਗ ਦਾ ਚਾਰਜ ਸਾਧੂ ਸਿੰਘ ਧਰਮਸੋਤ ਕੋਲ ਸੀ ਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਵਜ਼ੀਫ਼ਾ ਘੁਟਾਲਾ ਪਰਦਾਫਾਸ਼ ਹੋਇਆ ਸੀ।
ਇਹ ਵੀ ਪੜ੍ਹੋ : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਾਲਸਾ ਤੇ ਸਾਥੀਆਂ ਵਿਰੁੱਧ ਮਾਮਲਾ ਦਰਜ
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਵੀ ਘੁਟਾਲੇ ਦੇ ਇਲਜ਼ਾਮ ਲੱਗੇ ਹਨ। ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਰਵਾਈ ਵਿਭਾਗੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਐੱਸਸੀ ਵਿਦਿਆਰਥੀਆਂ ਨੂੰ ਵਜ਼ੀਫਿਆਂ ਦੀ ਵੰਡ ਮੌਕੇ ਤੱਤਕਾਲੀਨ ਸੀਐਮ ਦੇ ਦਿਸ਼ਾ-ਨਿਰਦੇਸ਼ਾਂ ਨੂੰ ਅਣਗੌਲਿਆਂ ਕੀਤਾ ਤੇ ਕੁਝ ਨਿੱਜੀ ਸੰਸਥਾਵਾਂ ਨੂੰ ਬੇਲੋੜਾ ਫਾਇਦਾ ਪਹੁੰਚਾਇਆ। ਇਨ੍ਹਾਂ ਸੰਸਥਾਵਾਂ ਖਿਲਾਫ਼ ਕਾਰਵਾਈ ਕਰਨ ਦੀ ਥਾਂ ਕਰੋੜਾਂ ਰੁਪਏ ਦਾ ਲਾਹਾ ਦਿੱਤਾ ਗਿਆ। ਵਿਭਾਗੀ ਜਾਂਚ ਮਗਰੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਛੇ ਅਧਿਕਾਰੀ ਨੂੰ ਬਰਖ਼ਾਸਤ ਕਰਨ ਦੇ ਹੁਕਮ ਸੁਣਾਏ।
- PTC NEWS