ਪੰਜਾਬ ਦੀ ਸ਼ਾਂਤੀ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿਆਂਗੇ: ਸੁਖਬੀਰ ਸਿੰਘ ਬਾਦਲ
ਖੇਮਕਰਨ: ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਬੁੱਧਵਾਰ ਕਿਹਾ ਕਿ ਕੁਝ ਤਾਕਤਾਂ ਪੰਥ ਤੇ ਪੰਥਕ ਸੰਗਠਨਾਂ ਨੂੰ ਕਮਜ਼ੋਰ ਕਰ ਕੇ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਕੀਮਤ ’ਤੇ ਅਜਿਹਾ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਮੈਂ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਖੇਤਰੀ ਪਾਰਟੀ ਦੀ ਹਮਾਇਤ ਕਰਨ, ਜੋ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਵਚਨਬੱਧ ਹੈ ਤੇ ਇਸਨੇ ਹਮੇਸ਼ਾ ਵੰਡ-ਪਾਊ ਤਾਕਤਾਂ ਖਿਲਾਫ ਡੱਟ ਕੇ ਲੜਾਈ ਲੜੀ ਹੈ।
ਅਕਾਲੀ ਦਲ ਦੇ ਪ੍ਰਧਾਨ, ਜਿਨ੍ਹਾਂ ਨੇ ਇਥੇ ਪਾਰਟੀ ਦੇ ਉਮੀਦਵਾਰ ਜਥੇਦਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿਚ ਵਿਸ਼ਾਲ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ, ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਗੱਲ ਸਮਝਣ ਕਿ ਕੁਝ ਏਜੰਸੀਆਂ ਪੰਜਾਬ ਵਿਚ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਖਰਾਬ ਕਰਨ ਲਈ ਉਹੀ ਹਾਲਾਤ ਪੈਦਾ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਲੋਕਾਂ ਦੀ ਸ਼ਨਾਖ਼ਤ ਕਰਨ ਜੋ ਆਪਣੇ ਆਪ ਨੂੰ ਪੰਥਕ ਦੱਸ ਰਹੇ ਹਨ ਜਦੋਂ ਕਿ ਉਹ ਪੰਥ ਦੀ ਪਿੱਠ ਵਿਚ ਛੁਰਾ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਪ੍ਰੋ. ਵਿਰਸਾ ਸਿੰਘ ਵਲਟੋਹਾ ਦੀ ਹਮਾਇਤ ਕੀਤੀ ਜਾਵੇ ਜੋ ਪੰਥ ਵਾਸਤੇ ਕੰਮ ਕਰਦੇ ਆ ਰਹੇ ਹਨ ਤੇ ਲੋੜੀਂਦੀਆਂ ਕੁਰਬਾਨੀਆਂ ਵੀ ਦਿੱਤੀਆਂ ਹਨ।ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅਜਿਹਾ ਨਾ ਕੀਤਾ ਤਾਂ ਕੱਲ੍ਹ ਨੂੰ ਸ਼੍ਰੋਮਣੀ ਕਮੇਟੀ ਵੀ ਸੁਰੱਖਿਅਤ ਨਹੀਂ ਰਹੇਗੀ।
ਉਨ੍ਹਾਂ ਨੇ ਇਸ ਮੌਕੇ ਕੇਂਦਰ ਸਰਕਾਰ ਤੇ ਕਾਂਗਰਸ ਪਾਰਟੀ ਨੂੰ ਵੀ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਾਂ ’ਤੇ ਆਰਐਸਐਸ ਦਾ ਕਬਜ਼ਾ ਕਰਵਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ ਹਰਿਆਣਾ ਵਿਚ ਵੱਖਰੀ ਕਮੇਟੀ ਬਣਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਕੇਂਦਰ ਸਰਕਾਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਾਸਤੇ ਕੀਤੇ ਵਾਅਦੇ ਤੋਂ ਮੁਕਰ ਗਈ।
ਕਾਂਗਰਸ ਦੀ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਕਦੇ ਵੀ ਇਹ ਗੱਲ ਨਹੀਂ ਭੁੱਲ ਸਕਦੀ ਕਿ 1 ਜੂਨ 1984 ਨੂੰ ਇੰਦਰਾ ਗਾਂਧੀ ਨੇ ਟੈਂਕਾਂ ਤੇ ਤੋਪਾਂ ਨਾਲ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਕਦੇ ਵੀ ਇਹ ਨਹੀਂ ਭੁੱਲ ਸਕਦੀ ਕਿ ਦਿੱਲੀ ਤੇ ਦੇਸ਼ ਦੇ ਹੋਰ ਸ਼ਹਿਰਾਂ ਵਿਚ ਕਾਂਗਰਸ ਦੀ ਸ਼ਹਿ ’ਤੇ ਮਾਸੂਮ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਪੰਜਾਬੀ ਖਾਸ ਤੌਰ ’ਤੇ ਸਿੱਖ ਅਗਲੇ ਮਹੀਨੇ ਇਸ ਦਿਨ ਵੋਟਾਂ ਪਾਉਣ ਵੇਲੇ ਇਹ ਸਮਾਂ ਭੁੱਲ ਨਹੀਂ ਸਕਣਗੇ।
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਿਰ ਤੋਂ ਝੂਠੇ ਵਾਅਦਿਆਂ ਨਾਲ ਪੰਜਾਬੀਆਂ ਨੂੰ ਮੂਰਖ ਬਣਾਉਣ ਦੇ ਯਤਨ ਕਰਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਵਿਚ ਨਾਕਾਮ ਰਹੀ ਹੈ ਤੇ ਉਸਦਾ ਹਰ ਔਰਤ ਪ੍ਰਤੀ 27-27 ਹਜ਼ਾਰ ਰੁਪਏ ਦਾ ਬਕਾਇਆ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਬਜਾਏ ਔਰਤਾਂ ਨੂੰ ਇਹ ਦੱਸਣ ਦੇ ਕੇ ਸਰਕਾਰ ਇਹ ਰਾਸ਼ੀ ਉਨ੍ਹਾਂ ਨੂੰ ਕਿਉਂ ਨਹੀਂ ਦੇ ਸਕੀ, ਹੁਣ ਸਰਕਾਰ 11-11 ਸੌ ਰੁਪਏ ਦੇਣ ਦਾ ਵਾਅਦਾ ਕਰ ਰਹੀ ਹੈ।
- PTC NEWS