Phagwara News : ਵਿਜੀਲੈਂਸ ਬਿਊਰੋ ਵੱਲੋਂ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲੈਨਰ ਤੇ ਨਕਸ਼ਾ ਨਵੀਸ ਗ੍ਰਿਫਤਾਰ
Phagwara News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਰਾਜ ਕੁਮਾਰ, ਸਹਾਇਕ ਟਾਊਨ ਪਲੈਨਰ (ਏਟੀਪੀ), ਨਗਰ ਨਿਗਮ, ਫਗਵਾੜਾ ਅਤੇ ਫਗਵਾੜਾ ਦੇ ਹੀ ਇੱਕ ਪ੍ਰਾਈਵੇਟ ਨਕਸ਼ਾ ਨਵੀਸ (ਆਰਕੀਟੈਕਟ) ਰਾਜੇਸ਼ ਕੁਮਾਰ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਕਪੂਰਥਲਾ ਦੇ ਫਗਵਾੜਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਆਰਕੀਟੈਕਟ ਨੇ ਸ਼ਿਕਾਇਤਕਰਤਾ ਤੋਂ 1,50,000 ਰੁਪਏ ਦੀ ਰਿਸ਼ਵਤ ਮੰਗੀ ਹੈ ਤਾਂ ਜੋ ਟਾਊਨ ਪਲਾਨਰ ਤੋਂ ਉਸ (ਸ਼ਿਕਾਇਤਕਰਤਾ) ਦੇ ਘਰ ਦੇ ਨਕਸ਼ੇ ਦੀ ਪ੍ਰਵਾਨਗੀ ਲਈ ਜਾ ਸਕੇ ਪਰ ਸੌਦਾ 50000 ਰੁਪਏ ਵਿੱਚ ਤੈਅ ਹੋਇਆ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਫ਼ਤੀਸ਼ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਨਕਸ਼ਾ ਨਵੀਸ ਅਤੇ ਏਟੀਪੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਉਕਤ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
- PTC NEWS