SYL ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਅੱਜ, ਕਿਸਾਨਾਂ ਨੇ ਚੰਡੀਗੜ੍ਹ ਨੂੰ ਪਾਏ ਚਾਲੇ
SYL: ਸਤਲੁਜ਼-ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਅੱਜ ਚੰਡੀਗੜ੍ਹ 'ਚ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਣ ਜਾ ਰਹੀ ਹੈ। ਦੋਵਾਂ ਮੁੱਖ ਮੰਤਰੀਆਂ ਦੀ ਇਹ ਮੀਟਿੰਗ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਸ਼ਾਮ 4 ਵਜੇ ਚੰਡੀਗੜ੍ਹ ਦੇ ਸੈਕਟਰ 17 ਸਥਿਤ ਤਾਜ ਹੋਟਲ ਵਿੱਚ ਰੱਖੀ ਗਈ ਹੈ। ਪਰ ਇਸ ਤੋਂ ਪਹਿਲਾਂ ਹੀ ਕਿਸਾਨਾਂ ਵੱਲੋਂ ਮੀਟਿੰਗ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਪ੍ਰਦਰਸ਼ਨ ਕਰਦੇ ਹੋਏ ਮੁਹਾਲੀ 'ਚ ਇਕੱਠੇ ਹੋਣ ਤੋਂ ਬਾਅਦ ਜਾਪ ਕਰਦੇ ਹੋਏ ਹੁਣ ਚੰਡੀਗੜ੍ਹ ਵੱਲ ਚਾਲੇ ਪਾ ਦਿੱਤੇ ਹਨ।
ਕਿਸਾਨਾਂ ਨੇ ਚੰਡੀਗੜ੍ਹ ਲਈ ਪਾਏ ਚਾਲੇ, ਚੰਡੀਗੜ੍ਹ ਪੁਲਿਸ ਨੇ ਕੀਤੀ ਬੈਰੀਕੇਡਿੰਗ
ਦੱਸ ਦੇਈਏ ਕਿ ਪੰਜ ਕਿਸਾਨ ਜਥੇਬੰਦੀਆਂ ਵੱਲੋਂ ਐਸਵਾਈਐਲ ਦੇ ਮੁੱਦੇ 'ਤੇ ਕੇਂਦਰ ਸਰਕਾਰ ਅਤੇ ਮੀਟਿੰਗ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਲਈ ਕਿਸਾਨਾਂ ਵੱਲੋਂ ਨਾਅਰੇ ਲਾ ਕੇ ਅਤੇ ਤਖਤੀਆਂ ਹੱਥਾਂ 'ਚ ਫੜ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੀਟਿੰਗ ਭਾਵੇਂ ਸ਼ਾਮ ਨੂੰ ਹੋਵੇਗੀ ਅਤੇ ਕਿਸਾਨ ਸਵੇਰ ਤੋਂ ਹੀ ਵੱਡੀ ਗਿਣਤੀ ਮੁਹਾਲੀ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ, ਪਰ ਹੁਣ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਦੀ ਅਗਵਾਈ ਹੇਠ ਚੰਡੀਗੜ੍ਹ ਵੱਲ ਚਾਲੇ ਪਾ ਦਿੱਤੇ ਗਏ ਹਨ। ਕਿਸਾਨਾਂ ਦਾ ਇਹ ਇਕੱਠ ਜਾਪ ਕਰਦੇ ਹੋਏ ਚੰਡੀਗੜ੍ਹ ਵੱਲ ਜਾ ਰਿਹਾ ਹੈ, ਜਿਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਵੱਲੋਂ ਬੈਰੀਕੇਡਿੰਗ ਵੀ ਕੀਤੀ ਗਈ ਹੈ।
ਪਹਿਲੀਆਂ ਤੋਂ ਮੀਟਿੰਗਾਂ ਰਹੀਆਂ ਸੀ ਬੇਸਿੱਟਾ
ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal Khattar) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਨਾਲ-ਨਾਲ ਕੇਂਦਰ ਅਤੇ ਰਾਜ ਦੇ ਉੱਚ ਅਧਿਕਾਰੀ ਵੀ ਮੌਜੂਦ ਰਹਿਣਗੇ। ਐਸਵਾਈਐਲ ਨੂੰ ਲੈ ਕੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਇਹ ਤੀਜੀ ਮੀਟਿੰਗ ਹੈ। ਪਹਿਲੀਆਂ ਦੋ ਮੀਟਿੰਗਾਂ ਬੇਸਿੱਟਾ ਰਹੀਆਂ ਸਨ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 14 ਅਕਤੂਬਰ 2022 ਅਤੇ 4 ਜਨਵਰੀ 2023 ਨੂੰ ਦੋਵਾਂ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ ਹੋਈ ਸੀ, ਜਿਸ ਦੌਰਾਨ ਹਰਿਆਣਾ ਸਰਕਾਰ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਨਾਂਹ-ਪੱਖੀ ਰਵੱਈਏ ਕਾਰਨ ਐਸਵਾਈਐਲ ਨਹਿਰ ’ਤੇ ਹੋਈਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ।
ਸੁਪਰੀਮ ਕੋਰਟ ਨੇ ਦਿੱਤਾ ਸੀ ਹਰਿਆਣਾ ਦੇ ਹੱਕ 'ਚ ਫੈਸਲਾ
ਸੁਪਰੀਮ ਕੋਰਟ ਨੇ ਵੀ ਆਪਣਾ ਫੈਸਲਾ ਹਰਿਆਣਾ ਸਰਕਾਰ ਦੇ ਹੱਕ ਵਿੱਚ ਦਿੱਤਾ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ ਨਹਿਰ ਦੇ ਨਿਰਮਾਣ ਲਈ ਕਦਮ ਚੁੱਕਣ ਲਈ ਕਿਹਾ ਹੈ।ਅਜਿਹੇ ਵਿੱਚ ਕੇਂਦਰ ਦੋਵਾਂ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਕੇ ਕੋਈ ਹੱਲ ਕੱਢਣ ਦੀ ਕੋਸ਼ਿਸ਼ ਕਰੇਗਾ।
ਜਨਵਰੀ 'ਚ ਹੋਵੇਗੀ ਮਾਮਲੇ 'ਚ ਅਗਲੀ ਸੁਣਵਾਈ
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਦਾਇਤਾਂ ਦਿੰਦਿਆਂ ਅਗਲੀ ਸੁਣਵਾਈ ਵਿੱਚ ਰਿਪੋਰਟ ਮੰਗੀ ਹੈ ਕਿ ਕੇਂਦਰ ਸਰਕਾਰ ਦੱਸੇ ਕਿ ਪੰਜਾਬ ਵਿੱਚ ਐਸਵਾਈਐਲ ਨਹਿਰ ਦੀ ਉਸਾਰੀ ਦੀ ਮੌਜੂਦਾ ਸਥਿਤੀ ਕੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਦੋਵਾਂ ਰਾਜਾਂ ਵਿਚਾਲੇ ਇਸ ਵਿਵਾਦ ਨੂੰ ਸੁਲਝਾਉਣ ਲਈ ਪਹਿਲ ਕਰਨੀ ਚਾਹੀਦੀ ਹੈ। ਇਸ ਮਾਮਲੇ ਦੀ ਸੁਣਵਾਈ ਜਨਵਰੀ 2024 ਦੇ ਦੂਜੇ ਹਫ਼ਤੇ ਹੋਣੀ ਹੈ।
-