ਵਿਜੀਲੈਂਸ ਵੱਲੋਂ ਦੋ ਪੁਲਿਸ ਮੁਲਾਜ਼ਮਾਂ ਸਮੇਤ 3 ਜਣੇ ਰਿਸ਼ਵਤ ਲੈਂਦੇ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ 'ਤੇ ਸੂਬੇ 'ਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਾਰੀ ਮੁਹਿੰਮ ਦੌਰਾਨ ਥਾਣਾ ਸਦਰ ਨਕੋਦਰ, ਜ਼ਿਲ੍ਹਾ ਜਲੰਧਰ ਦੇ ਐਸਐਚਓ ਵਜੋਂ ਤਾਇਨਾਤ ਰਹੇ ਸਬ-ਇੰਸਪੈਕਟਰ ਬਿਸਮਨ ਸਿੰਘ, ਸੀ.ਆਈ.ਏ.ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰੇਸ਼ਮ ਸਿੰਘ ਤੇ ਇਕ ਪ੍ਰਾਈਵੇਟ ਵਿਅਕਤੀ ਸੁਰਜੀਤ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਾਰੇ ਮੁਲਜ਼ਮਾਂ ਨੂੰ ਹਰਜਿੰਦਰ ਕੁਮਾਰ ਵਾਸੀ ਪਿੰਡ ਰਾਮਪੁਰ ਠੋਡਾ, ਜ਼ਿਲ੍ਹਾ ਰੂਪਨਗਰ ਦੀ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਹੈ ਕਿ ਉਕਤ ਸਬ-ਇੰਸਪੈਕਟਰ ਬਿਸਮਨ ਸਿੰਘ ਨੇ ਐਸਐਚਓ ਹੁੰਦਿਆਂ ਉਸ ਦੇ ਭਰਾ ਨੂੰ ਹੁਸ਼ਿਆਰਪੁਰ ਤੋਂ ਉਸ ਦੇ ਟਰੱਕ ਸਮੇਤ ਗੱਡੀ ਵਿੱਚ ਭੁੱਕੀ ਦੀ ਬਰਾਮਦਗੀ ਦਿਖਾ ਕੇ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸਬੰਧਤ ਐਸਐਚਓ ਬਿਸਮਨ ਸਿੰਘ ਨੇ ਉਸ ਵੇਲੇ ਏਐਸਆਈ ਰੇਸ਼ਮ ਸਿੰਘ ਤੇ ਇਕ ਪ੍ਰਾਈਵੇਟ ਵਿਅਕਤੀ ਸੁਰਜੀਤ ਸਿੰਘ ਰਾਹੀਂ ਉਸਦੇ ਭਰਾ ਅਤੇ ਸ੍ਰੀਨਗਰ ਤੋਂ ਲੱਦਿਆ ਹੋਇਆ ਉਸਦਾ ਟਰੱਕ ਛੁਡਾਉਣ ਲਈ 11,00,000 ਰੁਪਏ ਪਹਿਲਾਂ ਹੀ ਕਿਸ਼ਤਾਂ ਵਿੱਚ ਹਾਸਲ ਕਰ ਲਏ ਹਨ। ਉਸਨੇ ਦੋਸ਼ ਲਾਇਆ ਕਿ ਮੁਲਜ਼ਮ ਸਬ-ਇੰਸਪੈਕਟਰ ਬੇਸ਼ੱਕ ਪੁਲਿਸ ਲਾਈਨ ਜਲੰਧਰ ਵਿਖੇ ਬਦਲ ਚੁੱਕਾ ਹੈ ਪਰ ਉਹ ਆਪਣੇ ਉਪਰੋਕਤ ਦੋ ਵਿਚੋਲਿਆਂ ਰਾਹੀਂ ਇਸ ਪੁਲਿਸ ਕੇਸ ਵਿੱਚ ਉਸ ਦੀ ਮਦਦ ਕਰਨ ਲਈ ਉਸ ਤੋਂ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ। ਇਸ ਸ਼ਿਕਾਇਤ ਦੇ ਤੱਥਾਂ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਪਰੋਕਤ ਸਬ-ਇੰਸਪੈਕਟਰ ਬਿਸਮਨ ਸਿੰਘ, ਏ.ਐਸ.ਆਈ ਰੇਸ਼ਮ ਸਿੰਘ ਅਤੇ ਪ੍ਰਾਈਵੇਟ ਵਿਅਕਤੀ ਸੁਰਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ : ਪਨਬੱਸ ਤੇ ਰੋਡਵੇਜ ਯੂਨੀਅਨ ਦੀ ਅਫ਼ਸਰਾਂ ਨਾਲ ਮੀਟਿੰਗ ਰਹੀ ਬੇਸਿੱਟਾ, ਜਾਰੀ ਰਹੇਗੀ ਹੜਤਾਲ
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਸਾਰੇ ਮੁਲਜ਼ਮਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ, ਉਡਣ ਦਸਤਾ-1, ਐਸ.ਏ.ਐਸ.ਨਗਰ, ਪੰਜਾਬ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਹੋਰ ਅੱਗੇ ਜਾਂਚ ਚੱਲ ਰਹੀ ਹੈ।
- PTC NEWS