Operation Amritpal: ਹੁਸ਼ਿਆਰਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਅੰਮ੍ਰਿਤਪਾਲ ਦੇ ਵਕੀਲ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ
Operation Amritpal: 18 ਮਾਰਚ ਤੋਂ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਚ ਹੁਸ਼ਿਆਰਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਪੈੜ ਨੱਪਦੇ ਹੋਏ ਇੱਕ ਵਕੀਲ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਨ੍ਹਾਂ ਲੋਕਾਂ ਕੋਲੋ ਪੁਲਿਸ ਨੇ 2 ਪਿਸਟਲ ਵੀ ਬਰਾਮਦ ਕੀਤੇ ਹਨ।
ਪੁਲਿਸ ਨੇ ਜਿਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਉਨ੍ਹਾਂ ਵਿੱਚੋ 2 ਵਿਅਕਤੀ ਜਲੰਧਰ ਜਿਲ੍ਹੇ ਨਾਲ ਸਬੰਧਿਤ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਵਕੀਲ ਰਾਜਦੀਪ ਸਿੰਘ ਜੋ ਕਿ ਹੁਸ਼ਿਆਰਪੁਰ ਦੇ ਬਾਬਕ ਪਿੰਡ ਦਾ ਰਹਿਣ ਵਾਲਾ ਹੈ ਅਤੇ ਦੂਸਰਾ ਵਿਅਕਤੀ ਉਕਾਂਰ ਨਾਥ ਸਿੰਘ ਜੋ ਕਿ ਜਲੰਧਰ ਪਿੰਡ ਟੁੱਟ ਕਲਾ ਨਾਲ ਸਬੰਧਿਤ ਹੈ ਅਤੇ ਤੀਜਾ ਸਰਬਜੀਤ ਸਿੰਘ ਜੋ ਕਿ ਨਕੋਦਰ ਇਲਾਕੇ ਦਾ ਦੱਸਿਆ ਜਾ ਰਿਹਾ ਹੈ।
ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਵਿਅਕਤੀਆਂ ਨੂੰ ਕੈਨੇਡਾ ਤੋਂ ਕਿਸੇ ਐੱਨ.ਆਰ.ਆਈ ਨੇ 90 ਹਜ਼ਾਰ ਰੁਪਏ ਦੀ ਰਕਮ ਭੇਜੀ ਸੀ ਜੋ ਕਿ ਇਨ੍ਹਾਂ ਲੋਕਾਂ ਨੇ ਅੱਗੇ ਅੰਮ੍ਰਿਤਪਾਲ ਸਿੰਘ ਤੱਕ ਪਹੁੰਚਾਏ। ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਹੀ ਕੁਝ ਕੁ ਸਮੇਂ ਲਈ ਅੰਮ੍ਰਿਤਪਾਲ ਸਿੰਘ ਦੀ ਰਿਹਾਇਸ਼ ਦਾ ਵੀ ਪ੍ਰਬੰਧ ਕੀਤਾ ਸੀ।
ਪਤਾ ਲੱਗਾ ਹੈ ਕਿ ਇਹਨਾਂ ਵਿਅਕਤੀਆਂ ਕੋਲੋਂ ਅੰਮ੍ਰਿਤਪਾਲ ਸਿੰਘ ਬਾਰੇ ਅਹਿਮ ਜਾਣਕਾਰੀ ਹਾਸਲ ਹੋਈ ਹੈ। ਗ੍ਰਿਫ਼ਤਾਰ ਵਿਅਕਤੀਆਂ ਨੂੰ ਬੀਤੀ ਰਾਤ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਥੇ ਪੁਲਿਸ ਨੂੰ ਉਨ੍ਹਾਂ ਇਕ ਦਿਨ ਦਾ ਰਿਮਾਂਡ ਦਿੱਤਾ ਗਿਆ। ਪੁਲਿਸ ਨੇ ਬੀਤੀ ਰਾਤ ਕੁਝ ਹੋਰ ਵਿਅਕਤੀ ਨੂੰ ਵੀ ਹਿਰਾਸਤ 'ਚ ਲਿਆ ਹੈ,ਜਿਨ੍ਹਾਂ ਦੀ ਪੁੱਛਗਿੱਛ ਜਾਰੀ ਹੈ।
ਰਿਪੋਰਟਰ ਵਿੱਕੀ ਅਰੋੜਾ ਦੇ ਸਹਿਯੋਗ ਨਾਲ .....
- PTC NEWS