ਕਿਸਾਨਾਂ ਵੱਲੋਂ CM ਮਾਨ ਦੇ ਘਿਰਾਓ ਦਾ ਐਲਾਨ, 18 ਅਕਤੂਬਰ ਤੋਂ ਚੰਡੀਗੜ੍ਹ ਕੋਠੀ ਅੱਗੇ ਲਾਉਣਗੇ ਪੱਕਾ ਮੋਰਚਾ
SKM Annoucement Dharna at CM residence : ਸੰਯੁਕਤ ਕਿਸਾਨ ਮੋਰਚੇ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਖਿਲਾਫ਼ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਦਾ ਰੋਸ ਹੈ ਕਿ ਪੰਜਾਬ ਸਰਕਾਰ ਵੱਲੋਂ ਨਾ ਤਾਂ ਝੋਨੇ ਦੀ ਸਹੀ ਖਰੀਦ ਕੀਤੀ ਜਾ ਰਹੀ ਹੈ ਅਤੇ ਜੇਕਰ ਝੋਨੇ ਦੀ ਖਰੀਦ ਕੁੱਝ ਕੀਤੀ ਜਾ ਰਹੀ ਹੈ ਤਾਂ ਲਿਫਟਿੰਗ ਨਾ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਸੋਮਵਾਰ ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਿਰਾਓ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਅਕਤੂੁਬਰ ਨੂੰ ਚੰਡੀਗੜ੍ਹ 'ਚ ਸੀਐਮ ਦੀ ਰਿਹਾਇਸ਼ ਅੱਗੇ ਧਰਨਾ ਲਾਉਣ ਦਾ ਫੈਸਲਾ ਕੀਤਾ ਗਿਆ ਹੈ।
ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਮੰਡੀਆਂ 'ਚ ਝੋਨੇ ਦੀ ਲਿਫਟਿੰਗ ਨਹੀਂ ਹੋ ਰਹੀ ਹੈ, ਜਿਸ ਦਾ ਪੰਜਾਬ ਨੂੰ ਵੱਡਾ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦੇ ਘਟੀਆ ਪ੍ਰਬੰਧਕਾਂ ਲਈ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੋਨਾਂ ਦੀ ਬੇਈਮਾਨੀ ਹੈ।
ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਇਸ ਦੌਰਾਨ ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਆਮ ਆਦਮੀ ਪਾਰਟੀ ਦੇ MLA ਅਤੇ ਮੰਤਰੀ ਜੇਕਰ ਕੋਈ ਵੀ ਨੁਮਾਇੰਦਾ ਮੰਡੀਆਂ 'ਚ ਜਾਵੇਗਾ ਤਾਂ ਉਸਦਾ ਵਿਰੋਧ ਕੀਤਾ ਜਾਵੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਨਾਲ ਆੜ੍ਹਤੀ ਵੀ ਸਮਰਥਨ 'ਚ ਹਨ ਅਤੇ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਹੁਣ 18 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਮੰਡੀਆਂ 'ਚ ਆੜ੍ਹਤੀ ਵੀ ਆਪਣੀਆਂ ਦੁਕਾਨਾਂ 'ਤੇ ਕਾਲੇ ਝੰਡੇ ਲਗਾਉਣਗੇ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ 'ਚ ਸੀਐਮ ਦੀ ਰਿਹਾਇਸ਼ ਅੱਗੇ ਧਰਨਾ ਅਣਮਿੱਥੇ ਸਮੇਂ ਲਈ ਲਾਇਆ ਜਾਵੇਗਾ, ਜਿਸ ਵਿੱਚ 1000 ਦੇ ਕਰੀਬ ਕਿਸਾਨ-ਮਜਦੂਰ, ਆੜ੍ਹਤੀ, ਸ਼ੈਲਰ ਮਾਲਕ ਅਤੇ ਵਪਾਰੀ ਵਰਗ ਦੇ ਨੁਮਾਇੰਦੇ ਸ਼ਾਮਲ ਹੋਣਗੇ।
- PTC NEWS