ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵਿਰਸਾ ਸਿੰਘ ਵਲਟੋਹਾ ਨੇ ਸੂਬਾ ਸਰਕਾਰ ਨੂੰ ਘੇਰਿਆ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪ੍ਰੈਸ ਵਾਰਤਾ ਕੀਤੀ। ਇਸ ਮੌਕੇ ਵਿਰਸਾ ਸਿੰਘ ਵਲਟੋਹਾ ਨੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਉੱਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੂਬਾ ਸਰਕਾਰ ਨੇ ਮੌਨ ਧਾਰਿਆ ਹੋਇਆ ਹੈ।
ਵਿਰਸਾ ਸਿੰਘ ਵਲਟੋਹਾ ਦਾ ਕਹਿਣਾ ਹੈ ਕਿ ਅਨੇਕਾਂ ਸਿੱਖ ਜਥੇਬੰਦੀਆਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੀਆਂ ਹਨ ਪਰ ਸਰਕਾਰਾਂ ਸੰਜੀਦਗੀ ਨਹੀਂ ਦਿਖਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਬਲਵੰਤ ਸਿੰਘ ਰਾਜੋਂਆਣਾ ਅਤੇ ਭਾਈ ਗੁਰਮੀਤ ਸਿੰਘ ਇੰਜੀਨੀਅਰ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ।
ਉਨ੍ਹਾਂ ਦਾ ਕਹਿਣਾ ਹੈ ਭਾਈ ਗੁਰਮੀਤ ਸਿੰਘ ਦੀ ਪ੍ਰੀ ਮਚਿਉਰ ਰਿਹਾਈ ਲਈ ਰਿੱਟ ਪਾਈ ਗਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਯੂਪੀ ਪ੍ਰਸ਼ਾਸਨ ਨੇ 14 ਵਾਰ ਪੰਜਾਬ ਸਰਕਾਰ ਨੂੰ ਲਿਖ ਕੇ ਭੇਜਿਆ ਅਤੇ ਰਿਪੋਰਟ ਮੰਗੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਭਾਈ ਗੁਰਮੀਤ ਸਿੰਘ ਇੰਜੀਨੀਅਰ ਨੂੰ ਰਿਹਾਅ ਕਰਨ ਦੀ ਸਿਫਾਰਿਸ਼ ਦੀ ਥਾਂ ਉੱਤੇ ਇਹ ਲਿਖਿਆ ਗਿਆ ਇੰਜੀਨੀਅਰ ਦੀ ਰਿਹਾਈ ਨਾਲ ਮਾਹੌਲ ਖਰਾਬ ਹੋ ਸਕਦਾ ਹੈ।
ਵਿਰਸਾ ਸਿੰਘ ਵਿਲਟੋਹਾ ਦਾ ਕਹਿਣਾ ਹੈ ਕਿ ਕੇਜਰੀਵਾਲ ਅਤੇ ਸੂਬਾ ਸਰਕਾਰ ਦੀ ਨੀਅਤ ਸਿੱਖ ਵਿਰੋਧੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਾਨੂੰਨ ਨਹੀ ਹੈ। ਉਨ੍ਹਾਂ ਦਾ ਰਾਜੀਵ ਗਾਂਧੀ ਦੇ ਕਾਤਲ ਅਤੇ ਬਿਲਕਿਸ ਬਾਨੋ ਦੇ ਪਰਿਵਾਰ ਦੇ ਕਾਤਲ ਨੂੰ ਰਿਹਾਅ ਕੀਤਾ ਗਿਆ ਹੈ।
ਸੀਨੀਅਰ ਅਕਾਲੀ ਆਗੂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਝੂਠੇ ਪੁਲਿਸ ਮੁਕਾਬਲੇ ਕਰਨ ਵਾਲੇ ਅਧਿਕਾਰੀਆਂ ਨੂੰ ਉਮਰ ਕੈਦ ਹੋਣ ਉਤੇ ਵੀ 4-4 ਸਾਲਾਂ ਮਗਰੋਂ ਬਾਹਰ ਆ ਗਏ ਹਨ।
ਵਿਰਸਾ ਸਿੰਘ ਵਲਟੋਹਾ ਦਾ ਕਹਿਣਾ ਹੈ ਕਿ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਦਿੱਲੀ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ ਭੇਜਿਆ ਜਾ ਰਿਹਾ ਪਰ ਜਵਾਬ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦਾ ਕਹਿਣਾ ਹੈ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਦੀਆਂ ਸਰਕਾਰਾਂ ਚਾਹੁੰਦੀਆਂ ਹਨ ਕਿ ਉਨ੍ਹਾਂ ਸਿੰਘਾਂ ਦੀਆਂ ਲਾਸ਼ਾਂ ਹੀ ਬਾਹਰ ਆਉਣ।
ਵਿਰਸਾ ਸਿੰਘ ਵਲਟੋਹਾ ਨੇ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਏਕਤਾ ਅਤਿ ਲਾਜ਼ਮੀ ਹੈ।
- PTC NEWS