Mahapanchayat in Punjab : 'ਪੰਜਾਬ ਬੰਦ' ਤੋਂ ਬਾਅਦ ਹੋਵੇਗੀ 'ਮਹਾਂਪੰਚਾਇਤ', ਦੇਸ਼ ਭਰ 'ਚੋਂ ਕਿਸਾਨਾਂ ਨੂੰ ਖਨੌਰੀ ਬਾਰਡਰ 'ਤੇ ਪਹੁੰਚਣ ਦਾ ਸੱਦਾ
4 january Mahapanchayat : ਸੰਯੁਕਤ ਕਿਸਾਨ ਮੋਰਚੇ (ਗ਼ੈਰ ਸਿਆਸੀ) ਵੱਲੋਂ ਸ਼ਨੀਵਾਰ ਪੰਜਾਬ ਵਿੱਚ ਮਹਾਂਪੰਚਾਇਤ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਵੱਲੋਂ ਕੀਤਾ ਗਿਆ ਕਿ 4 ਜਨਵਰੀ ਨੂੰ ਖਨੌਰੀ ਬਾਰਡਰ 'ਤੇ ਇੱਕ ਵੱਡੀ ਮਹਾਂਪੰਚਾਇਤ ਕੀਤੀ ਜਾਵੇਗੀ, ਜਿਸ ਵਿੱਚ ਲੱਖਾਂ ਲੋਕਾਂ ਦਾ ਵੱਡਾ ਇਕੱਠ ਹੋਵੇਗਾ।
ਜਨਵਰੀ ਦੀ ਮਹਾਂਪੰਚਾਇਤ ਬਾਰੇ ਕਿਸਾਨ ਆਗੂਆਂ ਨੇ ਖਨੌਰੀ ਬਾਰਡਰ 'ਤੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਥੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਦੀ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਮੀਟਿੰਗ ਹੋਈ ਹੈ ਅਤੇ ਉਨ੍ਹਾਂ ਨੇ ਇਸ ਸਬੰਧ ਵਿੱਚ ਕਿਸਾਨਾਂ ਨੂੰ ਸੱਦਣ ਲਈ ਕਿਹਾ ਹੈ। ਆਗੂਆਂ ਨੇ ਕਿਹਾ ਕਿ ਮੀਟਿੰਗ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕੀ ਮੇਰੀ ਇਹ ਭਾਵਨਾਵਾਂ ਹੈ ਕਿ ਪੂਰੇ ਦੇਸ਼ ਵਿੱਚੋਂ ਕਿਸਾਨਾਂ ਨੂੰ ਇੱਥੇ ਬੁਲਾਓ, ਮੈਂ ਉਨ੍ਹਾਂ ਦੇ ਦਰਸ਼ਨ ਕਰਨੇ ਹਨ।
ਆਗੂਆਂ ਨੇ ਕਿਹਾ ਕਿ ਡੱਲੇਵਾਲ ਦੀ ਇਸ ਅਪੀਲ 'ਤੇ ਹੀ 4 ਜਨਵਰੀ ਨੂੰ ਖਨੌਰੀ ਬਾਰਡਰ 'ਤੇ ਮਹਾਂਪੰਚਾਇਤ ਦਾ ਐਲਾਨ ਕੀਤਾ ਗਿਆ ਹੈ ਅਤੇ ਦੇਸ਼ ਭਰ ਵਿਚੋਂ ਕਿਸਾਨਾਂ ਨੂੰ ਵੱਧ ਚੜ੍ਹ ਕੇ ਇਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਹਾਂਪੰਚਾਇਤ ਦੌਰਾਨ ਡੱਲੇਵਾਲ, ਕਿਸਾਨਾਂ ਦੇ ਨਾਮ ਸੰਦੇਸ਼ ਵੀ ਜਾਰੀ ਕਰ ਸਕਦੇ ਹਨ।
ਆਗੂਆਂ ਨੇ ਕਿਹਾ ਕਿ ਇਸਤੋਂ ਪਹਿਲਾਂ 30 ਤਰੀਕ ਨੂੰ 'ਪੰਜਾਬ ਬੰਦ' ਦੀ ਕਾਲ ਨੂੰ ਲੈ ਕੇ ਉਨ੍ਹਾਂ ਨੂੰ ਹਰ ਵਰਗ ਦਾ ਭਰਵਾਂ ਸਮਰਥਨ ਵੀ ਮਿਲ ਰਿਹਾ ਹੈ, ਜਿਸ ਨਾਲ ਕੇਂਦਰ ਸਰਕਾਰ 'ਤੇ ਦਬਾਅ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ 30 ਦਸੰਬਰ ਨੂੰ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਪੰਜਾਬ ਦੇ ਕੋਨੇ-ਕੋਨੇ ਵਿੱਚ ਦੁਕਾਨਾਂ ਵੀ ਬੰਦ ਰਹਿਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਇਕ ਗਹਿਰੀ ਨੀਂਦ ਸੁੱਤੀ ਹੈ, ਇਸ ਲਈ ਇਹ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ।
ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲਗਾਤਾਰ 26 ਨਵੰਬਰ ਤੋਂ ਮਰਨ ਵਰਤ 'ਤੇ ਚੱਲ ਰਹੇ ਹਨ ਅਤੇ ਉਨ੍ਹਾਂ ਦੀ ਹਾਲਤ ਲਗਾਤਾਰ ਕਮਜ਼ੋਰ ਹੁੰਦੀ ਜਾ ਰਹੀ ਹੈ। ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੀ ਚਿੰਤਾ ਜ਼ਾਹਰ ਕੀਤੀ ਹੈ ਅਤੇ ਲਗਾਤਾਰ ਸੁਣਵਾਈ ਚੱਲ ਰਹੀ ਹੈ।
- PTC NEWS