Patiala News : ਵਿਜੀਲੈਂਸ ਬਿਊਰੋ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ PSPCL ਦਾ ਲਾਈਨਮੈਨ ਕਾਬੂ
Patiala News : ਪੰਜਾਬ ਵਿਜੀਲੈਂਸ ਬਿਊਰੋ (Vigilance Bureau ) ਨੇ ਅੱਜ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ. (PSPCL ) ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL ) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੀ.ਐਸ.ਪੀ.ਸੀ.ਐਲ. ਮੁਲਾਜ਼ਮ ਨੂੰ ਪਟਿਆਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਜਸਵੀਰ ਸਿੰਘ ਵੱਲੋਂ ਸ਼ਿਕਾਇਤਕਰਤਾ ਦੇ ਘਰ ਨਵਾਂ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਦੀ ਮੰਗ ਕਰਨ ਉਪਰੰਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ।
ਬੁਲਾਰੇ ਨੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੇ ਮੁਲਾਜ਼ਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਹੈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰਨਾਂ ਵਿਅਕਤੀਆਂ ਦੀ ਭੂਮਿਕਾ ਬਾਰੇ ਜਾਂਚ ਜਾਰੀ ਹੈ।
- PTC NEWS