ਜ਼ੀਰਾ ਸ਼ਰਾਬ ਫੈਕਟਰੀ ਧਰਨਾ: ਵੱਡੀ ਗਿਣਤੀ 'ਚ ਪੁਲਿਸ ਤਾਇਨਾਤ, ਮਾਹੌਲ ਤਣਾਅਪੂਰਨ
ਫਿਰੋਜ਼ਪੁਰ: ਵਿਧਾਨ ਸਭਾ ਹਲਕਾ ਜ਼ੀਰਾ ਦੇ ਨਾਲ ਲੱਗਦੇ ਪਿੰਡ ਰਟੋਲ ਰੋਹੀ ਵਿੱਚ ਬਣੀ ਮਾਲਬ੍ਰੋਜ਼ ਸ਼ਰਾਬ ਫੈਕਟਰੀ ਦੇ ਬਾਹਰ ਪਿਛਲੇ ਮਹੀਨਿਆਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪੁਲਿਸ ਫੋਰਸ ਵੱਡੀ ਗਿਣਤੀ ਵਿੱਚ ਤਾਇਨਾਤ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸਾਨਾਂ ਦੀ 11 ਮੈਂਬਰੀ ਕਮੇਟੀ ਬਣਾਈ ਜਾ ਰਹੀ ਹੈ।ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਧਰਨਾਕਾਰੀਆਂ ਦੀ ਪੰਜਾਬ ਸਰਕਾਰ ਨਾਲ ਸ਼ਾਮ ਨੂੰ 6 ਵਜੇ ਮੀਟਿੰਗ ਕਰਵਾਈ ਜਾ ਰਹੀ ਹੈ। ਇਹ ਮੀਟਿੰਗ ਸੀਐਮ ਦੀ ਰਿਹਾਇਸ ਉੱਤੇ ਹੋਵੇਗੀ।
ਦੱਸ ਦੇਈਏ ਕਿ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਕਾਨਫਰੰਸ ਕਰਕੇ ਕਿਹਾ ਹੈ ਕਿ ਹਾਈਕੋਰਟ ਵੱਲੋਂ ਧਰਨਾਕਾਰੀਆਂ ਦੇ ਨਾਂਅ ਅਤੇ ਜਾਇਦਾਦ ਦਾ ਵੇਰਵਾ ਮੰਗਿਆ ਸੀ।
ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਧਰਨਾ ਖ਼ਤਮ ਕਰਵਾਉਣ ਵਿੱਚ ਨਾਕਾਮ ਰਹੀ ਹੈ। ਇਸ ਲਈ ਹਾਈਕੋਰਟ ਨੇ ਸਰਕਾਰ ਨੂੰ 15 ਕਰੋੜ ਰੁਪਏ ਜ਼ੁਰਮਾਨਾ ਲਗਾਇਆ ਹੈ ਅਤੇ ਇਕ ਹਫ਼ਤੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਸਨ।
ਦੱਸ ਦੇਈਏ ਕਿ ਪਹਿਲਾਂ ਵੀ ਸਰਕਾਰ ਨੂੰ 5 ਕਰੋੜ ਰੁਪਏ ਜੁਰਮਾਨਾ ਲੱਗ ਚੁੱਕਾ ਹੈ। ਇਸ ਤੋਂ ਇਲਾਵਾ ਅਦਾਲਤ ਨੇ ਡੀਸੀ ਫ਼ਿਰੋਜ਼ਪੁਰ ਅਤੇ ਐਸਐਸਪੀ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਸੀ। ਕੋਰਟ ਨੇ ਕਿਹਾ ਕਿ ਕਿਉਂ ਨਾ ਤੁਹਾਡੇ ਖਿਲਾਫ ਅਦਾਲਤੀ ਹੁਕਮਾਂ ਦੀ ਉਲੰਘਣਾ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ।
- PTC NEWS