Summons to Brahm Mohindra : ਵਿਜੀਲੈਂਸ ਨੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਤੀਜੀ ਵਾਰ ਭੇਜਿਆ ਸੰਮਨ, 9 ਮਾਰਚ ਨੂੰ ਤਲਬ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਮੁਸ਼ਕਲਾਂ ਵਿਚ ਘਿਰਦੇ ਨਜ਼ਰ ਆ ਰਹੇ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਬ੍ਰਹਮ ਮਹਿੰਦਰਾ ਨੂੰ ਤੀਜੀ ਵਾਰ ਤਲਬ ਕੀਤਾ ਹੈ। ਸਾਬਕਾ ਮੰਤਰੀ ਨੂੰ ਵਿਜੀਲੈਂਸ ਅੱਗੇ ਪੇਸ਼ ਹੋਣ ਲਈ 9 ਮਾਰਚ ਲਈ ਸੰਮਨ ਭੇਜੇ ਗਏ ਹਨ। ਕਾਬਿਲੇਗੌਰ ਹੈ ਕਿ ਵਿਜੀਲੈਂਸ ਵੱਲੋਂ ਪਹਿਲਾਂ ਵੀ ਉਨ੍ਹਾਂ ਨੂੰ ਦੋ ਵਾਰ ਤਲਬ ਕੀਤਾ ਜਾ ਚੁੱਕਾ ਹੈ ਪਰ ਉਹ ਦੋਵੇਂ ਪੇਸ਼ੀਆਂ ਵਿਚ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ। ਉਨ੍ਹਾਂ ਉਤੇ ਤੇ ਪਰਿਵਾਰ ਉਪਰ 6 ਸਾਲ ਵਿਚ ਆਮਦਨ ਤੋਂ ਜ਼ਿਆਦਾ ਖ਼ਰਚ ਕਰਨ ਦੇ ਗੰਭੀਰ ਇਲਜ਼ਾਮ ਲੱਗੇ ਹਨ।
ਕਾਬਿਲੇਗੌਰ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਵਿਜੀਲੈਂਸ ਨੇ ਤਲਬ ਕੀਤਾ ਸੀ। 24 ਫਰਵਰੀ ਨੂੰ ਉਨ੍ਹਾਂ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਮੋਹਾਲੀ ਸਥਿਤ ਵਿਜੀਲੈਂਸ ਦਫਤਰ ’ਚ ਪੁੱਛਗਿੱਛ ਕਰਨ ਲਈ ਬੁਲਾਇਆ ਗਿਆ ਸੀ। ਵਿਜੀਲੈਂਸ ਬਿਊਰੋ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮਹਿੰਦਰਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪਿਛਲੇ 6 ਸਾਲਾਂ ਵਿਚ ਆਮਦਨ ਤੋਂ ਵੱਧ ਪੈਸਾ ਖਰਚ ਕੀਤਾ ਹੈ। ਵਿਜੀਲੈਂਸ ਨੇ ਮੋਹਿੰਦਰਾ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ ਸਮੇਤ ਹੋਰ ਜਾਇਦਾਦ ਦੇ ਰਿਕਾਰਡ ਦੀ ਜਾਂਚ ਕਰਨ ਲਈ ਮਾਲ ਅਧਿਕਾਰੀਆਂ ਨੂੰ ਵੀ ਪੱਤਰ ਲਿਖਿਆ ਸੀ।
ਇਹ ਵੀ ਪੜ੍ਹੋ : Assembly Election Results : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਤ੍ਰਿਪੁਰਾ, ਮੇਘਾਲਿਆ ਤੇ ਨਾਗਾਲੈਂਡ 'ਚ ਵੋਟਾਂ ਦੀ ਗਿਣਤੀ ਸ਼ੁਰੂ
ਗੌਰਤਲਬ ਹੈ ਕਿ ਬ੍ਰਹਮ ਮਹਿੰਦਰਾ ਛੇਵੇਂ ਸਾਬਕਾ ਮੰਤਰੀ ਹਨ, ਜਿਹੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਦੀ ਰਡਾਰ ਉੁਪਰ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਇਸ ਸਮੇਂ ਜੇਲ੍ਹ ਵਿਚ ਬੰਦ ਹਨ। ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ, ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਭਾਰਤ ਭੂਸ਼ਣ ਆਸ਼ੂ ਵੀ ਜਾਂਚ ਦੇ ਦਾਇਰੇ ਵਿਚ ਹਨ।
- PTC NEWS