ਖੇਡ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ
ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਵਿਸ਼ੇਸ਼ ਤੌਰ ਉਤੇ ਸਨਮਾਨ ਕੀਤਾ। ਇਸ ਮੌਕੇ ਖੇਡ ਮੰਤਰੀ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਓਲੰਪਿਕ ਤਮਗ਼ਾ ਜੇਤੂ ਹਾਕੀ ਖਿਡਾਰੀਆਂ ਨੂੰ ਦਰਜਾ ਇਕ ਦੀਆਂ ਨੌਕਰੀਆਂ ਦੇ ਨਿਯੁਕਤੀਆਂ ਪੱਤਰ ਸੌਂਪਣਗੇ।
ਭਗਵੰਨ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਕੋਈ ਕਸਰ ਨਹੀਂ ਬਾਕੀ ਛੱਡੇਗੀ ਅਤੇ ਹਾਕੀ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਸੂਬਾ ਪੰਜਾਬ ਖੇਡਾਂ 'ਚ ਦੇਸ਼ ਦੀ ਅਗਵਾਈ ਕਰੇਗਾ। ਖੇਡ ਮੰਤਰੀ ਨੇ ਹਾਕੀ ਖੇਡ ਨੂੰ ਹੋਰ ਪ੍ਰ੍ਰਫੁੱਲਿਤ ਕਰਨ ਲਈ ਖਿਡਾਰੀਆਂ ਦੇ ਸੁਝਾਅ ਵੀ ਮੰਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਟੀਮ 'ਚ ਕਪਤਾਨ ਸਮੇਤ ਸੂਬੇ ਦੇ 10 ਖਿਡਾਰੀ ਹਨ।
ਹਾਕੀ ਖਿਡਾਰੀਆਂ ਨੂੰ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਤੇ ਅਗਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਖੇਡ ਮੰਤਰੀ ਨੇ ਖਿਡਾਰੀਆਂ ਨੂੰ ਕਿਹਾ ਕਿ ਖਿਡਾਰੀ ਸਾਡਾ ਮਾਣ ਹਨ ਤੇ ਨੌਜਵਾਨਾਂ ਦੇ ਰੋਲ ਮਾਡਲ ਹਨ।
ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਆਉਣ ਵਾਲੇ ਮੁਕਾਬਲਿਆਂ 'ਚ ਦੇਸ਼ ਤੇ ਸੂਬੇ ਦਾ ਨਾਮ ਰੌਸ਼ਨ ਕਰਨ ਤੇ ਆਪਣਾ ਪ੍ਰਦਰਸ਼ਨ ਹੋਰ ਬਿਹਤਰ ਕਰਨ ਲਈ ਜੀਅ ਤੋੜ ਯਤਨ ਦੀ ਗੱਲ ਕੀਤੀ। ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਉਤੇ ਧੰਨਵਾਦ ਕੀਤਾ। ਇਸ ਤੋਂ ਇਲਾਵਾ ਹਾਕੀ ਖਿਡਾਰੀਆਂ ਨੇ ਖੇਡ ਮੰਤਰੀ ਨੂੰ ਆਪਣੇ ਆਟੋਗ੍ਰਾਫ ਵਾਲੀ ਟੀ ਸ਼ਰਟ ਤੇ ਹਾਕੀ ਸਟਿੱਕ ਭੇਂਟ ਕੀਤੀ।
ਇਹ ਵੀ ਪੜ੍ਹੋ : JEE Main Result Out: ਜੇਈਈ ਮੇਨ ਜਨਵਰੀ ਸੈਸ਼ਨ ਦਾ ਨਤੀਜਾ ਜਾਰੀ, ਇਸ ਤਰ੍ਹਾਂ ਕਰੋ ਚੈਕ
ਇਸ ਮੌਕੇ ਕਪਤਾਨ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਹਾਰਦਿਕ ਸਿੰਘ, ਅਕਾਸ਼ਦੀਪ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਕ੍ਰਿਸ਼ਨ ਪਾਠਕ, ਸੁਖਜੀਤ ਸਿੰਘ, ਰੁਪਿੰਦਰ ਪਾਲ ਸਿੰਘ, ਦਿਲਪ੍ਰੀਤ ਸਿੰਘ ਤੇ ਸਿਮਰਨਜੀਤ ਸਿੰਘ ਦਾ ਸਨਮਾਨ ਕੀਤਾ ਗਿਆ।
- PTC NEWS