Bangladesh Violence : ਬੰਗਲਾਦੇਸ਼ 'ਚ ਫਿਰ ਭੜਕੀ ਹਿੰਸਾ, ਹੁਣ ਤੱਕ 70 ਤੋਂ ਵੱਧ ਮੌਤਾਂ, ਦੇਸ਼ ਭਰ 'ਚ ਲਗਾਇਆ ਕਰਫਿਊ
Bangladesh Violence : ਬੰਗਲਾਦੇਸ਼ 'ਚ ਫਿਰ ਤੋਂ ਸਰਕਾਰ ਵਿਰੋਧੀ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਸ਼ਨੀਵਾਰ ਨੂੰ ਇਕ ਵਾਰ ਫਿਰ ਹਜ਼ਾਰਾਂ ਲੋਕ ਸੜਕਾਂ 'ਤੇ ਉਤਰ ਆਏ। ਰਾਖਵੇਂਕਰਨ ਨੂੰ ਲੈ ਕੇ ਸ਼ੁਰੂ ਹੋਏ ਪ੍ਰਦਰਸ਼ਨ ਹੁਣ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਆ ਗਏ ਹਨ। ਪ੍ਰਦਰਸ਼ਨਕਾਰੀਆਂ ਅਤੇ ਸੱਤਾਧਾਰੀ ਸਮਰਥਕਾਂ ਵਿਚਾਲੇ ਹੋਈ ਹਿੰਸਾ 'ਚ ਹੁਣ ਤੱਕ 70 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦੇਸ਼ ਭਰ 'ਚ ਲਗਾਇਆ ਕਰਫਿਊ
ਹਿੰਸਾ ਫਿਰ ਭੜਕਣ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਦੇਸ਼ ਵਿੱਚ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਹੈ। ਹਾਲਾਂਕਿ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਭਰੋਸਾ ਦਿੱਤਾ ਹੈ ਕਿ ਉਹ ਪ੍ਰਦਰਸ਼ਨਾਂ ਵਿੱਚ ਹੋਈਆਂ ਜਾਨਾਂ ਦੀ ਜਾਂਚ ਕਰੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਇਨ੍ਹਾਂ ਪ੍ਰਦਰਸ਼ਨਾਂ ਵਿੱਚ ਸ਼ਾਮਲ ਲੋਕਾਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਸ਼ੇਖ ਹਸੀਨਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮਾਰੇ ਗਏ ਲੋਕਾਂ ਲਈ ਇਨਸਾਫ਼ ਦੀ ਮੰਗ ਕੀਤੀ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਕਈ ਥਾਵਾਂ ਤੋਂ ਹਿੰਸਾ ਦੀਆਂ ਖ਼ਬਰਾਂ ਵੀ ਆਈਆਂ ਹਨ।
ਸਰਕਾਰ ਦੇ ਸਮਰਥਕਾਂ ਅਤੇ ਵਿਰੋਧੀਆਂ ਵਿਚਕਾਰ ਝੜਪ
ਜਦੋਂ ਬੰਗਲਾਦੇਸ਼ ਵਿਚ ਲੋਕ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਅਤੇ ਪ੍ਰਦਰਸ਼ਨਾਂ ਵਿਚ ਮਾਰੇ ਗਏ ਲੋਕਾਂ ਲਈ ਇਨਸਾਫ਼ ਲਈ ਸੜਕਾਂ 'ਤੇ ਉਤਰੇ, ਉਸੇ ਸਮੇਂ ਸਰਕਾਰ ਦੀ ਹਮਾਇਤ ਵਾਲੇ ਸਮੂਹਾਂ ਨੇ ਵੀ ਸ਼ਹਿਰ ਵਿਚ ਰੈਲੀ ਕੱਢੀ। ਆਲੋ ਅਖਬਾਰ ਮੁਤਾਬਕ ਕੁਮਿਲਾ 'ਚ ਸਰਕਾਰ ਸਮਰਥਕਾਂ ਨੇ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਕੀਤੀ, ਬੰਗਲਾਦੇਸ਼ੀ ਮੀਡੀਆ ਮੁਤਾਬਕ ਇਨ੍ਹਾਂ ਪ੍ਰਦਰਸ਼ਨਾਂ 'ਚ 32 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ 'ਚ ਲੋਕ ਜ਼ਖਮੀ ਹੋਏ ਹਨ।
