ਜਥੇਦਾਰ ਸਾਹਿਬਾਨਾਂ ਖਿਲਾਫ਼ ਚਲਾਇਆ ਜਾ ਰਿਹਾ ਪ੍ਰਾਪੇਗੰਡਾ? ਸੁਖਬੀਰ ਸਿੰਘ ਬਾਦਲ ਨੇ ਕੀਤੀ ਨਿਖੇਧੀ
Sukhbir Singh Badal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਹੈ, ਜਿਸ ਵਿੱਚ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਅਤੇ ਸਿੰਘ ਸਾਹਿਬਾਨ ਖਿਲਾਫ਼ ਪ੍ਰਾਪੇਗੰਡਾ ਚਲਾਏ ਜਾਣ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਨਾਲ ਹੀ ਇਸ ਘਟੀਆ ਵਰਤਾਰੇ ਦੀ ਨਿਖੇਧੀ ਵੀ ਕੀਤੀ ਹੈ।
ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਸਾਹਿਬ ਵੱਲੋਂ 2 ਦਸੰਬਰ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਾਲ 2007 ਤੋਂ 2017 ਤੱਕ ਦੇ ਰਹੇ ਕੈਬਨਿਟ ਮੰਤਰੀ ਤਲਬ ਕੀਤੇ ਗਏ ਹਨ। ਇਨ੍ਹਾਂ ਤੋਂ ਇਲਾਵਾ ਸਾਲ 2015 ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੂੰ ਵੀ ਤਲਬ ਕੀਤਾ ਗਿਆ ਹੈ। ਉਥੇ ਹੀ ਸਾਲ 2015 ’ਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਹਿੱਸਾ ਰਹੇ ਮੈਂਬਰਾਂ ਨੂੰ ਵੀ ਤਲਬ ਕੀਤਾ ਹੋਇਆ ਹੈ।
ਇਸਦੇ ਨਾਲ ਹੀ ਜਥੇਦਾਰ ਸਾਹਿਬਾਨ ਵੱਲੋਂ ਇਹ ਵੀ ਹੁਕਮ ਕੀਤਾ ਗਿਆ ਹੈ ਇਸ ਮਸਲੇ ਬਾਰੇ ਕੋਈ ਪ੍ਰਤੀਕਰਮ ਨਾ ਕੀਤਾ ਜਾਵੇ। ਪਰੰਤੂ ਸੋਸ਼ਲ ਮੀਡੀਆ 'ਤੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਗੁੰਮਰਾਹਕੁਨ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਇਹ ਬਿਆਨ ਸਾਹਮਣੇ ਆਇਆ ਹੈ।
ਸ. ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ 'ਤੇ ਲਿਖਿਆ, ''ਅਕਾਲ ਤਖ਼ਤ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ। ਮੇਰੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਕੁੱਝ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਦਿਆਂ ਜਾਅਲੀ ਅਕਾਉਂਟ ਬਣਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਤਿਕਾਰਯੋਗ ਸਿੰਘ ਸਾਹਿਬਾਨਾਂ ਖ਼ਿਲਾਫ਼ ਘਟੀਆ ਪ੍ਰਾਪੇਗੰਡਾ ਚਲਾਇਆ ਜਾ ਰਿਹਾ ਹੈ, ਜੋ ਕਿ ਅਤਿ ਨਿੰਦਣਯੋਗ ਹੈ। ਇਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀ ਕੀਤਾ ਜਾ ਸਕਦਾ।''
ਉਨ੍ਹਾਂ ਅੱਗੇ ਲਿਖਿਆ, ''ਸ਼੍ਰੋਮਣੀ ਅਕਾਲੀ ਦਲ ਦਾ ਹਰ ਆਗੂ ਅਤੇ ਵਰਕਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਇਸ ਕਰਕੇ ਇਸ ਕੂੜ ਪ੍ਰਚਾਰ ਨੂੰ ਵੇਖ ਕੇ ਹਰ ਕੋਈ ਪ੍ਰੇਸ਼ਾਨ ਹੈ। ਅੱਜ ਸਾਨੂੰ ਪੰਥ ਦੋਖੀ ਤਾਕਤਾਂ ਤੋਂ ਪੂਰਨ ਤੌਰ ‘ਤੇ ਸੁਚੇਤ ਹੋਣ ਦੀ ਲੋੜ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉੱਚਤਾ ਅੱਗੇ ਸੀਸ ਝੁਕਾਉੰਦੇ ਹੋਏ ਮੈਂ ਆਪਣੇ ਵੱਲੋਂ ਇਸ ਸਾਰੇ ਪ੍ਰਾਪੇਗੰਡੇ ਦੀ ਸਖ਼ਤ ਨਿਖੇਧੀ ਕਰਦੇ ਹਾਂ।''
ਕਾਬਿਲੇਗੌਰ ਹੈ ਕਿ 30 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਉਸ ਸਮੇਂ ਤੋਂ ਲੈ ਕੇ ਲਗਾਤਾਰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਬੀਤੀ 18 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਮੁੜ ਤੋਂ ਚਿੱਠੀ ਲਿਖ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਲਦ ਫੈਸਲਾ ਕਰਨ ਦੀ ਅਪੀਲ ਕੀਤੀ ਗਈ ਸੀ।
- PTC NEWS