ਐੱਸਜੀਪੀਸੀ ਦੇ ਪ੍ਰਧਾਨ ਦੀ ਚੋਣ ਅੱਜ, ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਵਿਚਾਲੇ ਟੱਕਰ
ਅੰਮ੍ਰਿਤਸਰ : ਸਿੱਖਾਂ ਦੀ ਸਰਬ ਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਪ੍ਰਕਿਰਿਆ ਅੱਜ ਹੋਵੇਗੀ। ਦੁਨੀਆਂ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਨਜ਼ਰ ਇਨ੍ਹਾਂ ਚੋਣਾਂ ਉਤੇ ਟਿਕੀਆਂ ਹੋਈਆਂ ਹਨ। ਅੱਜ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੁਪਹਿਰ 1 ਚੋਣ ਪ੍ਰਕਿਰਿਆ ਸ਼ੁਰੂ ਹੋਵੇਗੀ ਅਤੇ ਵੋਟਿੰਗ ਸਿਰਫ਼ ਪ੍ਰਧਾਨ ਦੇ ਅਹੁਦੇ ਲਈ ਹੋਵੇਗੀ। ਉਸ ਤੋਂ ਬਾਅਦ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰ ਵੀ ਚੁਣੇ ਜਾਣਗੇ। ਸਿੱਖਾਂ ਦੀ ਸੰਸਥਾ ਦੇ ਪ੍ਰਧਾਨ ਦਾ ਨਾਂ ਬੈਲੇਟ ਪੇਪਰ ਰਾਹੀਂ ਤੈਅ ਹੋਵੇਗਾ।
ਇਸ ਵਾਰ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਐੱਸਜੀਪੀਸੀ ਦੀ ਤਿੰਨ ਵਾਰ ਪ੍ਰਧਾਨ ਰਹਿ ਚੁੱਕੀ ਬੀਬੀ ਜਗੀਰ ਕੌਰ ਚੋਣ ਮੈਦਾਨ ਵਿਚ ਹਨ। ਐੱਸਜੀਪੀਸੀ ਦੇ 157 ਮੈਂਬਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। 79 ਵੋਟਾਂ ਪ੍ਰਾਪਤ ਕਰਨ ਵਾਲੇ ਉਮੀਦਵਾਰ ਦੀ ਜਿੱਤ ਯਕੀਨੀ ਹੋਵੇਗੀ।
ਇਹ ਵੀ ਪੜ੍ਹੋ : ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਡੇ ਲਈ ਮਾਰਗਦਰਸ਼ਕ: ਮੋਦੀ
ਐਸਜੀਪੀਸੀ ਮੈਂਬਰ ਮਾਰਚ ਵਿੱਚ ਬਜਟ ਅਤੇ ਨਵੰਬਰ ਵਿੱਚ ਜਨਰਲ ਇਜਲਾਸ ਵਿੱਚ ਪ੍ਰਧਾਨ ਦੀ ਚੋਣ ਕਰਦੇ ਹਨ। ਗੌਰਤਲਬ ਹੈ ਕਿ ਮੌਜੂਦਾ ਸਦਨ ਵਿੱਚ ਕੁੱਲ 191 ਮੈਂਬਰ ਹਨ, ਜਿਨ੍ਹਾਂ ਵਿੱਚੋਂ 170 ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਤੋਂ ਚੁਣੇ ਗਏ ਮੈਂਬਰ ਹਨ। ਦੇਸ਼ ਭਰ ਵਿੱਚੋਂ ਪੰਦਰਾਂ ਮੈਂਬਰ ਨਾਮਜ਼ਦ ਕੀਤੇ ਗਏ ਹਨ ਅਤੇ ਬਾਕੀ ਛੇ ਮੈਂਬਰ ਪੰਜ ਤਖ਼ਤ ਸਾਹਿਬਾਨ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਹਨ। ਹਾਊਸ ਦੀਆਂ 30 ਸੀਟਾਂ ਔਰਤਾਂ ਲਈ ਰਾਖਵੀਆਂ ਹਨ।
- PTC NEWS