Pahalgam Terror Attack ਤੋਂ ਬਾਅਦ ਹੁਣ ਊਧਮਪੁਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ, ਇੱਕ ਜਵਾਨ ਸ਼ਹੀਦ
Pahalgam Terror Attack : ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋ ਰਹੀ ਹੈ। ਇਸ ਮੁੱਠਭੇੜ ਵਿੱਚ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਖੁਫੀਆ ਜਾਣਕਾਰੀ ਦੇ ਆਧਾਰ 'ਤੇ ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਊਧਮਪੁਰ ਦੇ ਬਸੰਤਗੜ੍ਹ ਵਿੱਚ ਇੱਕ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ ਸੀ। ਦੋਵਾਂ ਪਾਸਿਆਂ ਤੋਂ ਭਾਰੀ ਗੋਲੀਬਾਰੀ ਹੋ ਰਹੀ ਹੈ। ਇਹ ਮੁੱਠਭੇੜ ਊਧਮਪੁਰ ਦੇ ਡੂਡੂ ਵਿੱਚ ਹੋ ਰਹੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਹੈ।
ਦੱਸ ਦੇਈਏ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਪਿਛਲੇ 24 ਘੰਟਿਆਂ ਵਿੱਚ ਇਹ ਤੀਜੀ ਮੁੱਠਭੇੜ ਹੈ। ਪਹਿਲੀ ਘਟਨਾ ਬਾਰਾਮੂਲਾ ਵਿੱਚ ਵਾਪਰੀ, ਜਿੱਥੇ ਦੋ ਅੱਤਵਾਦੀ ਮਾਰੇ ਗਏ। ਇਸ ਤੋਂ ਬਾਅਦ ਬੀਤੀ ਰਾਤ ਕਸ਼ਮੀਰ ਦੇ ਕੁਲਗਾਮ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਈ ਸੀ। ਇੱਥੇ ਕੁਝ ਅੱਤਵਾਦੀ ਲੁਕੇ ਹੋਏ ਸਨ, ਜਿਨ੍ਹਾਂ ਨੂੰ ਫੌਜ ਨੇ ਚਾਰੇ ਪਾਸਿਓਂ ਘੇਰ ਲਿਆ ਸੀ।
ਦੱਸ ਦੇਈਏ ਕਿ ਜੰਮੂ -ਕਸ਼ਮੀਰ ਦੇ ਪਹਿਲਗਾਮ ਵਿੱਚ ਮੰਗਲਵਾਰ ਨੂੰ ਹੋਏ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਹਮਲੇ ਵਿੱਚ ਜਿੱਥੇ 26 ਲੋਕਾਂ ਦੀ ਜਾਨ ਚਲੀ ਗਈ, ਉੱਥੇ ਹੀ ਦੇਸ਼ ਦੇ ਤਿੰਨ ਅਫ਼ਸਰ ਵੀ ਇਸ ਕਾਇਰਾਨਾ ਹਮਲੇ ਦਾ ਸ਼ਿਕਾਰ ਹੋਏ ਹਨ। ਇਸ ਹਮਲੇ ਵਿੱਚ 26 ਸੈਲਾਨੀਆਂ ਦੀ ਬੇਰਹਿਮੀ ਨਾਲ ਹੱਤਿਆ ਨੂੰ ਲੈ ਕੇ ਪੂਰੇ ਦੇਸ਼ ਵਿੱਚ ਸੋਗ ਅਤੇ ਗੁੱਸੇ ਦਾ ਮਾਹੌਲ ਹੈ।
- PTC NEWS