ਨਹੀਂ ਰੁਕ ਰਹੇ ਪ੍ਰਦਰਸ਼ਨ
ਬੰਗਲਾਦੇਸ਼ ਵਿੱਚ ਮੁਕਤੀ ਅੰਦੋਲਨ ਵਿੱਚ ਸ਼ਾਮਲ ਲੋਕਾਂ ਦੇ ਪਰਿਵਾਰਾਂ ਨੂੰ ਦਿੱਤੇ ਗਏ ਰਾਖਵੇਂਕਰਨ ਦੇ ਖਿਲਾਫ ਪਿਛਲੇ ਮਹੀਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਏ ਸਨ। ਮੁਜ਼ਾਹਰੇ ਸ਼ੁਰੂ ਵਿੱਚ ਸ਼ਾਂਤਮਈ ਸਨ, ਪਰ 15 ਜੁਲਾਈ ਨੂੰ ਢਾਕਾ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਝੜਪਾਂ ਤੋਂ ਬਾਅਦ ਹਿੰਸਕ ਹੋ ਗਏ। 21 ਜੁਲਾਈ ਨੂੰ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਸਰਕਾਰ ਨੇ ਇਹ ਕੋਟਾ 30 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰ ਦਿੱਤਾ ਸੀ ਪਰ ਇਸ ਦੇ ਬਾਵਜੂਦ ਹਿੰਸਾ ਅਤੇ ਵਿਰੋਧ ਪ੍ਰਦਰਸ਼ਨ ਰੁਕ ਨਹੀਂ ਰਹੇ। ਪ੍ਰਦਰਸ਼ਨਾਂ 'ਚ ਹੁਣ ਤੱਕ 200 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖਮੀ ਹਨ।
ਇੰਟਰਨੈੱਟ, ਸਕੂਲ ਅਤੇ ਯੂਨੀਵਰਸਿਟੀਆਂ ਬੰਦ
ਫਿਰ ਤੋਂ ਭੜਕੀ ਹਿੰਸਾ ਦੀ ਅੱਗ ਤੋਂ ਬਾਅਦ ਸਰਕਾਰ ਨੇ ਦੇਸ਼ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਬੰਗਲਾਦੇਸ਼ ਦੇ ਗ੍ਰਹਿ ਮੰਤਰਾਲੇ ਨੇ ਸ਼ਾਮ 6 ਵਜੇ ਤੋਂ ਦੇਸ਼ ਭਰ ਵਿੱਚ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਹੈ। ਸਰਕਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦੇ ਅੰਦੋਲਨ ਵਿੱਚ ਵੱਡੇ ਪੱਧਰ 'ਤੇ ਝੜਪਾਂ ਅਤੇ ਜਾਨ-ਮਾਲ ਦੇ ਨੁਕਸਾਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਦੇਸ਼ ਦੇ ਸਕੂਲਾਂ ਅਤੇ ਕਾਲਜਾਂ ਦੀਆਂ ਕਲਾਸਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਬੰਗਲਾਦੇਸ਼ ਪੁਲਿਸ ਹੁਣ ਤੱਕ 11 ਹਜ਼ਾਰ ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।
ਇਹ ਵੀ ਪੜ੍ਹੋ: Selfie Craze : ਕੁੜੀ ਨੂੰ ਸੈਲਫੀ ਲੈਣਾ ਪਿਆ ਮਹਿੰਗਾ, 100 ਫੁੱਟ ਡੂੰਘੀ ਖਾਈ 'ਚ ਡਿੱਗੀ, ਦੇਖੋ ਵੀਡੀਓ
- PTC NEWS