ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਗੇ ਬੇਰੁਜ਼ਗਾਰਾਂ ਵਿਮੁਕਤ ਜਾਤੀਆ ਸੰਘ ਅਤੇ ਵਿਮੁਕਤ ਕਬੀਲਿਆਂ ਦੀਆ ਵੱਖ ਵੱਖ ਜਥੇਬੰਦੀਆ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ 300 ਤੋਂ ਵਧੇਰੇ ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਵਿਮੁਕਤ ਕਬੀਲਿਆ ਨੂੰ 2001 ਵਿੱਚ ਪੱਤਰ ਜਾਰੀ ਕਰਕੇ 2 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਸੀ ਪਰ ਸਰਕਾਰ ਨੇ 15-9-2022 ਨੂੰ ਪੱਤਰ ਜਾਰੀ ਕਰਕੇ 18-12-2020 ਨੂੰ ਆਪਣਾ ਸਪਸ਼ਟੀਕਰਨ ਵਾਪਸ ਲੈ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਦੀਆਂ ਪੋਸਟਾਂ ਵਿਚੋਂ ਸਾਡਾ ਹੱਕ ਹੀ ਖਤਮ ਕਰ ਦਿੱਤਾ ਹੈ। ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਪਿਛਲੇ 73 ਦਿਨਾਂ ਤੋਂ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਦੇ ਬਾਹਰ ਪੱਕਾ ਧਰਨਾ ਲੱਗਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ 2 ਵਾਰ ਪੈਨਲ ਮੀਟਿੰਗ ਅਤੇ ਇਕ ਵਾਰ ਮੁੱਖ ਮੰਤਰੀ ਦੁਆਰਾ ਬਣਾਈ ਸਬ ਕਮੇਟੀ ਨਾਲ ਮੀਟਿੰਗ ਹੋ ਚੁੱਕੀ ਹੈ। ਪਰ ਫਿਰ ਵੀ ਸਰਕਾਰ ਕੁਝ ਨਹੀਂ ਕਰ ਰਹੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।