ਪਟੀਸ਼ਨਾਂ ਦੇ ਆਧਾਰ ’ਤੇ ਹਾਈ ਕੋਰਟ ਵੱਲੋਂ 250 ਪਿੰਡਾਂ ਵਿਚ ਪੰਚਾਇਤ ਚੋਣਾਂ ਦਾ ਅਮਲ ਰੋਕਣ ਦਾ ਸਵਾਗਤ: ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਟੀਸ਼ਨਾਂ ਦੇ ਆਧਾਰ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 250 ਪਿੰਡਾਂ ਵਿਚ ਪੰਚਾਇਤ ਚੋਣਾਂ ਦਾ ਅਮਲ ਰੋਕਣ ਦਾ ਸਵਾਗਤ ਕੀਤਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਮੰਤਰੀਆਂ ਤੇ ਵਿਧਾਇਕਾਂ ਦੇ ਹੁਕਮਾਂ ’ਤੇ ਧੱਕੇ ਨਾਲ ਪਿੰਡਾਂ ਵਿਚ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਹੁਣ ਹਾਈ ਕੋਰਟ ਨੇ 250 ਪਿੰਡਾਂ ਵਿਚ ਚੋਣ ਅਮਲ ਰੋਕ ਦਿੱਤਾ ਹੈ ਜੋ ਕਿ ਸਿਰਫ ਸ਼ੁਰੂਆਤ ਹੈ। ਉਹਨਾਂ ਕਿਹਾ ਕਿ ਅਜਿਹੇ ਹਜ਼ਾਰਾਂ ਲੋਕ ਹਨ ਜਿਹਨਾਂ ਦੇ ਨਾਮਜ਼ਦਗੀ ਪੱਤਰ ਬਿਨਾਂ ਕਸੂਰ ਤੋਂ ਰੱਦ ਕੀਤੇ ਗਏ।
ਉਹਨਾਂ ਕਿਹਾ ਕਿ ਜਿਹਨਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ, ਮੈਂ ਉਹਨਾਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਹਾਈ ਕੋਰਟ ਕੋਲ ਅਪੀਲ ਕਰਨ ਕਿਉਂਕਿ ਜ਼ਮੀਨੀ ਪੱਧਰ ’ਤੇ ਲੋਕਤੰਤਰ ਨੂੰ ਬਚਾਉਣ ਦਾ ਇਹੋ ਇਕ ਤਰੀਕਾ ਹੈ।
ਉਹਨਾਂ ਕਿਹਾ ਕਿ ਲੋਕਤੰਤਰ ਦੇ ਕਤਲ ਪਿੱਛੇ ਜ਼ਿੰਮੇਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੁਣ ਕੁਰਸੀ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਰਹਿ ਗਿਆ ਅਤੇ ਉਹਨਾਂ ਨੂੰ ਫੌਰੀ ਅਸਤੀਫਾ ਦੇਣਾ ਚਾਹੀਦਾ ਹੈ।
- PTC NEWS