ਜ਼ੀਰਾ ਸ਼ਰਾਬ ਫੈਕਟਰੀ ਮਾਮਲਾ: 48 ਧਰਨਾਕਾਰੀਆਂ ਨੂੰ ਮਿਲੀ ਜ਼ਮਾਨਤ
ਫਿਰੋਜ਼ਪੁਰ : ਫਿਰੋਜ਼ਪੁਰ ਦੇ ਜੀਰਾ ਵਿਖੇ ਸਥਿਤ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਗ੍ਰਿਫਤਾਰ ਕੀਤੇ ਗਏ 48 ਧਰਨਾਕਾਰੀਆਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਸ਼ਰਾਬ ਫੈਕਟਰੀ ਦੇ ਸਾਹਮਣੇ ਸਾਂਝੇ ਮੋਰਚੇ ਦਾ ਧਰਨਾ ਜਾਰੀ ਹੈ। ਕਰੀਬ 40 ਪਿੰਡਾਂ ਦੇ ਲੋਕ ਅਤੇ ਹੋਰ ਕਿਸਾਨ ਲਗਾਤਾਰ ਜੀਰਾ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੀ ਮੰਗ ਕਰ ਰਹੇ ਹਨ। ਦੱਸ ਦੇਈਏ ਕਿ 18 ਦਸੰਬਰ ਨੂੰ ਪੰਜਾਬ ਪੁਲਿਸ ਨੇ ਫੈਕਟਰੀ ਦੇ ਇੱਕ ਗੇਟ ਤੋਂ ਕਰੀਬ 1 ਕਿਲੋਮੀਟਰ ਦੂਰ ਲਗਾਇਆ ਗਿਆ ਧਰਨਾ ਚੁੱਕ ਲਿਆ। ਇਸ ਦੌਰਾਨ ਪੁਲੀਸ ਨੇ ਸਰਕਾਰੀ ਵਾਹਨਾਂ ਨੂੰ ਰੋਕਣ ਦੇ ਇਲਜ਼ਾਮ ਹੇਠ ਧਰਨਾਕਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ।
ਧਰਨਾਕਾਰੀਆਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਕਿਸਾਨਾਂ ਦੇ ਸਰਕਾਰ ਵੱਲੋਂ ਬਣਾਈ ਕਮੇਟੀ ਵਿੱਚ ਸ਼ਾਮਿਲ ਹੋਣ ਦੀ ਉਮੀਦ ਹੈ। ਮੰਨਿਆ ਜਾ ਰਿਹਾ ਹੈ ਕਿ ਕਿਸਾਨ ਜਥੇਬੰਦੀ ਦੇ ਆਗੂ ਤੇ ਹੋਰ ਹੁਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਗੱਲਬਾਤ ਕਰਕੇ ਕਮੇਟੀ ਦੇ ਮੈਂਬਰ ਬਣਨ ਲਈ ਰਾਜ਼ੀ ਹੋ ਜਾਣਗੇ।
ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਦੋ ਹਫ਼ਤਿਆਂ ਵਿੱਚ ਗਠਿਤ ਕਮੇਟੀ ਦੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ 4 ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਹੈ। ਇਸ ਵਿੱਚ ਪੰਜਾਬ ਦੇ ਸਾਰੇ ਮਾਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਹਾਈਕੋਰਟ ਵਿੱਚ ਪਿਛਲੀ ਸੁਣਵਾਈ ਦੌਰਾਨ ਸਰਪੰਚ ਦੇ ਵਕੀਲ ਨੇ ਕਿਹਾ ਕਿ ਅਸੀਂ ਫੈਕਟਰੀ ਦੇ ਮਾਲਕ ਤੇ ਪਰਿਵਾਰ ਨੂੰ ਸੱਦਾ ਕਿ ਉਹ ਇਕ ਹਫ਼ਤਾ ਸਾਡੇ ਨਾਲ ਰਹਿਣ ਤੇ ਉਹ ਪਾਣੀ ਪੀਣ। ਸਰਪੰਚ ਦੇ ਵਕੀਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੀ ਵਾਰ ਕਮੇਟੀਆਂ ਬਣਾਈਆਂ ਹਨ।
- PTC NEWS