Kisan Andolan : ਮੁੜ 'ਇਕਜੁਟ' ਹੋਵੇਗਾ ਸੰਯੁਕਤ ਕਿਸਾਨ ਮੋਰਚਾ! ਡੱਲੇਵਾਲ ਨਾਲ ਮੁਲਾਕਾਤ ਕਰਨਗੇ ਹਰਿੰਦਰ ਸਿੰਘ ਲੱਖੋਵਾਲ ਤੇ ਰਾਕੇਸ਼ ਟਿਕੈਤ
SKM News : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਵੀਰਵਾਰ 17ਵੇਂ ਦਿਨ ਵੀ ਜਾਰੀ ਰਿਹਾ। ਪਰ ਸਰਕਾਰਾਂ ਵੱਲੋਂ ਕੋਈ ਗੱਲ ਨਹੀਂ ਸੁਣੀ ਜਾ ਰਹੀ ਹੈ, ਜਿਸ ਤੋਂ ਬਾਅਦ ਹੁਣ ਕਿਸਾਨ ਅੰਦੋਲਨ ਦੇ ਸਨਮੁੱਖ ਸੰਯੁਕਤ ਕਿਸਾਨ ਮੋਰਚੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਚਰਚਾਵਾਂ ਹਨ ਕਿ ਸੰਯੁਕਤ ਕਿਸਾਨ ਮੋਰਚਾ ਮੁੜ ਇਕਜੁਟ ਹੋ ਸਕਦਾ ਹੈ। ਇਸ ਸਬੰਧੀ ਚਰਚਾ ਲਈ ਖਨੌਰੀ ਬਾਰਡਰ 'ਤੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਲਈ ਹਰਿੰਦਰ ਸਿੰਘ ਲੱਖੋਵਾਲ ਅਤੇ ਰਾਕੇਸ਼ ਟਿਕੈਤ ਪਹੁੰਚ ਰਹੇ ਹਨ।
ਇਸ ਮੌਕੇ ਮਨਜੀਤ ਸਿੰਘ ਧਨੇਰ, ਹਰਿੰਦਰ ਸਿੰਘ ਲੱਖੋਵਾਲ ਅਤੇ ਸੁੱਖ ਗਿੱਲ ਮੋਗਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ 32 ਜਥੇਬੰਦੀਆਂ ਨਾਲ ਸਬੰਧਿਤ ਕਈ ਜਥੇਬੰਦੀਆਂ ਦੇ ਆਗੂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੱਲ 13 ਦਸੰਬਰ ਨੂੰ ਡੱਲੇਵਾਲ ਦਾ ਹਾਲ ਚਾਲ ਜਾਨਣ ਵਾਸਤੇ ਜਥੇਬੰਦੀਆਂ ਖਨੌਰੀ ਬਾਰਡਰ 'ਤੇ ਜਾਣਗੀਆਂ।
ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਤੁਸੀਂ ਜਾਣਾ ਚਾਹੁੰਦੇ ਹੋ ਤਾਂ 12 ਵਜੇ ਪਾਤੜਾਂ ਪਹੁੰਚ ਜਾਣਾ।
ਕਿਸਾਨ ਆਗੂਆਂ ਨੇ ਦੱਸਿਆ ਕਿ ਦੋਵੇਂ ਆਗੂ ਆਪਣੇ ਜਥੇਬੰਦੀ ਦੇ ਸਾਥੀਆਂ ਸਮੇਤ ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਇਨ੍ਹਾਂ ਆਗੂਆਂ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਮੁੜ ਇਕੱਠੇ ਹੋਣ ਨੂੰ ਲੈ ਕੇ ਗੱਲਬਾਤ ਹੋਵੇਗੀ।
ਇਸਤੋਂ ਇਲਾਵਾ ਬਾਕੀ ਜਥੇਬੰਦੀਆਂ, ਜਿਨ੍ਹਾਂ ਵਿੱਚ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ ਵੀ ਕੱਲ ਦੀ ਮੀਟਿੰਗ ਤੋਂ ਬਾਅਦ ਜਾ ਡੱਲੇਵਾਲ ਨਾਲ ਮੁਲਾਕਾਤ ਕਰਨ ਜਾ ਸਕਦੇ ਹਨ।
- PTC NEWS